- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਗਾਮੀ ਸਾਉਣੀ ਸੀਜ਼ਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 1 ਅਕਤੂਬਰ, 2026 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਝੋਨੇ ਦੇ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹੋਈ ਮੀਟਿੰਗ ਦੌਰਾਨ ਦਿੱਤੀ।
ਸ੍ਰੀ ਬਰਸਟ ਨੇ ਅੱਜ ਖਰੀਦ ਪ੍ਰਬੰਧਾਂ ਸਬੰਧੀ ਪੰਜਾਬ ਮੰਡੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਬੋਰਡ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1886 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਖਰੀਦ ਕਰਨ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਸਾਫ਼-ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਸਮੇਤ ਵਿਆਪਕ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।
ਚੇਅਰਮੈਨ ਨੇ ਦੱਸਿਆ ਕਿ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਜਾਵੇਗਾ, ਜੋ ਕਿ 1 ਅਕਤੂਬਰ ਤੋਂ ਸ਼ੁਰੂ ਹੋਵੇਗਾ। ਕੰਟਰੋਲ ਰੂਮ ਵਿੱਚ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕੇਗਾ, ਤਾਂ ਜੋ ਸੀਜਨ ਦੌਰਾਨ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਬਰਸਟ ਨੇ ਸਮੂਹ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ, ਤਾਂ ਜੋ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਔਕੜ ਤੋਂ ਵੇਚ ਸਕਣ। ਉਨ੍ਹਾਂ ਨੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਮੰਡੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ 'ਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਅਮਨਦੀਪ ਸਿੰਘ ਮੁੱਖ ਇੰਜੀਨੀਅਰ ਸਮੇਤ ਸਮੂਹ ਡਿਪਟੀ ਜਨਰਲ ਮੈਨੇਜਰ ਅਤੇ ਜਿਲ੍ਹਾ ਮੰਡੀ ਅਫ਼ਸਰ ਹਾਜਰ ਰਹੇ।