ਆਜ਼ਾਦੀ ਦਿਹਾੜਾ 2026: ਮੁਹਾਲੀ 'ਚ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਤਿਰੰਗਾ; ਡੀਸੀ ਕੋਮਲ ਮਿੱਤਲ ਨੇ ਲਿਆ ਤਿਆਰੀਆਂ ਦਾ ਜਾਇਜ਼ਾ ਮੁਹਾਲੀ ਪ੍ਰਸ਼ਾਸਨ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਹੋਣਗੇ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਇਸ ਦੌਰਾਨ ਵਿਕਾਸਮੁਖੀ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਫਲੈਗਸ਼ਿਪ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਇਆ ਜਾਵੇਗਾ।
Publish Date: Tue, 11 Aug 2026 11:17 AM (IST)
Updated Date: Tue, 11 Aug 2026 11:18 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਪ੍ਰਸ਼ਾਸਨ ਵੱਲੋਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਹੋਣਗੇ ਅਤੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ। ਇਸ ਦੌਰਾਨ ਵਿਕਾਸਮੁਖੀ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ, ਫਲੈਗਸ਼ਿਪ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਇਆ ਜਾਵੇਗਾ।
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਅਗਾਊਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅੱਜ ਸਮਾਗਮ ਸਬੰਧੀ ਰਿਹਰਸਲਾਂ ਵੀ ਸ਼ੁਰੂ ਹੋਈਆਂ ਅਤੇ 13 ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
ਡੀਸੀ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਸੌਂਪਦਿਆਂ ਹਦਾਇਤ ਕੀਤੀ ਕਿ ਆਜ਼ਾਦੀ ਦਿਵਸ ਨਾਲ ਸਬੰਧਤ ਸਾਰੇ ਪ੍ਰਬੰਧ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤੇ ਜਾਣ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ, ਮਾਰਚ ਪਾਸਟ ਅਤੇ ਹੋਰ ਗਤੀਵਿਧੀਆਂ ਦੀ ਰਿਹਰਸਲ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਸਮਾਗਮ ਵਾਲੇ ਮੈਦਾਨ ਦੀ ਮੁਕੰਮਲ ਸਫ਼ਾਈ ਯਕੀਨੀ ਬਣਾਉਣ ਅਤੇ ਟਰੈਕ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਕਿਹਾ।
ਸ੍ਰੀਮਤੀ ਮਿੱਤਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅਥਾਹ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਵੀਰ ਨਾਰੀਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਨਮਾਨ ਲਈ ਲੋੜੀਂਦੇ ਪ੍ਰਬੰਧ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਰਿਹਰਸਲ ਦੇ ਦਿਨਾਂ ਅਤੇ ਮੁੱਖ ਸਮਾਗਮ ਦੌਰਾਨ ਮੈਡੀਕਲ ਟੀਮ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਐਮਰਜੈਂਸੀ ਸਥਿਤੀ ਵਿਚ ਤੁਰੰਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਡੀਸੀ ਨੇ ਦੱਸਿਆ ਕਿ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਰਿਹਰਸਲ ਤੋਂ ਪਹਿਲਾਂ ਸਾਰੀਆਂ ਜ਼ਿੰਮੇਵਾਰੀਆਂ ਮੁਕੰਮਲ ਕਰਨ ਲਈ ਆਪਸੀ ਤਾਲਮੇਲ ’ਤੇ ਜ਼ੋਰ ਦਿੱਤਾ।
ਇਸ ਮੌਕੇ ਏਡੀਸੀ ਸ੍ਰੀਮਤੀ ਗੀਤਿਕਾ ਸਿੰਘ ਤੇ ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਸੰਯੁਕਤ ਕਮਿਸ਼ਨਰ ਨਵਦੀਪ ਸਿੰਘ, ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।