ਮੁਹਾਲੀ 'ਚ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਸੈਂਕੜੇ ਨੌਜਵਾਨ ਅਕਾਲੀ ਦਲ 'ਚ ਸ਼ਾਮਲ, ਪਰਵਿੰਦਰ ਸਿੰਘ ਬੈਦਵਾਨ ਨੇ ਕੀਤਾ ਸਵਾਗਤ
ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਵੱਡੀ ਗਿਣਤੀ ’ਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਮੁਹਾਲੀ ਸਮੇਤ ਪੂਰੇ ਪੰਜਾਬ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Publish Date: Wed, 30 Sep 2026 03:23 PM (IST)
Updated Date: Wed, 30 Sep 2026 03:26 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਇਲਾਕੇ ਦੇ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁਹਾਲੀ ਦੇ ਸੈਂਕੜੇ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਉਹ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਸਨ। ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਾਨ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਵੱਡੀ ਗਿਣਤੀ ’ਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਮੁਹਾਲੀ ਸਮੇਤ ਪੂਰੇ ਪੰਜਾਬ ’ਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸ੍ਰੀ ਬੈਦਵਾਨ ਨੇ ਕਿਹਾ ਕਿ ਨੌਜਵਾਨ ਵਰਗ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ’ਚ ਅਹਿਮ ਭੂਮਿਕਾ ਨਿਭਾ ਸਕਦਾ ਹੈ ਅਤੇ ਅਗਲ੍ਹੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਨੌਜਵਾਨਾਂ ਦੀ ਭੂਮਿਕਾ ਅਹਿ ਹੋਵੇਗੀ।
ਅਕਾਲੀ ਆਗੂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਨੌਜਵਾਨ ਆਸਵੰਦ ਹਨ ਕਿ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣਨ ’ਤੇ ਉਨ੍ਹਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਹਰੇਕ ਨੌਜਵਾਨ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਦੀ ਸਹਾਇਤਾ ਦੇਣ ਦੀ ਤਜਵੀਜ਼ ਨੌਜਵਾਨ ਮੁੰਡੇ-ਕੁੜੀਆਂ ’ਚ ਚਰਚਾ ਦਾ ਵਿਸ਼ਾ ਬਣ ਰਹੀ ਹੈ। ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਸ੍ਰੀ ਬੈਦਵਾਨ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਹਥਿਆਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਾਢੇ ਚਾਰ ਸਾਲਾਂ ਵਿਚ ਨੌਜਵਾਨਾਂ ਦੀ ਸਾਰ ਨਹੀਂ ਲਈ। ਕਿਸਾਨ, ਮੁਲਾਜ਼ਮ ਵਰਗ ਅਤੇ ਬੀਬੀਆਂ ਇਨਸਾਫ਼ ਲਈ ਸੜਕਾਂ ’ਤੇ ਹਨ। ਜਿਸ ਕਾਰਨ ਸੂਬੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਅਤੇ ਮੁਲਾਜ਼ਮਾਂ ਦਾ ਮਾਨ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ।