ਗੁਰਦੁਆਰਾ ਅੰਬ ਸਾਹਿਬ ਵਿਖੇ ਪੰਥਕ ਇਕੱਠ: ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲਿਆਂ ਖ਼ਿਲਾਫ਼ ਰਣਨੀਤੀ ਤਿਆਰ, ਸਮੁੱਚੀ ਕੌਮ ਨੂੰ ਇੱਕਜੁਟ ਹੋਣ ਦਾ ਸੱਦਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਜਾਰੀ ਕੀਤੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ਼-8 ਮੁਹਾਲੀ ਵਿਖੇ ਪੰਥਕ ਇਕੱਤਰਤਾ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਤਾਲਮੇਲ ਕਮੇਟੀ, ਵੱਖ-ਵੱਖ ਗੁਰਦੁਆਰਾ ਕਮੇਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਪੰਥ ਦਰਦੀਆਂ ਨੇ ਇਸ ਬੈਠਕ ਵਿੱਚ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਅਕਾਲ ਤਖ਼ਤ ਸਾਹਿਬ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦਾ ਢੁੱਕਵਾਂ ਜਵਾਬ ਦੇਣ ਅਤੇ ਸਰਕਾਰ ਦੀਆਂ ਕਥਿਤ ਵਧੀਕੀਆਂ ਦਾ ਟਾਕਰਾ ਕਰਨ ਲਈ ਸਮੁੱਚੇ ਪੰਥ ਨੂੰ
Publish Date: Tue, 23 Jun 2026 08:56 AM (IST)
Updated Date: Tue, 23 Jun 2026 08:57 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਸਬੰਧੀ ਜਾਰੀ ਕੀਤੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ਼-8 ਮੁਹਾਲੀ ਵਿਖੇ ਪੰਥਕ ਇਕੱਤਰਤਾ ਹੋਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ, ਗੁਰਦੁਆਰਾ ਤਾਲਮੇਲ ਕਮੇਟੀ, ਵੱਖ-ਵੱਖ ਗੁਰਦੁਆਰਾ ਕਮੇਟੀਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਅਤੇ ਪੰਥ ਦਰਦੀਆਂ ਨੇ ਇਸ ਬੈਠਕ ਵਿੱਚ ਸ਼ਮੂਲੀਅਤ ਕੀਤੀ। ਬੈਠਕ ਦੌਰਾਨ ਅਕਾਲ ਤਖ਼ਤ ਸਾਹਿਬ ਨੂੰ ਦਿੱਤੀਆਂ ਜਾ ਰਹੀਆਂ ਚੁਣੌਤੀਆਂ ਦਾ ਢੁੱਕਵਾਂ ਜਵਾਬ ਦੇਣ ਅਤੇ ਸਰਕਾਰ ਦੀਆਂ ਕਥਿਤ ਵਧੀਕੀਆਂ ਦਾ ਟਾਕਰਾ ਕਰਨ ਲਈ ਸਮੁੱਚੇ ਪੰਥ ਨੂੰ ਇੱਕਜੁਟ ਹੋਣ ਦਾ ਹੋਕਾ ਦਿੱਤਾ ਗਿਆ। ਇਕੱਤਰਤਾ ਦੇਰ ਸ਼ਾਮ ਤੱਕ ਚੱਲੀ, ਜਿਸ ਵਿੱਚ ਮੌਜੂਦਾ ਧਾਰਮਿਕ ਅਤੇ ਪੰਥਕ ਹਾਲਾਤਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਥਕ ਏਕਤਾ ਸਮੇਂ ਦੀ ਲੋੜ: ਭੂੰਦੜ
ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਦਾ ਜ਼ਿਕਰ ਕਰਦਿਆਂ ਪੰਥ ਨੂੰ ਇੱਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੁਣੌਤੀਪੂਰਨ ਹਾਲਾਤਾਂ ਵਿੱਚ ਸਿੱਖ ਕੌਮ ਨੇ ਹਮੇਸ਼ਾ ਇਕੱਠੇ ਹੋ ਕੇ ਮੁਕਾਬਲਾ ਕੀਤਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਮੌਜੂਦਾ ਹਾਲਾਤਾਂ ਦੇ ਕਾਨੂੰਨੀ ਅਤੇ ਤਕਨੀਕੀ ਪੱਖਾਂ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਥਕ ਸੰਸਥਾਵਾਂ ਦੀ ਮਰਿਆਦਾ ਅਤੇ ਅਧਿਕਾਰਾਂ ਦੀ ਰੱਖਿਆ ਲਈ ਸੁਚੱਜੀ ਰਣਨੀਤੀ ਅਪਣਾਉਣੀ ਲੋੜੀਂਦੀ ਹੈ।
ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ: ਗਰੇਵਾਲ
ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸੱਤਾ ਅਤੇ ਸੱਚ ਦੀ ਲੜਾਈ ਵਿੱਚ ਆਖ਼ਰਕਾਰ ਸੱਚ ਦੀ ਹੀ ਜਿੱਤ ਹੁੰਦੀ ਹੈ। ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਭਰੋਸਾ ਜਤਾਇਆ ਕਿ ਪੰਥ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਅਜਮੇਰ ਸਿੰਘ ਖੇੜਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਵਾਲੀਆਂ ਤਾਕਤਾਂ ਇਤਿਹਾਸ ਵਿੱਚ ਕਦੇ ਕਾਮਯਾਬ ਨਹੀਂ ਹੋਈਆਂ। ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਨੇ ਇਸ ਸਥਿਤੀ ਨੂੰ ਸਿੱਖ ਕੌਮ ਲਈ ਵੱਡੀ ਚੁਣੌਤੀ ਕਰਾਰ ਦਿੰਦਿਆਂ ਸਾਰਿਆਂ ਨੂੰ ਇਕੱਠੇ ਹੋ ਕੇ ਇਸ ਦਾ ਸਾਹਮਣਾ ਕਰਨ ਦਾ ਸੱਦਾ ਦਿੱਤਾ।
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਕਾਇਮ ਰੱਖਣ ’ਤੇ ਜ਼ੋਰ
ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਬੈਠਕ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਅਤੇ ਪੰਥਕ ਸੰਸਥਾਵਾਂ ਦੀ ਮਰਿਆਦਾ ਬਰਕਰਾਰ ਰੱਖਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦਾ ਮੁਕਾਬਲਾ ਕਰਨ ਅਤੇ ਪੰਥਕ ਮਸਲਿਆਂ ’ਤੇ ਸਾਂਝੀ ਆਵਾਜ਼ ਬੁਲੰਦ ਕਰਨ ਲਈ ਸਮੁੱਚੇ ਪੰਥ ਨੂੰ ਇੱਕ ਮੰਚ ’ਤੇ ਇਕੱਠਾ ਹੋਣ ਦੀ ਲੋੜ ਹੈ।