- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਸੈਂਸ ਸਿਰਫ਼ ਇਕ ਕਾਰੋਬਾਰ ਨਹੀਂ, ਸਗੋਂ ਗਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨ ਦੀ ਇਕ ਪਵਿੱਤਰ ਜ਼ਿੰਮੇਵਾਰੀ ਹੈ। ਡਿਪੂ ਹੋਲਡਰ ਬਜ਼ੁਰਗਾਂ, ਦਿਵਿਆਂਗਾਂ ਤੇ ਗ਼ਰੀਬ ਪਰਿਵਾਰਾਂ ਨਾਲ ਹਮਦਰਦੀ ਤੇ ਇਮਾਨਦਾਰੀ ਨਾਲ ਪੇਸ਼ ਆਉਣ। ਜਿੱਥੇ ਲੋੜ ਹੋਵੇ, ਦਿਵਿਆਂਗਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ’ਚ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਤੇ ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਸੁਖਾਲੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵੱਡਾ ਕਦਮ ਚੁੱਕਿਆ ਹੈ। ਮੁਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ 2800 ਨਵੇਂ ਰਾਸ਼ਨ ਡਿੱਪੂ ਹੋਲਡਰਾਂ ਨੂੰ ਨਵੇਂ ਲਾਇਸੈਂਸ ਸੌਂਪੇ ਹਨ। ਇਸ ਨਾਲ ਹੁਣ ਲੋੜਵੰਦਾਂ ਨੂੰ ਬੂਹੇ ’ਤੇ ਸਰਕਾਰੀ ਰਾਸ਼ਨ ਮਿਲੇਗਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਜੂਦ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਰਾਸ਼ਨ ਡਿਪੂਆਂ ਦੇ ਲਾਇਸੈਂਸ ਦਿੰਦੀਆਂ ਸਨ, ਜਿਸ ਨਾਲ ਪੱਖਪਾਤ ਹੁੰਦਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਰਵਾਇਤ ਨੂੰ ਖ਼ਤਮ ਕਰ ਕੇ ਇੰਟਰਵਿਊ-ਆਧਾਰਤ ਪ੍ਰਣਾਲੀ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ’ਤੇ ਇਹ ਅਲਾਟਮੈਂਟ ਕੀਤੀ ਹੈ। ਸਰਕਾਰ ਨੇ ਪਾਰਦਰਸ਼ੀ ਤਰੀਕੇ ਨਾਲ ਲਾਇਸੈਂਸ ਦੀ ਵੰਡ ਕਰਦਿਆਂ ਅਨੁਸੂਚਿਤ ਜਾਤੀ ਨੂੰ 633 ਡਿਪੂ, ਪੱਛੜੀਆਂ ਸ਼੍ਰੇਣੀਆਂ ਨੂੰ 199, ਸਾਬਕਾ ਫ਼ੌਜੀਆਂ ਨੂੰ 181, ਦਿਵਿਆਂਗਾਂ ਨੂੰ 156, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ 39 ਤੇ ਦੰਗਾ ਪੀੜਤ ਪਰਿਵਾਰਾਂ ਨੂੰ 17 ਡਿਪੂ ਲਾਇਸੈਂਸ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਤੇ ਨਾ ਹੀ ਆਪਣੀ ਦਿਹਾੜੀ-ਮਜ਼ਦੂਰੀ ਛੱਡ ਕੇ ਲੰਬੀਆਂ ਲਾਈਨਾਂ ’ਚ ਖੜ੍ਹਨਾ ਪਵੇਗਾ। ਬਲਕਿ ਬੂਹੇ ’ਤੇ ਹੀ ਸਰਕਾਰੀ ਰਾਸ਼ਨ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਸੈਂਸ ਸਿਰਫ਼ ਇਕ ਕਾਰੋਬਾਰ ਨਹੀਂ, ਸਗੋਂ ਗਰੀਬਾਂ ਤੇ ਲੋੜਵੰਦਾਂ ਦੀ ਸੇਵਾ ਕਰਨ ਦੀ ਇਕ ਪਵਿੱਤਰ ਜ਼ਿੰਮੇਵਾਰੀ ਹੈ। ਡਿਪੂ ਹੋਲਡਰ ਬਜ਼ੁਰਗਾਂ, ਦਿਵਿਆਂਗਾਂ ਤੇ ਗ਼ਰੀਬ ਪਰਿਵਾਰਾਂ ਨਾਲ ਹਮਦਰਦੀ ਤੇ ਇਮਾਨਦਾਰੀ ਨਾਲ ਪੇਸ਼ ਆਉਣ। ਜਿੱਥੇ ਲੋੜ ਹੋਵੇ, ਦਿਵਿਆਂਗਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਸੂਬੇ ’ਚ ਖ਼ਰਾਕ ਸੁਰੱਖਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਤੇ ‘ਮੇਰੀ ਰਸੋਈ’ ਰਾਸ਼ਨ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ’ਤੇ ਵੀ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ’ਚ ਫਸੀ ਹੋਈ ਹੈ। ਉਨ੍ਹਾਂ ਦੇ ਆਪਣੇ ਨੇਤਾ ਮੰਨਦੇ ਹਨ ਕਿ ਉੱਥੇ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਖਰਚਣੇ ਪੈਂਦੇ ਹਨ, ਜੋ ਬਾਅਦ ’ਚ ਜਨਤਾ ਦੀ ਜੇਬ ’ਚੋਂ ਹੀ ਵਸੂਲ ਕੀਤੇ ਜਾਂਦੇ ਹਨ। ਉਨ੍ਹਾਂ ਅਕਾਲੀ ਲੀਡਰਸ਼ਿਪ ’ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ’ਚ ਧੱਕਣ ਤੇ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਕਰਨ ਦੇ ਦੋਸ਼ ਵੀ ਲਾਏ। ਸੁਖਬੀਰ ਬਾਦਲ ’ਤੇ ਤਣਜ਼ ਕੱਸਦਿਆਂ ਮਾਨ ਨੇ ਕਿਹਾ ਕਿ ਉਹ ਪੰਜਾਬ ਦੀ ਜ਼ਮੀਨੀ ਹਕੀਕਤ ਤੇ ਫ਼ਸਲਾਂ ਦੀ ਪਛਾਣ ਤੋਂ ਸੱਖਣੇ ਹਨ।
ਪੰਜਾਬ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ, ਹਰਿਆਣਾ ਜਾਂ ਰਾਜਸਥਾਨ ਨੂੰ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਦਿੱਤੀ ਜਾਵੇਗੀ। ਬਿਜਲੀ ਤੇ ਜਨਤਕ ਸੰਪਤੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਤੇ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਕੇਂਦਰ ਸਰਕਾਰ ਦੇ ਉਲਟ, ਪੰਜਾਬ ਨੇ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਸਰਕਾਰੀ ਹੱਥਾਂ ’ਚ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਾ ਦੇ ਟੈਕਸ ਦਾ ਇਕ-ਇਕ ਰੁਪਿਆ ਇਮਾਨਦਾਰੀ ਨਾਲ ਲੋਕ ਭਲਾਈ ਕੰਮਾਂ ’ਤੇ ਖ਼ਰਚਿਆ ਜਾ ਰਿਹਾ ਹੈ ਤੇ ਸਾਰਿਆਂ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਜ਼ਰੂਰ ਪੂਰਾ ਹੋਵੇਗਾ।