- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਐੱਸਏਐੱਸ ਨਗਰ ਦੇ ਥਾਣਾ ਮੁੱਲਾਂਪੁਰ ਗਰੀਬਦਾਸ ਅਧੀਨ ਪੈਂਦੇ ਪਿੰਡ ਪੜੌਲ 'ਚ ਇਕ ਨੌਜਵਾਨ ਪੰਚ ਸੁਖਵੰਤ ਸਿੰਘ ਉਰਫ਼ ਸੱਤੀ ਪਹਿਲਵਾਨ 'ਤੇ ਤਾਬੜਤੋੜ ਗੋਲ਼ੀਆਂ ਚਲਾ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਐੱਸਏਐੱਸ ਨਗਰ ਦੇ ਥਾਣਾ ਮੁੱਲਾਂਪੁਰ ਗਰੀਬਦਾਸ ਅਧੀਨ ਪੈਂਦੇ ਪਿੰਡ ਪੜੌਲ 'ਚ ਇਕ ਨੌਜਵਾਨ ਪੰਚ ਸੁਖਵੰਤ ਸਿੰਘ ਉਰਫ਼ ਸੱਤੀ ਪਹਿਲਵਾਨ 'ਤੇ ਤਾਬੜਤੋੜ ਗੋਲ਼ੀਆਂ ਚਲਾ ਕੇ ਉਸ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਮੁਹਾਲੀ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਪੜੌਲ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਉਰਫ਼ ਜੱਸੂ ਅਤੇ ਦਵਿੰਦਰ ਸਿੰਘ ਉਰਫ਼ ਜੱਸੂ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇਕ ਪੁਆਇੰਟ 30 ਬੋਰ ਦਾ ਪਿਸਤੌਲ, 3 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਪੀ ਦਿਹਾਤੀ ਜਸਪਿੰਦਰ ਸਿੰਘ ਨੇ ਦੱਸਿਆ ਕਿ 24 ਸਤੰਬਰ ਦੀ ਰਾਤ ਪੰਚ ਸੁਖਵੰਤ ਸਿੰਘ ਉਰਫ਼ ਸੱਤੀ ਪਿੰਡ ਪੜੌਲ ਵਿਖੇ ਆਪਣੀ ਕਾਰ ਵਿਚ ਬੈਠਾ ਸੀ। ਇਸ ਦੌਰਾਨ ਦਵਿੰਦਰ ਸਿੰਘ ਨੇ ਉਸ ਨੂੰ ਗੱਲਬਾਤ ਲਈ ਰੋਕਿਆ ਅਤੇ ਕੁਝ ਹੀ ਦੇਰ ਵਿਚ ਜਸਪ੍ਰੀਤ ਸਿੰਘ ਉਰਫ਼ ਜੱਸੂ ਵੀ ਉੱਥੇ ਪਹੁੰਚ ਗਿਆ। ਪੁਰਾਣੀ ਰੰਜਿਸ਼ ਦੇ ਚੱਲਦਿਆਂ ਜਸਪ੍ਰੀਤ ਸਿੰਘ ਨੇ ਸੁਖਵੰਤ ਸਿੰਘ 'ਤੇ ਪਿਸਤੌਲ ਨਾਲ ਲਗਾਤਾਰ 6 ਗੋਲ਼ੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਜ਼ਖ਼ਮੀ ਸੁਖਵੰਤ ਸਿੰਘ ਨੂੰ ਪਹਿਲਾਂ ਜੀਐੱਮਸੀਐੱਚ ਸੈਕਟਰ-16 ਚੰਡੀਗੜ੍ਹ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ 26 ਸਤੰਬਰ ਨੂੰ ਉਸ ਨੇ ਦਮ ਤੋੜ ਦਿੱਤਾ।
ਹਵਾਈ ਫਾਇਰਿੰਗ ਕਰਕੇ ਘੇਰਾਬੰਦੀ ਕਰਕੇ ਕੀਤਾ ਕਾਬੂ
ਪੁਲਿਸ ਨੇ ਇਸ ਸਬੰਧੀ 25 ਸਤੰਬਰ ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਐੱਮਐੱਲਏ ਹੋਸਟਲ ਮੁੱਲਾਂਪੁਰ ਨੇੜੇ ਘੇਰਾਬੰਦੀ ਕਰਕੇ ਦੋਵਾਂ ਹਥਿਆਰਬੰਦ ਮੁਲਜ਼ਮਾਂ ਨੂੰ ਕਾਬੂ ਕੀਤਾ। ਗ੍ਰਿਫ਼ਤਾਰੀ ਦੌਰਾਨ ਪੁਲਿਸ ਨੂੰ ਹਵਾਈ ਫਾਇਰਿੰਗ ਵੀ ਕਰਨੀ ਪਈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਦੋਵਾਂ ਨੂੰ 3 ਅਕਤੂਬਰ ਤੱਕ 6 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਗੈਂਗਸਟਰ ਲੱਕੀ ਪਟਿਆਲ ਨਾਲ ਸਬੰਧ
ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਵਿਚ ਬੈਠੇ ਗੈਂਗਸਟਰ ਲੱਕੀ ਪਟਿਆਲ ਨੇ ਇਹ ਪਿਸਤੌਲ ਮੁਲਜ਼ਮਾਂ ਨੂੰ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਦਿੱਤੀ ਸੀ। ਪੁਲਿਸ ਹੁਣ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਹਥਿਆਰਾਂ ਦੀ ਸਪਲਾਈ ਦਾ ਮੁੱਖ ਸਰੋਤ ਕੀ ਸੀ, ਉਨ੍ਹਾਂ ਦੇ ਹੋਰ ਕਿਹੜੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਨੇ ਪਹਿਲਾਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।
ਪਹਿਲਾਂ ਵੀ ਦਰਜ ਹਨ ਅਪਰਾਧਿਕ ਮਾਮਲੇ
ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਜਿਸ ’ਚ ਜਸਪ੍ਰੀਤ ਸਿੰਘ ਉਰਫ਼ ਜੱਸੂ ਦੇ ਖ਼ਿਲਾਫ਼ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਪਹਿਲਾਂ ਹੀ 2 ਅਪਰਾਧਿਕ ਕੇਸ ਦਰਜ ਹਨ।
ਇਸ ਤੋਂ ਇਲਾਵਾ ਦਵਿੰਦਰ ਸਿੰਘ ਉਰਫ਼ ਜੱਸੂ ਖ਼ਿਲਾਫ਼ 5 ਜੂਨ 2025 ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਹਾਲੇ ਚੱਲ ਰਹੀ ਹੈ।