
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

: ਪੰਜਾਬ ਦੇ ਲੋਕਾਂ ਦੀ ਨਬਜ਼ ਟਟੋਲਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਸੱਥਾਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਮੁਹਾਲੀ ਨੇੜਲੇ ਪਿੰਡ ਬੜਮਾਜਰਾ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਲੋਕਾਂ ਦੀ ਨਬਜ਼ ਟਟੋਲਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀਆਂ ਸੱਥਾਂ ਵਿਚ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸ਼ੁੱਕਰਵਾਰ ਨੂੰ ਮੁਹਾਲੀ ਨੇੜਲੇ ਪਿੰਡ ਬੜਮਾਜਰਾ ਵਿਚ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਪਿੰਡ ਦੀ ਸੱਥ ਵਿਚ ਲਾਈ ਸਟੇਜ 'ਤੇ ਬਾਣ ਦੇ ਮੰਜੇ ਉੱਤੇ ਬੈਠ ਕੇ ਮੁਹਾਲੀ ਦੇ ਲੋਕਾਂ ਨਾਲ ਦਿਲ ਖੋਲ੍ਹ ਕੇ ਗੱਲਾਂ ਸਾਂਝੀਆਂ ਕੀਤੀਆਂ ਅਤੇ ਲੋਕਾਂ ਦੀ ਵੱਡੀ ਭੀੜ ਕੇ ਬਾਗੋਬਾਗ ਹੋ ਗਏ।
ਲੋਕ ਭਗਵੰਤ ਮਾਨ ਨੂੰ ਸੁਣਨ ਲਈ ਦਰੱਖ਼ਤਾਂ ਦੀਆਂ ਟਾਹਣੀਆਂ ਅਤੇ ਘਰਾਂ ਦੇ ਬਨੇਰਿਆਂ ਉੱਤੇ ਚੜ੍ਹ ਕੇ ਬੈਠੇ ਹੋਏ ਸਨ।
ਉਨ੍ਹਾਂ ਕਿਹਾ ਕਿ ਅਕਸਰ ਸਰਕਾਰਾਂ ਦੇ ਅਖੀਰਲੇ ਚੋਣ ਵਰ੍ਹੇ ਲੋਕ ਹਾਕਮਾਂ ਤੋਂ ਆਪਣੇ ਕਦਮ ਪਿੱਛੇ ਖਿੱਚ ਲੈਂਦੇ ਹਨ ਪ੍ਰੰਤੂ ਮੌਜੂਦਾ ਸਮੇਂ ਵਿਚ ਲੋਕ ਆਪ ਮੁਹਾਰੇ ਲੋਕ ਮਿਲਣੀਆਂ ਵਿਚ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਇਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੇ ਲੋਕ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਖੁਸ਼ ਹਨ। ਇਸ ਲਈ ਮੁੱਖ ਮੰਤਰੀ ਨੇ ਮੰਜੇ ਉੱਤੇ ਨਾਲ ਬੈਠੇ ਵਿਧਾਇਕ ਕੁਲਵੰਤ ਸਿੰਘ ਵੱਲ ਦੇਖਿਆ ਅਤੇ ਕਿਹਾ ਕਿ ਲੋਕਾਂ ਦਾ ਇਹ ਠਾਠਾ ਮਾਰਦਾ ਇਕੱਠ ਦੱਸਦਾ ਹੈ ਕਿ ਉਹ ਆਪਣੇ ਚੁਣੇ ਹੋਏ ਨੁਮਾਇੰਦੇ ਨੂੰ ਅਥਾਹ ਪਿਆਰ ਕਰਦੇ ਹਨ।
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਗਰ ਨਿਗਮ ਚੋਣਾਂ ਵਿਚ ਵੱਡੀ ਜਿੱਤ ਮਿਲਣ ਸਬੰਧੀ ਪਿੰਡ ਸੋਹਾਣਾ ਵਿਖੇ ਲੋਕਾਂ ਦਾ ਧੰਨਵਾਦ ਕਰਨ ਲਈ ਕੀਤੇ ਗਏ ਵਿਸ਼ਾਲ ਰੋਡ ਸ਼ੋਅ ਦੌਰਾਨ ਅਜਿਹਾ ਨਜ਼ਾਰਾ ਦੇਖ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ: "ਪਿੰਡ ਬੜਮਾਜਰਾ ਵਿਚ ਲੋਕ ਮਿਲਣੀ ਦੌਰਾਨ ਤੁਹਾਡੇ ਤੋਂ ਜੋ ਪਿਆਰ ਅਤੇ ਵਿਸ਼ਵਾਸ ਮਿਲਿਆ ਹੈ, ਉਹ ਮੇਰੇ ਲਈ ਬਹੁਤ ਵੱਡੀ ਤਾਕਤ ਹੈ। ਮੈਂ ਹਮੇਸ਼ਾ ਕਿਹਾ ਹੈ ਕਿ ਸਰਕਾਰ ਕੁਰਸੀ ਲਈ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਵਿਕਾਸ ਲਈ ਹੁੰਦੀ ਹੈ।
ਅੱਜ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਵੱਡਾ ਬਦਲਾਅ ਦੇਖਿਆ ਹੈ।
ਤੁਹਾਡਾ ਪਿਆਰ ਇਵੇਂ ਹੀ ਬਣਿਆ ਰਹੇ ਅਤੇ ਪੰਜਾਬ ਦਿਨ-ਦੁਗਣੀ ਰਾਤ-ਚੌਗਣੀ ਤਰੱਕੀ ਕਰਦਾ ਰਹੇ।
ਸਰਕਾਰੀ ਸਕੂਲਾਂ ਦੇ ਨੀਟ ਕਲੀਅਰ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 'ਚ 80 ਤੋਂ ਵੱਧ ਕੇ ਹੁਣ 882 ਹੋ ਗਈ ਹੈ। ਪੰਜਾਬ ਦੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 42 ਲੱਖ ਪਰਿਵਾਰਾਂ ਦੇ ਸਿਹਤ ਯੋਜਨਾ ਕਾਰਡ ਬਣਾਏ ਗਏ ਹਨ।”
ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ 'ਤੇ ਵਰ੍ਹਦਿਆਂ ਉਨ੍ਹਾਂ ਕਿਹਾ, “ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਉਮਰ ਭਰ ਐਸ਼ੋ-ਆਰਾਮ ਅਤੇ ਸੁਰੱਖਿਅਤ ਮਾਹੌਲ ਵਿੱਚ ਸਮਾਂ ਬਿਤਾਇਆ ਹੈ। ਉਹ ਪੰਜਾਬ ਦੇ ਇਕ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਸਿਆਸੀ ਨੇਤਾ ਹਨ, ਜਿਨ੍ਹਾਂ ਨੂੰ ਸੂਬੇ ਦੀ ਭੂਗੋਲਿਕ ਸਥਿਤੀ ਦੀ ਬੁਨਿਆਦੀ ਸਮਝ ਵੀ ਨਹੀਂ ਹੈ, ਪਰ ਉਹ ਪੰਜਾਬ ਵਿਚ ਰਾਜਨੀਤਿਕ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਪੰਜਾਬ ਦੇ ਸੁਖਬੀਰ ਨੂੰ ਸੂਬੇ ਦੀਆਂ ਮੂਲ ਫ਼ਸਲਾਂ ਵਿੱਚ ਵੀ ਫਰਕ ਨਹੀਂ ਪਤਾ, ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਦੀ ਬਹੁਤ ਘੱਟ ਜਾਣਕਾਰੀ ਹੈ।”
ਉਨ੍ਹਾਂ ਕਿਹਾ, “ਕਾਂਗਰਸ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਵਿਜ਼ਨ ਨਹੀਂ ਹੈ। ਉਨ੍ਹਾਂ ਦਾ ਇਹੀ ਮਕਸਦ ਹੈ ਕਿ ਸੱਤਾ ਵਿਚ ਆ ਕੇ ਪੰਜਾਬ ਦੀ ਦੌਲਤ ਲੁੱਟੀ ਜਾਵੇ, ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਇੱਕ ਅਜਿਹਾ ਖੇਰੂੰ-ਖੇਰੂੰ ਹੋਇਆ ਘਰ ਹੈ ਜੋ ਆਪਣੀ ਅੰਦਰੂਨੀ ਲੜਾਈ ਕਾਰਨ ਢਹਿ ਢੇਰੀ ਹੋ ਜਾਵੇਗਾ। ਇਹ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਲੜ ਰਹੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਣ ਵਾਲੇ ਕਾਂਗਰਸ ਦੇ ਚੋਟੀ ਦੇ ਆਗੂਆਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਦੇ ਨਾਂ ਦਾ ਉਚਾਰਨ ਕਿਵੇਂ ਕਰਨਾ ਹੈ।”
ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਾਰਨ ਪੰਜਾਬ ਤਰੱਕੀ ਦੇ ਰਾਹ 'ਤੇ ਪਛੜ ਗਿਆ। ਇਨ੍ਹਾਂ ਪਾਰਟੀਆਂ ਦੇ ਆਗੂ ਕਦੇ ਵੀ ਇਕ-ਦੂਜੇ ਖ਼ਿਲਾਫ਼ ਨਹੀਂ ਬੋਲਦੇ ਪਰ ਮੇਰੇ ਖ਼ਿਲਾਫ਼ ਰੋਜ਼ਾਨਾ ਜ਼ਹਿਰ ਉਗਲਦੇ ਹਨ ਕਿਉਂਕਿ ਮੈਂ ਲੋਕਾਂ ਸਾਹਮਣੇ ਉਨ੍ਹਾਂ ਦਾ ਅਸਲ ਚਿਹਰਾ ਬੇਨਕਾਬ ਕੀਤਾ ਹੈ।”
ਭਗਵੰਤ ਮਾਨ ਨੇ ਲੋਕਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਵਤੀਰੇ ਨੂੰ ਚੇਤੇ ਕਰਨ ਲਈ ਆਖਦਿਆਂ ਕਿਹਾ ਕਿ ਇਹ ਉਹ ਗੱਦਾਰ ਹਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।”
ਇਸ ਮੌਕੇ ਕੌਂਸਲਰ ਡਾਕਟਰ ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਬੜਮਾਜਰਾ ਦੇ ਸਰਪੰਚ ਰਜਿੰਦਰ ਸਿੰਘ ਰਾਜੂ, ਬੜਮਾਜਰਾ ਕਲੋਨੀ ਦੇ ਸਰਪੰਚ ਗੁਰਨਾਮ ਸਿੰਘ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਜ਼ਿਲ੍ਹਾ ਚੇਅਰਮੈਨ ਰਣਜੀਤ ਪਾਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ,ਅਤੇ ਹੋਰ ਪਾਰਟੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।