ਮੁਹਾਲੀ ਪੁਲਿਸ ਨੇ ਸੁਲਝਾਈ ਢਾਈ ਸਾਲਾ ਬੱਚੇ ਦੇ ਕਤਲ ਦੀ ਗੁੱਥੀ, ਮਾਮਲੇ 'ਚ ਇੱਕ ਮਹਿਲਾ ਗ੍ਰਿਫ਼ਤਾਰ; ਗੁਆਂਢੀ ਦੀ ਛੱਤ ਤੋਂ ਮਿਲੀ ਸੀ ਮਾਸੂਮ ਲਾਸ਼
ਮੁਹਾਲੀ ਪੁਲਿਸ ਨੇ ਲਾਲੜੂ ਥਾਣਾ ਖੇਤਰ ਵਿੱਚ ਵਾਪਰੇ ਮਾਸੂਮ ਬੱਚੇ ਦੇ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਕਥਿਤ ਤੌਰ ’ਤੇ ਮਾਨਸਿਕ ਤਣਾਅ ਅਤੇ ਪਰੇਸ਼ਾਨੀ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
Publish Date: Thu, 19 Nov 2026 12:57 PM (IST)
Updated Date: Thu, 19 Nov 2026 12:59 PM (IST)
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਪੁਲਿਸ ਨੇ ਲਾਲੜੂ ਥਾਣਾ ਖੇਤਰ ਵਿੱਚ ਵਾਪਰੇ ਮਾਸੂਮ ਬੱਚੇ ਦੇ ਕਤਲ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਕਥਿਤ ਤੌਰ ’ਤੇ ਮਾਨਸਿਕ ਤਣਾਅ ਅਤੇ ਪਰੇਸ਼ਾਨੀ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਗੁਆਂਢੀ ਦੀ ਛੱਤ ਤੋਂ ਮਿਲੀ ਸੀ ਲਾਸ਼ ਐੱਸਪੀ ਜਸਪਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਨਵੰਬਰ 2026 ਨੂੰ ਗੁਰਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਬੱਲੇਪੁਰ, ਥਾਣਾ ਲਾਲੜੂ ਨੇ ਪੁਲਿਸ ਨੂੰ ਇਤਲਾਹ ਦਿੱਤੀ ਸੀ ਕਿ ਉਸ ਦਾ ਕਰੀਬ ਢਾਈ ਸਾਲਾ ਬੱਚਾ ਗੁਰਸਾਝ ਸਿੰਘ 14 ਨਵੰਬਰ ਨੂੰ ਦੁਪਹਿਰ ਕਰੀਬ 1:30 ਵਜੇ ਘਰ ਦੇ ਬਾਹਰ ਖੇਡਦਾ ਹੋਇਆ ਲਾਪਤਾ ਹੋ ਗਿਆ ਸੀ। ਭਾਲ ਦੌਰਾਨ 15 ਨਵੰਬਰ ਦੀ ਸਵੇਰ ਨੂੰ ਬੱਚੇ ਦੀ ਲਾਸ਼ ਗੁਆਂਢੀ ਰਾਜਬੀਰ ਸਿੰਘ ਦੇ ਘਰ ਦੀ ਛੱਤ ਤੋਂ ਮਿਲੀ ਸੀ, ਜਿਸ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।
ਐੱਸਐੱਸਪੀ ਦੇ ਨਿਰਦੇਸ਼ਾਂ ’ਤੇ ਬਣਾਈਆਂ ਗਈਆਂ ਸਨ ਵਿਸ਼ੇਸ਼ ਜਾਂਚ ਟੀਮਾਂ ਇਸ ਸਬੰਧ ਵਿੱਚ ਥਾਣਾ ਲਾਲੜੂ ਵਿਖੇ 15 ਨਵੰਬਰ 2026 ਨੂੰ ਬੀ.ਐਨ.ਐਸ. ਦੀ ਧਾਰਾ 140(1) ਅਤੇ 103(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਐੱਸਐੱਸਪੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸਪੀ (ਦਿਹਾਤੀ) ਜਸਪਿੰਦਰ ਸਿੰਘ ਗਿੱਲ ਅਤੇ ਡੀਐੱਸਪੀ (ਸਥਾਨਕ) ਵਰਿੰਦਰ ਸਿੰਘ ਖੋਸਾ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ, ਸਪੈਸ਼ਲ ਸੈੱਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਥਾਣਾ ਲਾਲੜੂ ਦੇ ਮੁੱਖ ਅਫ਼ਸਰ ਇੰਸਪੈਕਟਰ ਆਕਾਸ਼ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ।
ਗਰਭਪਾਤ ਕਾਰਨ ਮਾਨਸਿਕ ਤਣਾਅ ਵਿੱਚ ਸੀ ਮੁਲਜ਼ਮ ਪੁਲਿਸ ਟੀਮਾਂ ਨੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਤਕਨੀਕੀ ਅਤੇ ਵਿਗਿਆਨਕ ਸਬੂਤਾਂ ਦੇ ਆਧਾਰ ’ਤੇ ਜਾਂਚ ਕਰਦਿਆਂ 19 ਨਵੰਬਰ 2026 ਨੂੰ ਮੁਲਜ਼ਮ ਸੋਨਿਕਾ ਪਤਨੀ ਰੇਸ਼ਮ ਵਾਸੀ ਪਿੰਡ ਬੱਲੇਪੁਰ, ਥਾਣਾ ਲਾਲੜੂ (ਉਮਰ ਕਰੀਬ 20 ਸਾਲ) ਨੂੰ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਕਥਿਤ ਤੌਰ ’ਤੇ ਮੰਨਿਆ ਕਿ ਉਸ ਨੇ ਬੱਚੇ ਨੂੰ ਅਗਵਾ ਕਰਕੇ ਕਤਲ ਕੀਤਾ ਅਤੇ ਲਾਸ਼ ਘਰ ਦੀ ਛੱਤ ’ਤੇ ਰੱਖ ਦਿੱਤੀ। ਪੁਲਿਸ ਅਨੁਸਾਰ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਦਿਨ ਪਹਿਲਾਂ ਮੁਲਜ਼ਮ ਦਾ ਗਰਭਪਾਤ ਹੋਇਆ ਸੀ, ਜਿਸ ਕਾਰਨ ਉਹ ਮਾਨਸਿਕ ਤਣਾਅ ਅਤੇ ਪਰੇਸ਼ਾਨੀ ਵਿੱਚ ਸੀ ਅਤੇ ਗੁੱਸੇ ਵਿੱਚ ਆ ਕੇ ਉਸ ਨੇ ਇਹ ਕਦਮ ਚੁੱਕਿਆ।
ਵਾਰਦਾਤ ਵਿੱਚ ਵਰਤਿਆ ਸਾਮਾਨ ਬਰਾਮਦ ਪੁਲਿਸ ਨੇ ਵਾਰਦਾਤ ਵਿੱਚ ਵਰਤੇ ਗਏ ਕੰਬਲ ਅਤੇ ਚਾਦਰ ਬਰਾਮਦ ਕਰ ਲਏ ਹਨ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।