- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕਾ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮਾਈਨਿੰਗ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਹਲਕਾ ਡੇਰਾਬੱਸੀ ਦੇ ਅਧੀਨ ਆਉਂਦੇ ਪਿੰਡ ਕਕਰਾਲੀ ਵਿਖੇ ਲੰਘਦੇ ਘੱਗਰ ਦਰਿਆ ਅਤੇ ਇਸ ਦੇ ਕੰਢਿਆਂ ਤੋਂ ਰਾਤ ਦੇ ਹਨੇਰੇ ਵਿਚ ਨਾਜਾਇਜ਼ ਮਾਈਨਿੰਗ (ਗ਼ੈਰ-ਕਾਨੂੰਨੀ ਖਣਨ) ਦਾ ਧੰਦਾ ਬੇਖ਼ੌਫ਼ ਜਾਰੀ ਹੈ। ਮਾਈਨਿੰਗ ਮਾਫ਼ੀਆ ਵੱਲੋਂ ਕੁਦਰਤੀ ਸਰੋਤਾਂ ਦੀ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਹਰ ਰੋਜ਼ ਕਰੋੜਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮਾਈਨਿੰਗ ਵਿਭਾਗ ਦੇ ਉੱਚ ਅਧਿਕਾਰੀ ਸਭ ਕੁਝ ਜਾਣਦੇ ਹੋਏ ਵੀ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਦਿਨ ਵੇਲੇ ਇੱਥੇ ਪੂਰੀ ਸ਼ਾਂਤੀ ਹੁੰਦੀ ਹੈ, ਪਰ ਜਿਵੇਂ ਹੀ ਰਾਤ ਦਾ ਹਨੇਰਾ ਫੈਲਦਾ ਹੈ, ਘੱਗਰ ਦਰਿਆ ਦੇ ਕੰਢੇ ਜੇਸੀਬੀ ਮਸ਼ੀਨਾਂ ਅਤੇ ਟਿੱਪਰਾਂ ਦੀ ਗੜਗੜਾਹਟ ਨਾਲ ਗੂੰਜ ਉੱਠਦੇ ਹਨ। ਇਸ ਨਾਜਾਇਜ਼ ਖਣਨ ਕਾਰਨ ਜਿੱਥੇ ਪੰਜਾਬ ਸਰਕਾਰ ਨੂੰ ਮਿਲਣ ਵਾਲੇ ਮਾਲੀਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਉੱਥੇ ਹੀ ਘੱਗਰ ਦਰਿਆ ਦੇ ਕੁਦਰਤੀ ਵਹਾਅ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਹੈ। ਦਰਿਆ ਦੇ ਕੰਢੇ ਡੂੰਘੇ ਹੋਣ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦੀਆਂ ਜ਼ਮੀਨਾਂ ਅਤੇ ਫ਼ਸਲਾਂ ਦੇ ਦਰਿਆ ਵਿਚ ਹੜ੍ਹਨ ਦਾ ਖ਼ਤਰਾ ਵੀ ਬਹੁਤ ਜ਼ਿਆਦਾ ਵੱਧ ਗਿਆ ਹੈ।ਸਥਾਨਕ ਪਿੰਡ ਵਾਸਿਆਂ ਦਾ ਦੋਸ਼ ਹੈ ਕਿ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਮਾਈਨਿੰਗ ਵਿਭਾਗ ਦੇ ਅਧਿਕਾਰੀ ਅਤੇ ਸਥਾਨਕ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਨਹੀਂ ਕਰ ਰਿਹਾ।
ਇਲਾਕਾ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮਾਈਨਿੰਗ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜਦੋਂ ਇਸ ਸਬੰਧੀ ਮਾਈਨਿੰਗ ਵਿਭਾਗ ਦੇ ਐੱਸਡੀਓ ਰਾਜਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਜਵਾਬ ਲੈਣ ਦੀ ਗੱਲ ਤਾਂ ਦੂਰ ਫੋਨ ਚੁੱਕਣਾ ਵੀ ਮੁਨਾਸਿਬ ਨਹੀਂ ਸਮਝਿਆ। ਜਿਸ ਕਾਰਨ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ।