
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਮੁਹਾਲੀ ’ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਵੈਟਰਨਰੀ ਇੰਸਪੈਕਟਰ ਇੱਥੇ ਇਕੱਠੇ ਹੋਏ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਤਵਾਰ ਨੂੰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਬੈਨਰ ਹੇਠ ਮੁਹਾਲੀ ’ਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ। ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਵੈਟਰਨਰੀ ਇੰਸਪੈਕਟਰ ਇੱਥੇ ਇਕੱਠੇ ਹੋਏ ਅਤੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ।
ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਰਾਜੀਵ ਮਲਹੋਤਰਾ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਸਿੱਖਿਆ ਬੋਰਡ ਦੇ ਪਿੱਛੇ ਨੇਚਰ ਪਾਰਕ ਨੇੜੇ ਬੁੜੈਲ ਜੇਲ੍ਹ ਦੀ ਕੰਧ ਕੋਲ ਯੂਟੀ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਦਾ ਰਾਹ ਰੋਕ ਦਿੱਤਾ।
ਇਸ ਮੌਕੇ ਮੁਹਾਲੀ ਦੇ ਐੱਸਡੀਐੱਮ ਵੀ ਪਹੁੰਚੇ। ਉਨ੍ਹਾਂ ਜਥੇਬੰਦੀ ਦੇ ਆਗੂਆਂ ਨੂੰ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ 26 ਅਗਸਤ ਨੂੰ ਕਿਸਾਨ ਭਵਨ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।
ਤਰੱਕੀ ਤੇ ਹੋਰ ਮੰਗਾਂ ਲਟਕਣ ਦਾ ਦੋਸ਼
ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਵੈਟਰਨਰੀ ਇੰਸਪੈਕਟਰ ਕਾਡਰ ਨੂੰ ਬਣਦੀ ਤਰੱਕੀ ਦੇਣ ਦੀ ਮੰਗ ਲੰਮੇ ਸਮੇਂ ਤੋਂ ਲਟਕ ਰਹੀ ਹੈ। ਉਨ੍ਹਾਂ ਨਵੀਂ ਭਰਤੀ ਵਾਲੇ ਵੈਟਰਨਰੀ ਇੰਸਪੈਕਟਰਾਂ ਨੂੰ ਉਮਰ ਹੱਦ ’ਚ ਛੋਟ ਦੇਣ ਅਤੇ 17 ਜੁਲਾਈ 2020 ਦੇ ਪੱਤਰ ਅਨੁਸਾਰ ਇੰਸਪੈਕਟਰਾਂ ਦੀਆਂ ਅਸਾਮੀਆਂ ਨੂੰ ਆਈਸੀਏਆਰ ਅਧੀਨ ਲਿਆਉਣ ਦੀ ਮੰਗ ਕੀਤੀ।
ਆਗੂਆਂ ਨੇ ਕਿਹਾ ਕਿ 2011 ’ਚ ਭਰਤੀ ਹੋਏ ਕਾਡਰ ਦੇ 18 ਮਹੀਨਿਆਂ ਦੇ ਵਜ਼ੀਫ਼ੇ ਦਾ ਗਰੇਡ ਪੇਅ ਅਨੁਸਾਰ ਭੁਗਤਾਨ ਕਰਨ ਸਮੇਤ ਹੋਰ ਮੰਗਾਂ ਨੂੰ ਮਨਜ਼ੂਰੀ ਮਿਲਣ ਦੇ ਬਾਵਜੂਦ ਇਨ੍ਹਾਂ ’ਤੇ ਅਮਲ ਨਹੀਂ ਕੀਤਾ ਗਿਆ।
47 ਇੰਸਪੈਕਟਰਾਂ ਨੂੰ ਨੋਟਿਸ ਦੇਣ ਦਾ ਵਿਰੋਧ
ਐਸੋਸੀਏਸ਼ਨ ਨੇ ਨੈਸ਼ਨਲ ਲਾਈਵਸਟਾਕ ਸੈਂਸਸ ਤਹਿਤ 47 ਵੈਟਰਨਰੀ ਇੰਸਪੈਕਟਰਾਂ ਨੂੰ ਡਾਟਾ ਐਂਟਰੀ ਨਾ ਕਰਨ ਦੇ ਮਾਮਲੇ ’ਚ ਜਾਰੀ ਕਾਰਨ ਦੱਸੋ ਨੋਟਿਸਾਂ ਦੀ ਵੀ ਨਿਖੇਧੀ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੈਬਨਿਟ ਸਬ-ਕਮੇਟੀ ਵੱਲੋਂ ਸਹਿਮਤੀ ਦੇਣ ਦੇ ਬਾਵਜੂਦ ਵਿੱਤ ਅਤੇ ਪ੍ਰਸ਼ਾਸਨਿਕ ਵਿਭਾਗ ਵੱਲੋਂ ਮਾਮਲਿਆਂ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ 6 ਮਈ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੇ ਫ਼ੈਸਲਿਆਂ ’ਤੇ ਕਾਰਵਾਈ ਨਾ ਹੋਣ ’ਤੇ ਵੀ ਰੋਸ ਜਤਾਇਆ।
ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਪਸ਼ੂ ਪਾਲਕਾਂ ਦੇ ਸਹਿਯੋਗ ਨਾਲ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਗੁਰਦੀਪ ਸਿੰਘ ਧਾਲੀਵਾਲ, ਹਰਮੇਸ਼ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।