ਜੇਐੱਸ ਕਲੇਰ, ਜ਼ੀਰਕਪੁਰ : ਅੱਜ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ ਜਿਸ ਦੇ ਚਲਦਿਆਂ ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਰੱਖਿਆ ਗਿਆ ਹੈ। ਇਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਸਪਾਲ ਸਿੰਘ ਸਰਪੰਚ ਦੀ ਅਗਵਾਈ 'ਚ ਜ਼ੀਰਕਪੁਰ ਤੋਂ ਵੱਡੀ ਗਿਣਤੀ 'ਚ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਜਸਪਾਲ ਸਿੰਘ ਸਰਪੰਚ ਨੇ ਕਿਹਾ ਕਿ ਪੰਜਾਬੀਆਂ ਦੀ ਲੰਮੀ ਉਡੀਕ ਨੂੰ ਖ਼ਤਮ ਕਰਦਿਆਂ ਆਲ ਇੰਡੀਆ ਕਾਂਗਰਸ ਨੇ ਸੂਬੇ ਦੀ ਕਮਾਂਡ ਨਵਜੋਤ ਸਿੰਘ ਸਿੱਧੂ ਦੇ ਹੱਥ ਫੜ੍ਹਾਉਣ ਮਗਰੋਂ ਵਿਧਾਨ ਸਭਾ ਹਲਕਾ ਡੇਰਾਬਸੀ ਦੇ ਕਾਂਗਰਸੀਆਂ 'ਚ ਜਿੱਥੇ ਉਤਸ਼ਾਹ ਭਰ ਗਿਆ ਹੈ, ਉੱਥੇ ਹੀ ਕਾਂਗਰਸ ਦੇ ਪੱਖ ’ਚ ਮੁੜ ਹਨੇਰੀ ਝੁੱਲਣ ਲੱਗੀ ਹੈ ਕਿਉਂਕਿ ਸਿੱਧੂ ਪੰਜਾਬੀਆਂ ਦੇ ਸਭ ਤੋਂ ਵੱਧ ਪਸੰਦੀਦਾ ਆਗੂ ਹਨ।

ਜਸਪਾਲ ਸਿੰਘ ਨੇ ਸਿੱਧੂ ਨੂੰ ਕਾਂਗਰਸ ਦਾ ਭਵਿੱਖ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ 2022 'ਚ ਮੁੜ ਕਾਂਗਰਸ ਦੇ ਸੱਤਾ 'ਚ ਆਉਣ ਦਾ ਮੁੱਢ ਬੱਝ ਗਿਆ ਹੈ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜੀਆਂ ਅਤੇ ਚੇਅਰਮੈਨ ਪਵਨ ਗੋਇਲ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਚਾਰੇ ਪ੍ਰਦੇਸ਼ ਕਾਂਗਰਸ ਦੇ ਸਾਰੇ ਵਰਕਰਾਂ ਤੇ ਹੋਰ ਆਗੂਆਂ ਨਾਲ ਸਹੀ ਤਾਲਮੇਲ ਬਣਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਵਿਚ ਬਦਲਾਅ ਚਾਹੁੰਦੇ ਸਨ ਅਤੇ ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਪਾਰਟੀ ਦੀ ਕਮਾਨ ਸੌਂਪ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਹੈ। ਇਸ ਦੌਰਾਨ ਕਾਂਗਰਸੀਆਂ ਨੇ ਨਵਜੋਤ ਸਿੰਘ ਸਿੱਧੂ ਜ਼ਿੰਦਾਬਾਦ, ਜਸਪਾਲ ਸਿੰਘ ਸਰਪੰਚ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ।

Posted By: Amita Verma