
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਮੌਕੇ ਮ੍ਰਿਤਕ ਦੇ ਵਕੀਲ ਵੱਲੋਂ ਦੱਸਿਆ ਗਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਢਿੱਲੀ ਕਾਰਗੁਜ਼ਾਰੀ ਕਾਰਨ ਚਾਰ ਮੁਲਜ਼ਮਾਂ ਦੇ ਫ਼ਰਾਰ ਹੋਣ ਦੇ ਬਾਵਜੂਦ ਵੀ ਕਾਬੂ ਮੁਲਜ਼ਮ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ ਗਿਆ ਹੈ, ਜਦੋਂ ਕਿ ਪੁਲਿਸ ਨੂੰ ਫ਼ਰਾਰ ਦੋਸ਼ੀਆਂ ਦਾ ਪਤਾ ਲਗਾਉਣ ਲਈ ਉਸ ਦਾ ਹੋਰ ਰਿਮਾਂਡ ਲੈਣਾ ਬਣਦਾ ਸੀ

ਅਮਨਪ੍ਰੀਤ ਖਾਨਪੁਰੀ, ਪੰਜਾਬੀ ਜਾਗਰਣ, ਖਰੜ : ਬੀਤੇ ਦਿਨੀਂ ਸਨੀ ਇਨਕਲੇਵ ਵਿਚ ਹੋਏ ਹੈਡਮਾਸਟਰ ਗੁਰਸੇਵਕ ਸਿੰਘ ਕਤਲ ਕਾਂਡ ਵਿਚ ਕਾਬੂ ਸਰਤਾਜ ਸਿੰਘ ਤੇਜੀ ਨੂੰ ਪੁਲਿਸ ਨੇ ਸੱਤ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਅਦਾਲਤ ਵੱਲੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ ਗਏ ਹਨ।
ਇਸ ਮੌਕੇ ਮ੍ਰਿਤਕ ਦੇ ਵਕੀਲ ਵੱਲੋਂ ਦੱਸਿਆ ਗਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਢਿੱਲੀ ਕਾਰਗੁਜ਼ਾਰੀ ਕਾਰਨ ਚਾਰ ਮੁਲਜ਼ਮਾਂ ਦੇ ਫ਼ਰਾਰ ਹੋਣ ਦੇ ਬਾਵਜੂਦ ਵੀ ਕਾਬੂ ਮੁਲਜ਼ਮ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜਿਆ ਗਿਆ ਹੈ, ਜਦੋਂ ਕਿ ਪੁਲਿਸ ਨੂੰ ਫ਼ਰਾਰ ਦੋਸ਼ੀਆਂ ਦਾ ਪਤਾ ਲਗਾਉਣ ਲਈ ਉਸ ਦਾ ਹੋਰ ਰਿਮਾਂਡ ਲੈਣਾ ਬਣਦਾ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਕਾਬੂ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦਾ ਵਿਰੋਧ ਵੀ ਕੀਤਾ ਗਿਆ ਸੀ। ਇਸ ਮੌਕੇ ਮ੍ਰਿਤਕ ਹੈਡਮਾਸਟਰ ਗੁਰਸੇਵਕ ਸਿੰਘ ਦੇ ਪਰਿਵਾਰ ਤੇ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਖਰੜ ਅਦਾਲਤ ਦੇ ਬਾਹਰ ਕਤਲ ਕਾਂਡ ਦੇ ਰਹਿੰਦੇ ਮੁਲਜ਼ਮਾਂ ਨੂੰ ਜਲਦੀ ਕਾਬੂ ਨਾ ਕਰਨ ਦੇ ਰੋਸ ਵੱਜੋਂ ਹੱਥਾਂ ਵਿਚ ਇਨਸਾਫ਼ ਦੀਆਂ ਤਖ਼ਤੀਆਂ ਫੜਕੇ ਧਰਨਾ ਦਿੱਤਾ ਗਿਆ।
ਇਸ ਮੌਕੇ ਟੀਚਰਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਮ੍ਰਿਤਕ ਦੀ ਪਤਨੀ ਰਘਬੀਰ ਕੌਰ ਨੇ ਗੱਲ ਕਰਦਿਆਂ ਕਿਹਾ ਕਿ ਉਸ ਦੇ ਪਤੀ ਦੇ ਕਤਲ ਹੋਏ ਨੂੰ ਕਈ ਦਿਨ ਬੀਤ ਚੁੱਕੇ ਹਨ, ਜਦੋਂ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਮੁਲਜ਼ਮ ਸਰਤਾਜ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਮੌਕੇ ਕਿਹਾ ਗਿਆ ਸੀ ਕਿ ਉਹ ਜਲਦੀ ਹੀ ਬਾਕੀ ਦੇ ਰਹਿੰਦੇ ਦੋਸ਼ੀਆਂ ਨੂੰ ਵੀ ਕਾਬੂ ਕਰ ਲੈਣਗੇ ਪਰ ਇਸ ਤੋਂ ਬਾਅਦ ਪੁਲਿਸ ਦੀ ਢਿੱਲੀ ਮੂਸਤੈਦੀ ਕਾਰਨ ਬਾਕੀ ਦੇ ਰਹਿੰਦੇ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ। ਉਨ੍ਹਾਂ ਇਸ ਕਤਲ ਕਾਂਡ ਵਿਚ ਇਨਸਾਫ਼ ਲਈ ਪੰਜਾਬ ਸਰਕਾਰ ਤੋਂ ਸਿੱਟ ਬਣਾਕੇ ਜਾਂ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।
ਇਸ ਮੌਕੇ ਫੈਡਰੇਸ਼ਨ ਵਿਗਿਆਨ ਦੇ ਸੂਬਾ ਸਕੱਤਰ ਐੱਨਡੀ ਤਿਵਾੜੀ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਜੀਤ ਸਿੰਘ ਬਸੋਤਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ, ਸੰਦੀਪ ਸਿੰਘ ਪਵਨਦੀਪ ਸਿੰਘ, ਬਲਜੀਤ ਸਿੰਘ, ਲਲਿਤ ਸਿੰਗਲਾ, ਹਰਵਿੰਦਰ ਸਿੰਘ ਤੇ ਸੁਰਜੀਤ ਸਿੰਘ ਤੇ ਹੋਰ ਮੌਜੂਦ ਸਨ।