- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਹਾਲੀ ਜ਼ਿਲ੍ਹੇ ਦੇ ਲਾਂਡਰਾਂ-ਬਨੂੜ ਮੁੱਖ ਮਾਰਗ 'ਤੇ ਐਂਟੀ-ਨਾਰਕੋਟਿਕ ਸੈੱਲ ਦੀ ਪੁਲਿਸ ਟੀਮ 'ਤੇ ਸ਼ੱਕੀਆਂ ਵੱਲੋਂ ਹਮਲਾ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਟੀਮ ਦੇ ਦੋ ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਜ਼ਿਲ੍ਹੇ ਦੇ ਲਾਂਡਰਾਂ-ਬਨੂੜ ਮੁੱਖ ਮਾਰਗ 'ਤੇ ਐਂਟੀ-ਨਾਰਕੋਟਿਕ ਸੈੱਲ ਦੀ ਪੁਲਿਸ ਟੀਮ 'ਤੇ ਸ਼ੱਕੀਆਂ ਵੱਲੋਂ ਹਮਲਾ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਡਿਊਟੀ 'ਤੇ ਤਾਇਨਾਤ ਪੁਲਿਸ ਟੀਮ ਦੇ ਦੋ ਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਐੱਸਪੀ (ਡੀ) ਸੌਰਵ ਜਿੰਦਲ ਨੇ ਦੱਸਿਆ ਕਿ ਪੁਲਿਸ ਨੂੰ ਪਿੰਡ ਸਨੇਟਾ ਨੇੜੇ ਹੈਰੋਇਨ ਦੀ ਇਕ ਵੱਡੀ ਖੇਪ ਦੀ ਡਲਿਵਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।
ਚੈਕਿੰਗ ਦੌਰਾਨ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਇਕ ਸਵਿਫ਼ਟ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਦੋਂ ਪੁਲਿਸ ਮੁਲਾਜ਼ਮਾਂ ਨੇ ਗੱਡੀ ’ਚ ਸਵਾਰ ਵਿਅਕਤੀਆਂ ਤੋਂ ਪੁੱਛਗਿੱਛ ਤੇ ਕਾਗ਼ਜ਼ਾਤ ਦੀ ਵੈਰੀਫਿਕੇਸ਼ਨ ਕਰਨੀ ਸ਼ੁਰੂ ਕੀਤੀ ਤਾਂ ਉਹ ਪੁਲਿਸ ਨਾਲ ਬਹਿਸਬਾਜ਼ੀ ਕਰਨ ਲੱਗ ਪਏ। ਇਸੇ ਦੌਰਾਨ ਗੱਡੀ 'ਚ ਮੌਜੂਦ ਸ਼ੱਕੀਆਂ ਨੇ ਫ਼ੋਨ ਕਰ ਕੇ ਆਪਣੇ ਹੋਰ ਸਾਥੀਆਂ ਨੂੰ ਮੌਕੇ ’ਤੇ ਬੁਲਾ ਲਿਆ। ਕੁਝ ਹੀ ਮਿੰਟਾਂ ’ਚ ਇਕ ਹੋਰ ਗੱਡੀ ’ਚ 3 ਤੋਂ 4 ਅਣਪਛਾਤੇ ਹਮਲਾਵਰ ਮੌਕੇ 'ਤੇ ਪਹੁੰਚੇ। ਉਨ੍ਹਾਂ ਆਉਂਦੇ ਹੀ ਪੁਲਿਸ ਪਾਰਟੀ 'ਤੇ ਅਚਾਨਕ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਨਾਲ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਅਚਾਨਕ ਹੋਏ ਹਮਲੇ ’ਚ ਪੁਲਿਸ ਟੀਮ ਦੇ ਦੋ ਜਵਾਨ ਜ਼ਖ਼ਮੀ ਹੋ ਗਏ।
ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਹਾਲਤ ਸਥਿਰ
ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਤੇ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੂੰ ਸਰਕਾਰੀ ਗੱਡੀ ਰਾਹੀਂ ਫੇਜ਼-6 ਸਥਿਤ ਸਿਵਲ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਮੁਲਾਜ਼ਮਾਂ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ ਤੇ ਸਥਿਰ ਬਣੀ ਹੋਈ ਹੈ।
ਪੁਲਿਸ ਵੱਲੋਂ ਜਾਂਚ ਤੇ ਜ਼ਿਲ੍ਹੇ ’ਚ ਨਾਕਾਬੰਦੀ
ਐੱਸਪੀ ਸੌਰਵ ਜਿੰਦਲ ਨੇ ਸਪੱਸ਼ਟ ਕੀਤਾ ਕਿ ਐੱਸਐੱਸਪੀ ਦੇ ਨਿਰਦੇਸ਼ਾਂ ਹੇਠ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਆਈਏ, ਸਪੈਸ਼ਲ ਆਪ੍ਰੇਸ਼ਨ ਸੈੱਲ ਤੇ ਸਬੰਧਤ ਥਾਣਿਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਪੁਲਿਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਫ਼ਰਾਰ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।