ਮੌਤ ਪਿੱਛੇ ਕੋਈ ਡੂੰਘੀ ਸਾਜ਼ਿਸ਼? ਔਰਤ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਦਾ ਹੰਗਾਮਾ, ਪਤੀ ਤੇ ਸਾਥੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਪਿੰਡ ਖਿਆਸਪੁਰਾ ਦੇ ਵਾਸੀ ਹਰਪ੍ਰੀਤ ਸਿੰਘ ਨੇ ਆਪਣੀ ਭੈਣ ਉਪਨੀਤ ਕੌਰ ਦੀ ਭੇਦਭਰੇ ਹਾਲਾਤਾਂ ਵਿਚ ਹੋਈ ਮੌਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਸ ਨੇ ਉਪਨੀਤ ਦੇ ਪਤੀ ਅਤੇ ਉਸ ਦੇ ਸਾਥੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਅਨੁਸਾਰ ਉਪਨੀਤ ਦੀ ਮੌਤ ਰੇਲਗੱਡੀ ਹੇਠਾਂ ਆਉਣ ਕਾਰਨ ਦੱਸੀ ਗਈ ਹੈ, ਪਰ ਇਹ ਹਾਦਸਾ ਸੀ ਜਾਂ ਕਿਸੇ ਸਾਜ਼ਿਸ਼ ਤਹਿਤ ਧੱਕਾ ਦਿੱਤਾ ਗਿਆ, ਇਸ ਬਾਰੇ ਉਨ੍ਹਾਂ ਨੂੰ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
Publish Date: Sat, 22 Aug 2026 12:05 PM (IST)
Updated Date: Sat, 22 Aug 2026 12:07 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮਹਾਲੀ : ਪਿੰਡ ਖਿਆਸਪੁਰਾ ਦੇ ਵਾਸੀ ਹਰਪ੍ਰੀਤ ਸਿੰਘ ਨੇ ਆਪਣੀ ਭੈਣ ਉਪਨੀਤ ਕੌਰ ਦੀ ਭੇਦਭਰੇ ਹਾਲਾਤਾਂ ਵਿਚ ਹੋਈ ਮੌਤ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਸ ਨੇ ਉਪਨੀਤ ਦੇ ਪਤੀ ਅਤੇ ਉਸ ਦੇ ਸਾਥੀ ਸਮੇਤ ਹੋਰਨਾਂ ਖ਼ਿਲਾਫ਼ ਮਾਮਲੇ ਦੀ ਨਿਰਪੱਖ ਜਾਂਚ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰ ਅਨੁਸਾਰ ਉਪਨੀਤ ਦੀ ਮੌਤ ਰੇਲਗੱਡੀ ਹੇਠਾਂ ਆਉਣ ਕਾਰਨ ਦੱਸੀ ਗਈ ਹੈ, ਪਰ ਇਹ ਹਾਦਸਾ ਸੀ ਜਾਂ ਕਿਸੇ ਸਾਜ਼ਿਸ਼ ਤਹਿਤ ਧੱਕਾ ਦਿੱਤਾ ਗਿਆ, ਇਸ ਬਾਰੇ ਉਨ੍ਹਾਂ ਨੂੰ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।
ਮ੍ਰਿਤਕਾ ਦੇ ਭਰਾ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਪਰਿਵਾਰ ਨੂੰ ਬੀਤੇ ਦਿਨ ਅਚਾਨਕ ਮੌਤ ਦੀ ਜਾਣਕਾਰੀ ਮਿਲੀ ਅਤੇ ਘਟਨਾ ਸਬੰਧੀ ਪਹਿਲਾਂ ਕੋਈ ਸੂਚਨਾ ਨਹੀਂ ਦਿੱਤੀ ਗਈ। ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਸਦੀ ਭੈਣ ਦਾ ਆਪਣੇ ਪਤੀ ਨਾਲ ਪਿਛਲੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਪਰਿਵਾਰ ਨੂੰ ਦੱਸੇ ਬਿਨਾਂ ਹੀ ਮ੍ਰਿਤਕਾ ਦਾ ਸਸਕਾਰ ਕਰ ਦਿੱਤਾ ਗਿਆ, ਜਦਕਿ ਉਨ੍ਹਾਂ ਨੂੰ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅਸਥੀ-ਫੁੱਲ ਮਿਲੇ ਹਨ। ਹਰਪ੍ਰੀਤ ਅਨੁਸਾਰ, ਮੌਤ ਤੋਂ ਕੁਝ ਦਿਨ ਪਹਿਲਾਂ ਉਪਨੀਤ ਨੇ ਵਟਸਐੱਪ ’ਤੇ ਹੱਥ ਨਾਲ ਲਿਖਿਆ ਇਕ ਨੋਟ ਭੇਜਿਆ ਸੀ, ਜਿਸ ਵਿਚ ਉਸ ਨੇ ਆਪਣੇ ਪਤੀ ਅਤੇ ਉਸ ਦੇ ਸਾਥੀ ਤੋਂ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਜਤਾਇਆ ਸੀ। ਪਤੀ ਦੇ ਕਿਸੇ ਹੋਰ ਮਹਿਲਾ ਨਾਲ ਕਥਿਤ ਸਬੰਧਾਂ ਨੂੰ ਲੈ ਕੇ ਦੋਵਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ। ਪਰਿਵਾਰ ਨੇ ਉਕਤ ਨੋਟ ਜਾਂਚ ਲਈ ਪੁਲਿਸ ਨੂੰ ਸੌਂਪਿਆ ਹੈ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦਿਆਂ ਪਰਿਵਾਰ ਨੇ ਐੱਸਐੱਸਪੀ ਰੂਪਨਗਰ ਅਤੇ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਰਾਹੀਂ ਐੱਸਐੱਸਪੀ ਮੁਹਾਲੀ ਨੂੰ ਦਰਖਾਸਤ ਦਿੱਤੀ ਹੈ। ਪਰਿਵਾਰ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਹ ਅਸਥੀ-ਫੁੱਲ ਜਲ-ਪ੍ਰਵਾਹ ਨਹੀਂ ਕਰਨਗੇ ਅਤੇ ਜਲਦ ਇਨਸਾਫ਼ ਨਾ ਮਿਲਣ ’ਤੇ ਤਿੱਖਾ ਧਰਨਾ-ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਪਰਿਵਾਰ ਨੇ ਮੌਤ ਦੇ ਅਸਲ ਕਾਰਨਾਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।