ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂ ਰੈਲੀ : ਬੈਰੀਕੇਟਿੰਗ ਨਾਲ ਪ੍ਰਦਰਸ਼ਨਕਾਰੀਆਂ ਦਾ ਰੋਕਿਆ ਰਾਹ, ਯੂਟੀ ਪੁਲਿਸ ਨੇ ਜਲ ਤੋਪਾਂ ਦੀ ਵੀ ਕੀਤੀ ਵਰਤੋਂ
ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਅਪੀਲ ਤੇ ਅੱਜ ਅਨਾਜ ਮੰਡੀ, ਸੈਕਟਰ-39, ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਦੀ ਇਹ ਮਹਾਂ ਰੈਲੀ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦੇਵੇਗੀ ਅਤੇ ਫੈਸਲਾਕੁਨ ਸਾਬਤ ਹੋਵੇਗੀ।
Publish Date: Fri, 07 Aug 2026 11:07 AM (IST)
Updated Date: Fri, 07 Aug 2026 03:19 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਅਪੀਲ ਤੇ ਅੱਜ ਅਨਾਜ ਮੰਡੀ, ਸੈਕਟਰ-39, ਚੰਡੀਗੜ੍ਹ ਵਿਖੇ ਮਹਾਂ ਰੈਲੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਹੁਣ ਥੋੜੀ ਹੀ ਦੇਰ ਬਾਅਦ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਲੋਂ ਅਨਾਜ ਮੰਡੀ ਸੈਕਟਰ-39 ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਗਿਆ। ਯੂਟੀ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮੁੱਖ ਸੜਕ ਉੱਤੇ ਜ਼ਬਰਦਸਤ ਬੈਰੀਕੇਟਿੰਗ ਕੀਤੀ ਗਈ ਹੈ ਅਤੇ ਵਾਟਰ ਕੈਨਨ ਟੈਂਕ ਸਮੇਤ ਫਾਇਰ ਬ੍ਰਿਗੇਡ ਦੀ ਗੱਡੀ ਦੀ ਵੀ ਵਿਵਸਥਾ ਕੀਤੀ ਗਈ ਹੈ।
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੱਢਿਆ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਨੇ ਜ਼ਬਰਦਸਤ ਬੈਰੀਕੇਟਿੰਗ ਕਰਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕਿਆ। ਭੀੜ ਵੱਲੋਂ ਬੈਰੀਕੇਟ ਤੋੜਨ ਦਾ ਯਤਨ ਕੀਤਾ ਗਿਆ। ਯੂਟੀ ਪੁਲਿਸ ਨੇ ਜਲ ਤੋਪਾਂ ਦੀ ਵੀ ਕੀਤੀ ਵਰਤੋਂ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅੱਜ ਦੀ ਇਹ ਮਹਾਂ ਰੈਲੀ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦੇਵੇਗੀ ਅਤੇ ਫੈਸਲਾਕੁਨ ਸਾਬਤ ਹੋਵੇਗੀ। ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਆਗੂ ਸੁਖਚੈਨ ਸਿੰਘ ਖਹਿਰਾ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਕਨਵੀਨਰ ਕਰਮ ਸਿੰਘ ਧਨੋਆ ਅਤੇ ਮੁਲਾਜ਼ਮ ਆਗੂ ਐਨਡੀ ਤਿਵਾੜੀ ਨੇ ਕਿਹਾ ਕਿ ਦੁਪਹਿਰ 12 ਮਹਾਂ ਰੈਲੀ ਸ਼ੁਰੂ ਹੋਵੇਗੀ। ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦੇ ਵਾਇਆ ਮੁਹਾਲੀ ਵੇਰਕਾ ਚੌਕ ਅਤੇ ਦਾਰਾ ਸਟੂਡੀਓ ਰਸਤੇ ਰਾਹੀਂ ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਚੰਡੀਗੜ੍ਹ ਰੈਲੀ ਵਿੱਚ ਪਹੁੰਚਣਗੇ।
ਆਗੂਆਂ ਨੇ ਕਿਹਾ ਕਿ ਦੋ ਵਜੇ ਤੱਕ ਰੈਲੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਖੁੱਲ੍ਹ ਕੇ ਲੰਬੀ ਚਰਚਾ ਕੀਤੀ ਜਾਵੇਗੀ ਅਤੇ ਉਪਰੰਤ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਕੂਚ ਕੀਤਾ ਜਾਵੇਗਾ। ਜੇਕਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੌਕੇ ਤੇ ਹੀ ਅਗਲੇ ਐਕਸ਼ਨ ਬਾਰੇ ਫੈਸਲਾ ਲਿਆ ਜਾਵੇਗਾ। ਉਂਝ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਬਾਰੇ ਲਿਖਤੀ ਭਰੋਸੇ ਤੋਂ ਘੱਟ ਕੋਈ ਗੱਲ ਮਨਜ਼ੂਰ ਨਹੀਂ ਹੋਵੇਗੀ।