ਮੁਹਾਲੀ 'ਚ ਗਰਮਾਇਆ ਮੁੱਦਾ, ਕਈ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਸਫ਼ਾਈ ਮੁਲਾਜ਼ਮਾਂ ਨੇ ਘੇਰਿਆ 'ਆਪ' ਵਿਧਾਇਕ ਦਾ ਦਫ਼ਤਰ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਹਨ।
Publish Date: Wed, 16 Sep 2026 01:16 PM (IST)
Updated Date: Wed, 16 Sep 2026 01:17 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀਆਂ ਵੱਲੋਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸਫ਼ਾਈ ਕਰਮਚਾਰੀ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਹਨ।
ਇਸ ਦੌਰਾਨ ਪ੍ਰਦਰਸ਼ਨਕਾਰੀ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸਫ਼ਾਈ ਕਰਮਚਾਰੀਆਂ ਅਤੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕਰਦੇ ਆ ਰਹੇ ਹਨ, ਪਰ ਅਧਿਕਾਰੀਆਂ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਵਿਧਾਇਕ ਦੇ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਕਰਮਚਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਨੇ ਜਲਦੀ ਹੀ ਉਨ੍ਹਾਂ ਨਾਲ ਗੱਲਬਾਤ ਕਰਕੇ ਮੰਗਾਂ ਨਾ ਮੰਨੀਆਂ, ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਮੁਹਾਲੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਵਿਧਾਇਕ ਦੇ ਦਫ਼ਤਰ ਦੇ ਅੰਦਰਲੇ ਹਿੱਸੇ ਅਤੇ ਬਾਹਰ ਸੋਹਾਣਾ ਥਾਣੇ ਦੇ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।