- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਰੀ ਕੀਤੇ ਸ਼ਡਿਊਲ ਅਨੁਸਾਰ ਬਲਾਕ ਪੱਧਰੀ ਮੁਕਾਬਲੇ 12 ਤੋਂ 14 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਕਰਵਾਏ ਜਾਣਗੇ। ਰਾਜ ਪੱਧਰ ’ਤੇ ਚਾਰ ਪੈਰਾ-ਸਪੋਰਟਸ ਮੁਕਾਬਲੇ ਵੀ ਕਰਵਾਏ ਜਾਣਗੇ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੀਡੀਆ ਬ੍ਰੀਫਿੰਗ ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ–ਸੀਜ਼ਨ 4’ ਦੇ ਮੁਕਾਬਲਿਆਂ ਦਾ ਸ਼ਡਿਊਲ ਜਾਰੀ ਕੀਤਾ।
ਜਾਰੀ ਕੀਤੇ ਸ਼ਡਿਊਲ ਅਨੁਸਾਰ ਬਲਾਕ ਪੱਧਰੀ ਮੁਕਾਬਲੇ 12 ਤੋਂ 14 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਕਰਵਾਏ ਜਾਣਗੇ। ਰਾਜ ਪੱਧਰ ’ਤੇ ਚਾਰ ਪੈਰਾ-ਸਪੋਰਟਸ ਮੁਕਾਬਲੇ ਵੀ ਕਰਵਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਇਤਿਹਾਸ ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਟੈਨਿਸ ਬਾਲ ਕ੍ਰਿਕਟ ਵਿੱਚ ਲੜਕੀਆਂ ਦੀਆਂ ਟੀਮਾਂ ਵੀ ਭਾਗ ਲੈ ਸਕਣਗੀਆਂ।
ਵਿਧਾਇਕ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਮਜ਼ਬੂਤ ਮੰਚ ਪ੍ਰਦਾਨ ਕੀਤਾ ਗਿਆ ਹੈ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਦਦ ਮਿਲੇਗੀ।
ਬਲਾਕ ਪੱਧਰੀ ਮੁਕਾਬਲਿਆਂ ਦੇ ਸਥਾਨ
ਡੇਰਾਬੱਸੀ ਬਲਾਕ:
ਐਥਲੈਟਿਕਸ, ਫੁੱਟਬਾਲ ਅਤੇ ਵਾਲੀਬਾਲ ਦੇ ਮੁਕਾਬਲੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ, ਕਬੱਡੀ ਅਤੇ ਖੋ-ਖੋ ਸਪੋਰਟਸ ਸਟੇਡੀਅਮ ਲਾਲੜੂ ਵਿਖੇ ਅਤੇ ਟੈਨਿਸ ਬਾਲ ਕ੍ਰਿਕਟ ਸੂਖਮਣੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਕਰਵਾਏ ਜਾਣਗੇ।
ਮਾਜਰੀ ਬਲਾਕ:
ਐਥਲੈਟਿਕਸ, ਫੁੱਟਬਾਲ, ਵਾਲੀਬਾਲ ਅਤੇ ਕਬੱਡੀ ਦੇ ਮੁਕਾਬਲੇ ਸਪੋਰਟਸ ਸਟੇਡੀਅਮ, ਸਿੰਘਪੁਰਾ ਰੋਡ, ਕੁਰਾਲੀ ਅਤੇ ਮੁੱਖ ਮੰਤਰੀ ਖੇਡ ਮੈਦਾਨ ਝਿੰਗੜਾਂ ਵਿਖੇ ਕਰਵਾਏ ਜਾਣਗੇ। ਖੋ-ਖੋ ਖਾਲਸਾ ਸਕੂਲ ਕੁਰਾਲੀ ਵਿਖੇ ਅਤੇ ਟੈਨਿਸ ਬਾਲ ਕ੍ਰਿਕਟ ਚਕਵਾਲ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਹੋਵੇਗੀ।
ਮੁਹਾਲੀ ਬਲਾਕ:
ਐਥਲੈਟਿਕਸ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੁਹਾਲੀ ਵਿਖੇ ਕਰਵਾਏ ਜਾਣਗੇ। ਵਾਲੀਬਾਲ ਸਪੋਰਟਸ ਕੰਪਲੈਕਸ ਸੈਕਟਰ-63 ਅਤੇ ਮੁੱਖ ਮੰਤਰੀ ਖੇਡ ਮੈਦਾਨ ਮਾਣਕ ਮਾਜਰਾ ਵਿਖੇ, ਜਦਕਿ ਟੈਨਿਸ ਬਾਲ ਕ੍ਰਿਕਟ ਯਾਦਵਿੰਦਰਾ ਪਬਲਿਕ ਸਕੂਲ, ਮੁਹਾਲੀ ਵਿਖੇ ਹੋਵੇਗੀ।
ਖਰੜ ਬਲਾਕ:
ਐਥਲੈਟਿਕਸ, ਫੁੱਟਬਾਲ, ਵਾਲੀਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਸ਼ਹੀਦ ਕਾਸ਼ੀ ਰਾਮ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ, ਭਾਗੋਮਾਜਰਾ ਵਿਖੇ ਕਰਵਾਏ ਜਾਣਗੇ। ਵਾਲੀਬਾਲ ਮੁੱਖ ਮੰਤਰੀ ਖੇਡ ਮੈਦਾਨ ਕਾਲੇਵਾਲ ਵਿਖੇ ਹੋਵੇਗੀ, ਜਦਕਿ ਟੈਨਿਸ ਬਾਲ ਕ੍ਰਿਕਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ 8, ਜ਼ਿਲ੍ਹਾ ਪੱਧਰ ’ਤੇ 29 ਅਤੇ ਰਾਜ ਪੱਧਰ ’ਤੇ 38 ਖੇਡਾਂ ਕਰਵਾਈਆਂ ਜਾਣਗੀਆਂ। ਰਾਜ ਪੱਧਰ ’ਤੇ ਐਥਲੈਟਿਕਸ, ਬੈਡਮਿੰਟਨ, ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਸਮੇਤ ਚਾਰ ਪੈਰਾ-ਸਪੋਰਟਸ ਮੁਕਾਬਲੇ ਵੀ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਡਰ-14 ਤੋਂ ਲੈ ਕੇ 70+ ਉਮਰ ਵਰਗ ਤੱਕ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ। ਰਜਿਸਟ੍ਰੇਸ਼ਨ ਪੰਜਾਬ ਖੇਡ ਵਿਭਾਗ ਦੇ ਨਿਰਧਾਰਤ ਆਨਲਾਈਨ ਪੋਰਟਲ ਰਾਹੀਂ ਕੀਤੀ ਜਾ ਸਕਦੀ ਹੈ। ਲੋੜ ਪੈਣ ’ਤੇ ਸਟੇਡੀਅਮਾਂ ਵਿਖੇ ਆਫਲਾਈਨ ਰਜਿਸਟ੍ਰੇਸ਼ਨ ਦੀ ਸਹੂਲਤ ਵੀ ਉਪਲਬਧ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੁਣ ਤੱਕ ਲਗਭਗ 2800 ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਾਰੇ ਯੋਗ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ, ਨੌਜਵਾਨਾਂ ਦੀ ਸਸ਼ਕਤੀਕਰਨ ਅਤੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨ ‘ਰੰਗਲਾ ਪੰਜਾਬ’ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜ਼ਰ ਸਨ।