- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ। ਉਨ੍ਹਾਂ ਨੇ ਦੁਨੀਆ ਭਰ ਵਿਚ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨਆਰਆਈਜ਼ ਦੇ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਸੁਣਵਾਈ ਅਤੇ ਨਿਬੇੜਾ ਯਕੀਨੀ ਬਣਾਇਆ ਜਾ ਰਿਹਾ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਰਕਾਰ ਵੱਲੋਂ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਬੁੱਧਵਾਰ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ-82-ਏ, ਮੁਹਾਲੀ ਵਿਖੇ ‘ਪੰਜਾਬੀ ਐੱਨਆਰਆਈ ਨਾਲ ਮਿਲਣੀ-2026’ ਪ੍ਰੋਗਰਾਮ ਉਲੀਕਿਆ ਗਿਆ। ਪੰਜਾਬ ਦੇ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬੀ ਪਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦਾ ਉਦੇਸ਼ ਐੱਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ ’ਤੇ ਹੱਲ ਲਈ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।
ਇਸ ਮਿਲਣੀ ਵਿਚ ਮੁਹਾਲੀ ਸਮੇਤ ਰੂਪਨਗਰ, ਪਟਿਆਲਾ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਾਲ ਸਬੰਧਤ ਵੱਡੀ ਗਿਣਤੀ ਵਿਚ ਪਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਇਸ ਮੌਕੇ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਏਡੀਜੀਪੀ (ਐੱਨਆਰਆਈ ਵਿੰਗ) ਆਰਕੇ ਜੈਸਵਾਲ, ਕਮਿਸ਼ਨਰ ਪਟਿਆਲਾ ਡਿਵੀਜ਼ਨ-ਕਮ-ਚੇਅਰਮੈਨ ਐੱਨਆਰਆਈ ਸਭਾ ਜਲੰਧਰ ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਅਮਨਦੀਪ ਕੌਰ, ਡੀਸੀ ਮੁਹਾਲੀ ਕੋਮਲ ਮਿੱਤਲ, ਐੱਸਐੱਸਪੀ ਰੂਪਨਗਰ ਮਨਿੰਦਰ ਸਿੰਘ ਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ। ਉਨ੍ਹਾਂ ਨੇ ਦੁਨੀਆ ਭਰ ਵਿਚ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਨਆਰਆਈਜ਼ ਦੇ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਸੁਣਵਾਈ ਅਤੇ ਨਿਬੇੜਾ ਯਕੀਨੀ ਬਣਾਇਆ ਜਾ ਰਿਹਾ ਹੈ।
ਕੈਨੇਡਾ ਵਿਚ ‘ਕੰਟਰੈਕਟ ਮੈਰਿਜ’ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਵਰਕ ਪਰਮਿਟ ਜਾਂ ਸਥਾਈ ਨਿਵਾਸ (ਪੀਆਰ) ਹਾਸਲ ਕਰਨ ਦੇ ਮਾਮਲਿਆਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੰਤਰੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਅਤੇ ਰਾਸ਼ਟਰੀ ਪੱਧਰ ਦਾ ਮੁੱਦਾ ਹੈ। ਇਸ ਨਾਲ ਸਬੰਧਤ ਕਾਨੂੰਨੀ ਵਿਵਸਥਾ ਸੰਸਦ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ ਪਰ ਪੰਜਾਬ ਵਿਚ ਵੱਧ ਰਹੇ ਅਜਿਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਇਸ ਵਿਸ਼ੇ ’ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਲੰਬੇ ਸਮੇਂ ਤੋਂ ਲੰਬਿਤ ਹਨ ਜਾਂ ਸੁਣਵਾਈ ਦੀ ਪ੍ਰਕਿਰਿਆ ਢਿੱਲੀ ਹੈ, ਉਨ੍ਹਾਂ ਦੀ ਉਹ ਖ਼ੁਦ ਨਿਗਰਾਨੀ ਕਰ ਰਹੇ ਹਨ ਅਤੇ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ।
ਚਾਰ ਸਾਲਾਂ ’ਚ 26,828 ਸ਼ਿਕਾਇਤਾਂ ਮਿਲੀਆਂ ਤੇ 25,870 ਦਾ ਕੀਤਾ ਨਿਬੇੜਾ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਜਨਵਰੀ 2022 ਤੋਂ ਮਈ 2026 ਤੱਕ ਐੱਨਆਰਆਈ ਵਿਭਾਗ ਕੋਲ ਕੁੱਲ 26,828 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ’ਚੋਂ 25,870 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਤੱਕ 1,187 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿਚ 1,451 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਅੰਕੜੇ ਪੰਜਾਬ ਸਰਕਾਰ ਦੀ ਐੱਨਆਰਆਈਜ਼ ਦੇ ਮਸਲੇ ਹੱਲ ਪ੍ਰਤੀ ਗੰਭੀਰਤਾ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹਨ। ਪਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਜਾਇਦਾਦ ਵਿਵਾਦ, ਜ਼ਮੀਨਾਂ ’ਤੇ ਗ਼ੈਰ-ਕਾਨੂੰਨੀ ਕਬਜ਼ੇ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ। ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ’ਚੋਂ ਵੱਡੀ ਗਿਣਤੀ ਕੇਸਾਂ ਦਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਹੱਲ ਕਰਵਾਇਆ ਜਾਂਦਾ ਹੈ।