- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਗੱਲ ਦਾ ਖਿਆਲ ਰੱਖਦਿਆਂ ਅਧਿਆਪਕਾਂ ਨੇ ਸਕੂਲਾਂ ’ਚ ਛੁੱਟੀ ਤੋਂ ਮਗਰੋਂ ਬਾਅਦ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਸਾਂਝੇ ਮੋਰਚੇ ਵੱਲੋਂ ਆਪੋ-ਆਪਣੇ ਇਲਾਕਿਆਂ ਵਿਚ ਡੀਸੀ ਦਫ਼ਤਰਾਂ ਅਤੇ ਹੋਰ ਧਰਨਾ ਪੁਆਇੰਟਾਂ 'ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸਿੱਖਿਆ ਵਿਭਾਗ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਮਾਮਲਾ ਭਖ ਗਿਆ ਹੈ। ਗੌਰਮਿੰਟ ਟੀਚਰਜ਼ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਜੀਟੀਯੂ (ਵਿਗਿਆਨਿਕ), ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ, ਐਸਸੀ/ਬੀਸੀ ਯੂਨੀਅਨ ਪੰਜਾਬ, ਬੀ.ਐੱਡ. ਫਰੰਟ (ਬਿਲਗਾ), ਅਧਿਆਪਕ ਦਲ ਪੰਜਾਬ ਸਮੇਤ ਦਸ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਜ਼ਿਲ੍ਹਾ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ, ਇਸ ਗੱਲ ਦਾ ਖਿਆਲ ਰੱਖਦਿਆਂ ਅਧਿਆਪਕਾਂ ਨੇ ਸਕੂਲਾਂ ’ਚ ਛੁੱਟੀ ਤੋਂ ਮਗਰੋਂ ਬਾਅਦ ਦੁਪਹਿਰ ਲਗਭਗ ਸਾਢੇ ਤਿੰਨ ਵਜੇ ਸਾਂਝੇ ਮੋਰਚੇ ਵੱਲੋਂ ਆਪੋ-ਆਪਣੇ ਇਲਾਕਿਆਂ ਵਿਚ ਡੀਸੀ ਦਫ਼ਤਰਾਂ ਅਤੇ ਹੋਰ ਧਰਨਾ ਪੁਆਇੰਟਾਂ 'ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ।
ਜੀਟੀਯੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੁਹਾਲੀ ਵਿਚ ਡੀਸੀ ਦਫ਼ਤਰ ਦੇ ਬਾਹਰ ਰਾਧਾ ਸੁਆਮੀ ਸਤਿਸੰਗ ਭਵਨ ਦੇ ਗੇਟ ਨੇੜੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਸੁਖਵਿੰਦਰ ਸਿੰਘ ਚਾਹਲ, ਦਿੱਗਵਿਜੈ ਪਾਲ ਸ਼ਰਮਾ, ਵਿਕਰਮਦੇਵ ਸਿੰਘ, ਰੇਸ਼ਮ ਸਿੰਘ ਖੇਮੂਆਣਾ, ਸੁਰਿੰਦਰ ਕੰਬੋਜ, ਬਿਕਰਮਜੀਤ ਕੱਦੋਂ, ਲਛਮਣ ਸਿੰਘ ਨਬੀਪੁਰ, ਟਹਿਲ ਸਿੰਘ ਸਰਾਭਾ, ਵਰਿੰਦਰਜੀਤ ਸਿੰਘ ਬਜਾਜ, ਹਰਜੀਤ ਸਿੰਘ, ਸਤਵੀਰ ਸਿੰਘ ਰੌਣੀ, ਓਂਕਾਰ ਸਿੰਘ ਤੇ ਲਖਵੀਰ ਮੁਕਤਸਰ ਅਤੇ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫ਼ੈਸਲਾ ਵਾਪਸ ਨਾ ਲਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ’ਚ ਕੀਤੀਆਂ ਤਰੱਕੀਆਂ ’ਚ ਹੋਈਆਂ ਬੇਨਿਯਮੀਆਂ ਅਤੇ ਇਸ ਪ੍ਰਕਿਰਿਆ ਦੌਰਾਨ ਅਪਣਾਈ ਗਈ ਪੱਖਪਾਤੀ ਪਹੁੰਚ ਕਾਰਨ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਹਜ਼ਾਰਾਂ ਅਧਿਆਪਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ ਪਹਿਲਾਂ ਹੀ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਨੀਤੀਆਂ, ਗ਼ੈਰ-ਵਿੱਦਿਅਕ ਡਿਊਟੀਆਂ ਅਤੇ ਸੇਵਾ ਸ਼ਰਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਦੂਜੇ ਪਾਸੇ, ਸਰਕਾਰ ਵੱਲੋਂ ਅਖੌਤੀ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਵਿਭਾਗ ਦੀ ਕਾਰਜਪ੍ਰਣਾਲੀ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਗੰਭੀਰ ਬਣਾ ਰਹੀ ਹੈ।
---
ਲੱਗਦਾ ਹੈ ਵਿਭਾਗ ਨੇ ਸਜ਼ਾ ਦਿੱਤੀ ਹੈ
ਆਗੂਆਂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੱਡੀ ਮਾਤਰਾ ’ਚ ਅਸਾਮੀਆਂ ਖਾਲੀ ਪਈਆਂ ਹਨ ਅਤੇ ਤਰੱਕੀ ਪਾਉਣ ਵਾਲੇ ਅਧਿਆਪਕਾਂ ਨੂੰ ਦੂਰ-ਦੁਰਾਡੇ ਸਕੂਲਾਂ ’ਚ ਤਾਇਨਾਤ ਕੀਤਾ ਗਿਆ ਹੈ। ਮੌਜੂਦਾ ਨੀਤੀ ਤੋਂ ਅਜਿਹਾ ਜਾਪਦਾ ਹੈ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਤਰੱਕੀਆਂ ਨਹੀਂ ਬਲਕਿ ਸਜ਼ਾ ਦਿੱਤੀ ਹੈ। ਜਿਸ ਕਾਰਨ ਪਾੜ੍ਹਿਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਸੇਵਾ ਅਧਿਕਾਰਾਂ, ਸੀਨੀਆਰਤਾ ਅਤੇ ਜਾਇਜ਼ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਫ਼ੈਸਲੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰਾਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।