- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਆਗੂ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਿਸਾਨਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਮੁੜ ਵੱਡੇ ਸੰਘਰਸ਼ ਵਿੱਢਣ ਲਈ ਇੱਕਜੁੱਟ ਹੋਣ ਦੀ ਲੋੜ ਹੈ। ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਨੂੰ ਫ਼ਸਲਾਂ ’ਤੇ ਐੱਮਐੱਸਪੀ ਦਿਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਕਿਸਾਨ ਯੂਨੀਅਨ (ਨੈਨ) ਹਰਿਆਣਾ ਅਤੇ ਭਾਰਤੀ ਕਿਸਾਨ ਯੂਨੀਅਨ ਚੰਡੀਗੜ੍ਹ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਮਹਾਨ ਕਿਸਾਨ ਆਗੂ ਅਤੇ ਕਿਸਾਨ ਮਸੀਹਾ ਚੌਧਰੀ ਘਾਸੀ ਰਾਮ ਨੈਨ ਦੀ 9ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਚੌਧਰੀ ਘਾਸੀ ਰਾਮ ਨੈਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਸਾਨੀ ਹੱਕਾਂ ਲਈ ਉਨ੍ਹਾਂ ਵੱਲੋਂ ਕੀਤੇ ਫ਼ੈਸਲਾਕੁਨ ਸੰਘਰਸ਼ ਅਤੇ ਯੋਗਦਾਨ ਨੂੰ ਯਾਦ ਕੀਤਾ।
ਇਸ ਮੌਕੇ ਕੌਮੀ ਕਿਸਾਨ ਆਗੂ ਚੌਧਰੀ ਰਾਕੇਸ਼ ਟਿਕੈਤ, ਚੌਧਰੀ ਜੋਗਿੰਦਰ ਸਿੰਘ ਨੈਨ, ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਚੰਡੀਗੜ੍ਹ ਦੇ ਪ੍ਰਧਾਨ ਕੁਲਦੀਪ ਕੱਲੂ ਨੇ ਚੌਧਰੀ ਘਾਸੀ ਰਾਮ ਨੈਨ ਦੇ ਜੀਵਨ ਅਤੇ ਕਿਸਾਨੀ ਸੰਘਰਸ਼ ਨਾਲ ਸਬੰਧਤ ਪੁਸਤਕ ਵੀ ਰਿਲੀਜ਼ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਚੌਧਰੀ ਘਾਸੀ ਰਾਮ ਨੈਨ ਨੇ ਆਪਣੀ ਪੂਰੀ ਜ਼ਿੰਦਗੀ ਕਿਸਾਨਾਂ ਅਤੇ ਪੇਂਡੂ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕਰਦਿਆਂ ਬਿਤਾਈ। ਉਨ੍ਹਾਂ ਦੀ ਸੋਚ ਅਤੇ ਸੰਘਰਸ਼ ਅੱਜ ਵੀ ਕਿਸਾਨ ਅੰਦੋਲਨ ਲਈ ਪ੍ਰੇਰਣਾ ਦਾ ਸਰੋਤ ਹਨ।
ਕੌਮੀ ਆਗੂ ਚੌਧਰੀ ਰਾਕੇਸ਼ ਟਿਕੈਤ ਨੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਕਿਸਾਨਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਮੁੜ ਵੱਡੇ ਸੰਘਰਸ਼ ਵਿੱਢਣ ਲਈ ਇੱਕਜੁੱਟ ਹੋਣ ਦੀ ਲੋੜ ਹੈ। ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਨੂੰ ਫ਼ਸਲਾਂ ’ਤੇ ਐੱਮਐੱਸਪੀ ਦਿਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਕਿਸਾਨੀ ਮੰਗਾਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸੱਤ ਦਿਨ ਚੱਲੇ ਕਿਸਾਨ ਸੰਘਰਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ ਲੇਕਿਨ 15 ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਲੱਖੋਵਾਲ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ 15 ਦਿਨਾਂ ਤੱਕ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਮੰਨੀਆਂ ਮੰਗਾਂ ਲਾਗੂ ਕਰਨ ਵੱਲ ਕੋਈ ਠੋਸ ਕਦਮ ਨਾ ਚੁੱਕਿਆ ਗਿਆ ਤਾਂ 22 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋਣ ਵਾਲੀ ਮੀਟਿੰਗ ’ਚ ਇਸ ਮਾਮਲੇ ’ਤੇ ਵਿਚਾਰ ਕਰਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਕਮਜ਼ੋਰ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਚੌਧਰੀ ਘਾਸੀ ਰਾਮ ਨੈਨ ਦੀ ਸੰਘਰਸ਼ਸ਼ੀਲ ਵਿਰਾਸਤ ਤੋਂ ਪ੍ਰੇਰਣਾ ਲੈਂਦਿਆਂ ਕਿਸਾਨੀ ਮਸਲਿਆਂ ਲਈ ਇਕਜੁੱਟ ਹੋ ਕੇ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਭਗਵਾਨਪੁਰ, ਧਰਮ ਸਿੰਘ, ਹਰੀ ਸਿੰਘ ਬੋਹੜਾ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਫੋਟੋ ਕੈਪਸ਼ਨ:
ਕਿਸਾਨੀ ਮਸਲਿਆਂ ’ਤੇ ਚਰਚਾ ਕਰਦੇ ਹੋਏ ਚੌਧਰੀ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਤੇ ਹੋਰ। 15ਪੀ