- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਬਿਜਲੀ, ਪਾਣੀ ਅਤੇ ਮੋਬਾਈਲ ਟਾਇਲਟ ਮੁਹੱਈਆ ਨਾ ਕਰਵਾਉਣ ਅਤੇ ਸਫ਼ਾਈ ਨਾ ਕਰਵਾਉਣ ’ਤੇ ਸਖਤ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਆਪਣੀਆਂ ਮੰਗਾਂ ਤੋਂ ਇਲਾਵਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦਾ ਸਬਰ ਨਾ ਪਰਖੇ, ਕਿਸਾਨ ਸੱਤ ਦਿਨ ਇੱਥੇ ਬੈਠਣ ਨਹੀਂ ਆਏ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਲਾਇਆ ਪੱਕਾ ਮੋਰਚਾ ਬੁੱਧਵਾਰ ਦੂਜੇ ਦਿਨ ’ਚ ਦਾਖ਼ਲ ਹੋ ਗਿਆ। ਅੱਜ ਸਵੇਰੇ 11 ਵਜੇ ਹੀ ਪੰਜਾਬ ਦੇ ਵੱਖ-ਵੱਖ ਪਿੰਡਾਂ ’ਚੋਂ ਹੋਰ ਕਿਸਾਨ ਤੇ ਮਜ਼ਦੂਰ, ਨੌਜਵਾਨ ਅਤੇ ਬੀਬੀਆਂ ਨੇ ਕਾਫ਼ਲਿਆਂ ਦੇ ਰੂਪ ’ਚ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ ਦੋ ਵਜੇ ਤੱਕ ਵੱਡੀ ਭੀੜ੍ਹ ਜਮ੍ਹਾ ਹੋ ਗਈ। ਮੁਹਾਲੀ ਤੋਂ ਚੰਡੀਗੜ੍ਹ ਵਾਲੀ ਇਸ ਮੁੱਖ ਸੜਕ ’ਤੇ ਆਵਾਜਾਈ ਬੰਦ ਹੈ। ਬੁਲਾਰਿਆਂ ਨੇ ਗੰਨੇ ਦਾ ਭਾਅ 500 ਰੁਪਏ, ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦੇਣਾ, ਕਿਸਾਨੀ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਕੌਮਾਂਤਰੀ ਵਪਾਰ ਨੀਤੀਆਂ ਬਾਰੇ ਆਵਾਜ਼ ਬੁਲੰਦ ਕੀਤੀ।
ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲਾ ਅੰਨਦਾਤਾ ਅੱਜ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ਆਪਣੇ ਹੱਕਾਂ ਲਈ ਕਿਸਾਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਤੋਂ ਅੱਜ ਸਿਰਫ਼ ਕਿਸਾਨ ਹੀ ਨਹੀਂ ਬਲਕਿ ਸਾਰੇ ਵਰਗ ਦੁਖੀ ਹਨ।

ਰਾਜੇਵਾਲ ਨੇ ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਗੰਨਾ ਉਤਪਾਦਕਾਂ ਦੇ ਬਕਾਇਆ ਭੁਗਤਾਨ, ਕਰਜ਼ਾ-ਮੁਆਫ਼ੀ ਅਤੇ ਹੋਰ ਅਹਿਮ ਮਸਲਿਆਂ ਨੂੰ ਫੌਰੀ ਹੱਲ ਕੀਤਾ ਜਾਣਾ ਚਾਹੀਦਾ ਹੈ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰਨ ਅਤੇ ਗੰਨਾ ਉਤਪਾਦਕਾਂ ਦੀਆਂ ਰੁਕੀਆਂ ਅਦਾਇਗੀਆਂ ਸਮੇਂ ਸਿਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਰਾਣੇ ਜਲ-ਵੰਡ ਸਮਝੌਤਿਆਂ ਨੂੰ ਰੱਦ ਕੀਤੇ ਜਾਣ। ਮਨਜੀਤ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ, ਬਲਕਿ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਤਰਜ਼ੀਹ ਦਿੱਤੀ ਜਾਵੇ। ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਹੁਣ ਇੱਥੋਂ ਆਪਣੇ ਹੱਕ ਵਾਪਸ ਲੈ ਕੇ ਘਰਾਂ ਨੂੰ ਪਰਤੇਗਾ।
ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਜੇਕਰ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣੇ ਅਧੀਨ ਆਉਂਦੇ ਮਸਲਿਆਂ ਦਾ ਹੱਲ ਨਹੀਂ ਕੀਤਾ ਤਾਂ ਸੂਬੇ ਦਾ ਕਿਸਾਨ ਇਸ ਵਾਰ ਸਰਕਾਰਾਂ ਦੀ ਭੂਤਣੀ ਭੁਲਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਪ੍ਰਦਰਸ਼ਨ ਸੱਤ ਸਤੰਬਰ ਤੋਂ ਅੱਗੇ ਵੀ ਵਧ ਸਕਦਾ ਹੈ।
ਹਰਮੀਤ ਸਿੰਘ ਕਾਦੀਆਂ, ਪ੍ਰੇਮ ਸਿੰਘ ਭੰਗੂ, ਗੁਰਮੀਤ ਸਿੰਘ ਭੱਟੀਵਾਲ, ਜੰਗਵੀਰ ਸਿੰਘ ਚੌਹਾਨ, ਅਵਤਾਰ ਸਿੰਘ ਮਹਿਮਾ, ਜਸਕਰਨ ਸਿੰਘ ਸਰਾਂ, ਹਰਜਿੰਦਰ ਸਿੰਘ ਟਾਂਡਾ, ਭੁਪਿੰਦਰ ਸਿੰਘ ਔਲਖ, ਅੰਗਰੇਜ਼ ਸਿੰਘ ਭਦੌੜ, ਪਵਨ ਸੋਗਲਪੁਰ, ਮੁਕੇਸ਼ ਚੰਦਰ ਸ਼ਰਮਾ, ਦਰਸ਼ਨ ਸਿੰਘ ਜਟਾਣਾ, ਹਰਭਜਨ ਸਿੰਘ ਧੂੜ, ਨਿਰਭੈ ਸਿੰਘ ਢੁੱਡੀਕੇ, ਗੁਰਦੀਪ ਸਿੰਘ ਰਾਮਪੁਰਾ, ਬੂਟਾ ਸਿੰਘ ਬੁਰਜ ਗਿੱਲ, ਸੁਖਦੇਵ ਸਿੰਘ ਅਰਾਈਆਂ ਵਾਲਾ, ਪਵਿੱਤਰ ਸਿੰਘ ਲਾਲੀ, ਕੰਵਲਪ੍ਰੀਤ ਸਿੰਘ ਪੰਨੂ, ਡਾ. ਸਤਨਾਮ ਸਿੰਘ ਅਜਨਾਲਾ, ਮਹਾਂਵੀਰ ਸਿੰਘ ਗਿੱਲ, ਅਵਤਾਰ ਸਿੰਘ ਮਹਿਮਾ, ਅਵਤਾਰ ਸਿੰਘ ਮੇਹਲੋਂ, ਰਘਵੀਰ ਸਿੰਘ ਮਹਿਰਵਾਲ, ਮਲੂਕ ਸਿੰਘ ਹੀਰ ਕੇ, ਬਲਵਿੰਦਰ ਸਿੰਘ ਰਾਜੂ ਔਲਖ, ਸੁਰਜੀਤ ਸਿੰਘ ਭਾਦਸੋਂ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਸੁਖਮੰਦਰ ਸਿੰਘ, ਸੁਖਦੇਵ ਸਿੰਘ ਅਰਾਈਆਂਵਾਲਾ ਅਤੇ ਪ੍ਰਗਟ ਸਿੰਘ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਬਿਜਲੀ, ਪਾਣੀ ਅਤੇ ਮੋਬਾਈਲ ਟਾਇਲਟ ਮੁਹੱਈਆ ਨਾ ਕਰਵਾਉਣ ਅਤੇ ਸਫ਼ਾਈ ਨਾ ਕਰਵਾਉਣ ’ਤੇ ਸਖਤ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਕਿਸਾਨਾਂ ਨੇ ਆਪਣੀਆਂ ਮੰਗਾਂ ਤੋਂ ਇਲਾਵਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਦਾ ਸਬਰ ਨਾ ਪਰਖੇ, ਕਿਸਾਨ ਸੱਤ ਦਿਨ ਇੱਥੇ ਬੈਠਣ ਨਹੀਂ ਆਏ। ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਕਿਸਾਨ ਆਪਣੇ ਸੰਘਰਸ਼ ਨੂੰ ਅੱਗੇ ਵਧਾਉਣ ਲਈ ਮਜਬੂਰ ਹੋਣਗੇ ਅਤੇ ਕੋਈ ਹੋਰ ਕਾਰਵਾਈ ਵੀ ਅਗਲੇ ਦਿਨਾਂ ਵਿੱਚ ਕੀਤੀ ਜਾ ਸਕਦੀ ਹੈ।