Mohali News : ਸੁਸਾਇਟੀ ਦੀ 10ਵੀਂ ਮੰਜ਼ਿਲ ਤੋਂ ਡਿੱਗਣ ਕਾਰਨ 22 ਸਾਲਾ ਲੜਕੀ ਦੀ ਮੌਤ
ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਇਕ ਹਾਦਸਾ ਹੈ, ਖੁਦਕੁਸ਼ੀ ਹੈ ਜਾਂ ਫਿਰ ਇਸ ਪਿੱਛੇ ਕੋਈ ਹੋਰ ਕਾਰਨ ਹੈ।
Publish Date: Thu, 26 Feb 2026 06:23 PM (IST)
Updated Date: Thu, 26 Feb 2026 06:25 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਮਸ਼ਹੂਰ ਐੱਸਬੀਪੀ ਹਾਊਸਿੰਗ ਸੁਸਾਇਟੀ ਵਿਚ ਦੇਰ ਰਾਤ ਇਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇਕ 22 ਸਾਲਾ ਲੜਕੀ ਦੀ ਦਸਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਹੇਠਾਂ ਡਿੱਗਣ ਤੋਂ ਪਹਿਲਾਂ ਉਹ ਫਲੈਟਾਂ ਦੇ ਬਾਹਰ ਲੱਗੇ ਇਕ ਸ਼ੈੱਡ ਨਾਲ ਟਕਰਾਈ ਅਤੇ ਉਸ ਤੋਂ ਬਾਅਦ ਪਾਰਕਿੰਗ ਵਿਚ ਖੜ੍ਹੀ ਇਕ ਕਾਰ ਦੀ ਛੱਤ ’ਤੇ ਆ ਡਿੱਗੀ।
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾ ਦੀ ਪਛਾਣ ਤਰੁਣੀ ਪਾਤਰੀ (22) ਪੁੱਤਰੀ ਸਤਿਆ ਨਾਰਾਇਣ ਪਾਤਰੀ ਵਜੋਂ ਹੋਈ ਹੈ, ਜੋ ਕਿ ਐੱਸਬੀਪੀ ਸੁਸਾਇਟੀ ਦੇ ਆਨੰਦ ਟਾਵਰਜ਼ ਐੱਫ ਬਲਾਕ, ਫਲੈਟ ਨੰਬਰ 10111 ਵਿਚ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਡਿੱਗਣ ਕਾਰਨ ਲੜਕੀ ਗੰਭੀਰ ਜ਼ਖ਼ਮੀ ਹੋ ਗਈ ਅਤੇ ਉਹ ਤੁਰੰਤ ਬੇਹੋਸ਼ ਹੋ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਉਸ ਨੂੰ ਨਿੱਜੀ ਵਾਹਨ ਰਾਹੀਂ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇੰਡਸ ਇੰਟਰਨੈਸ਼ਨਲ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਚੈੱਕ ਕਰਨ ਤੋਂ ਬਾਅਦ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਾਹਰੀ ਖ਼ੂਨ ਨਾਮਾਤਰ ਸੀ, ਪਰ ਅੰਦਰੂਨੀ ਤੌਰ 'ਤੇ ਕਈ ਹੱਡੀਆਂ ਟੁੱਟੀਆਂ ਹੋਈਆਂ ਸਨ ਅਤੇ ਭਾਰੀ ਅੰਦਰੂਨੀ ਖ਼ੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਇਕ ਹਾਦਸਾ ਹੈ, ਖੁਦਕੁਸ਼ੀ ਹੈ ਜਾਂ ਫਿਰ ਇਸ ਪਿੱਛੇ ਕੋਈ ਹੋਰ ਕਾਰਨ ਹੈ। ਪੁਲਿਸ ਵੱਲੋਂ ਸੁਸਾਇਟੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।
ਥਾਣਾ ਮੁਖੀ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਨੇ ਦੱਸਿਆ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪੂਰੀ ਸੁਸਾਇਟੀ ਵਿਚ ਸੋਗ ਦੀ ਲਹਿਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।