ਇਨਸਾਫ਼ ਦੀ ਗੁਹਾਰ: ਤਿੰਨ ਦਿਨ ਬੀਤਣ ਮਗਰੋਂ ਵੀ ਢਾਈ ਸਾਲਾ ਮਾਸੂਮ ਦੇ ਕਾਤਲਾਂ ਤੱਕ ਨਹੀਂ ਪਹੁੰਚੀ ਪੁਲਿਸ; ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤੀ ਨਾਂਹ, ਹਾਈਵੇ ਜਾਮ ਦੀ ਚਿਤਾਵਨੀ
ਮਾਮਲੇ ਦੀ ਜਾਂਚ ਲਈ ਪਿੰਡ ਬੱਲੋਪੁਰ ਪਹੁੰਚੇ ਡੀਐੱਸਪੀ ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਮਾਮਲੇ ਨੂੰ ਕਾਫ਼ੀ ਹੱਦ ਤੱਕ ਸੁਲਝਾ ਲਿਆ ਹੈ ਅਤੇ ਜਲਦੀ ਹੀ ਇਸ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਅਤੇ ਕਤਲ ਸਬੰਧੀ ਸਥਿਤੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
Publish Date: Wed, 18 Nov 2026 11:24 AM (IST)
Updated Date: Wed, 18 Nov 2026 11:26 AM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ, ਲਾਲੜੂ : ਪਿੰਡ ਬੱਲੋਪੁਰ ’ਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਦੇ ਤਿੰਨ ਦਿਨ (72 ਘੰਟੇ ਬੀਤ ਜਾਣ ਦੇ ਬਾਵਜੂਦ) ਪੁਲਿਸ ਅਜੇ ਤੱਕ ਇਸ ਮਾਮਲੇ ਦੇ ਮੁਲਜ਼ਮਾਂ ਤੱਕ ਪਹੁੰਚਣ ’ਚ ਕਾਮਯਾਬ ਨਹੀਂ ਹੋ ਸਕੀ। ਪੁਲਿਸ ਦੇ ਹੱਥ ਖਾਲੀ ਹੋਣ ਕਾਰਨ ਪੀੜਤ ਪਰਿਵਾਰ ’ਚ ਰੋਸ ਵੱਧਦਾ ਜਾ ਰਿਹਾ ਹੈ। ਦੂਜੇ ਪਾਸੇ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਤੱਕ ਮਾਸੂਮ ਦੇ ਪੋਸਟਮਾਰਟਮ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਲਈ ਪਿੰਡ ਬੱਲੋਪੁਰ ਪਹੁੰਚੇ ਡੀਐੱਸਪੀ ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਮਾਮਲੇ ਨੂੰ ਕਾਫ਼ੀ ਹੱਦ ਤੱਕ ਸੁਲਝਾ ਲਿਆ ਹੈ ਅਤੇ ਜਲਦੀ ਹੀ ਇਸ ਦਾ ਖ਼ੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਅਤੇ ਕਤਲ ਸਬੰਧੀ ਸਥਿਤੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
ਮੌਤ ਲਈ ਜ਼ਿੰਮੇਵਾਰ ਵਿਅਕਤੀ ਨੂੰ ਪੁਲਿਸ ਗ੍ਰਿਫ਼ਤਾਰ ਕਰੋ, ਫਿਰ ਹੋਵੇਗਾ ਪੋਸਟਮਾਰਟਮ ਦੂਜੇ ਪਾਸੇ ਮ੍ਰਿਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਚੇ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਨੂੰ ਪੁਲਿਸ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਕੁਝ ਹੋਰ ਸਮਾਂ ਦਿੱਤਾ ਗਿਆ ਹੈ। ਪਰਿਵਾਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਇਸ ਸਮੇਂ ਦੌਰਾਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਅਸਫ਼ਲ ਰਹੀ ਤਾਂ ਉਹ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।
ਮਾਸੂਮ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਰਿਸ਼ਤੇਦਾਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦਾ ਲਗਾਤਾਰ ਪਹੁੰਚਣਾ ਜਾਰੀ ਹੈ। ਪਰਿਵਾਰ ਆਪਣੇ ਬੱਚੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ’ਤੇ ਅੜਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਜਾਂਚ ਦੌਰਾਨ ਕਦੋਂ ਤੱਕ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਦੀ ਹੈ।
ਵਾਲਮੀਕਿ ਸ਼ਕਤੀ ਸੰਗਠਨ ਵੱਲੋਂ ਜਾਮ ਲਗਾਉਣ ਦੀ ਚਿਤਾਵਨੀ ਪੰਜਾਬ ਵਾਲਮੀਕਿ ਸ਼ਕਤੀ ਸੰਗਠਨ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਰੋਕੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਵੇਰੇ 10 ਵਜੇ ਤੱਕ ਮਾਸੂਮ ਦੇ ਕਾਤਲਾਂ ਦਾ ਸੁਰਾਗ ਨਹੀਂ ਮਿਲਿਆ ਤਾਂ ਉਹ ਸਵੇਰੇ 10 ਵਜੇ ਤੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਸਥਿਤ ਆਈਟੀਆਈ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 3 ਵਜੇ ਤੋਂ ਬਾਅਦ ਪੂਰੇ ਪੰਜਾਬ ’ਚ ਵੱਖ-ਵੱਖ ਥਾਈਂ ਧਰਨੇ ਪ੍ਰਦਰਸ਼ਨ ਦਾ ਪ੍ਰੋਗਰਾਮ ਵੀ ਉਲਿਕਿਆ ਜਾਵੇਗਾ।