ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖ਼ੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ।
ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਮੁਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ-ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫ਼ੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ।
ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਬੇਹੱਦ ਜ਼ਰੂਰੀ ਹੈ ਕਿ ਕੁੜੀਆਂ ਅੱਗੇ ਆਉਣ ਅਤੇ ਸਿੱਖਿਆ ਰਾਹੀਂ ਖ਼ੁਦ ਨੂੰ ਸਸ਼ਕਤ ਬਣਾਉਣ। ਇਹ ਦੇਸ਼ ਲਈ ਲਾਹੇਵੰਦ ਹੈ ਕਿਉਂਕਿ ਘਰਾਂ ਅਤੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੰਭਾਲਣ ਵਾਲੀਆਂ ਔਰਤਾਂ ਨੂੰ ਦੇਸ਼ ਦਾ ਵਿਵਸਥਾ ਨੂੰ ਵੀ ਚਲਾਉਣਾ ਚਾਹੀਦਾ ਹੈ।
ਸੂਬਾ ਸਰਕਾਰ ਇਸ ਨੇਕ ਕਾਰਜ ਪ੍ਰਤੀ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।’
ਸਿਆਸਤ ਵਿਚ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਤ ਕਰਦਿਆਂ ਉਨ੍ਹਾਂ ਕਿਹਾ, ‘ਲੜਕੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਿਆਸਤ ਵਿਚ ਪੈਰ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਫ਼ੈਸਲੇ ਲੈਣ ਵਿਚ ਸਰਗਰਮ ਭਾਈਵਾਲ ਬਣ ਸਕਣ ਅਤੇ ਸਮਾਜ ਵਿਚ ਜ਼ਰੂਰੀ ਬਦਲਾਅ ਲਿਆ ਸਕਣ।
ਅੱਜ ਕੁੜੀਆਂ ਲਗਭਗ ਹਰ ਖੇਤਰ ਵਿਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਸਿਆਸਤ ਵਿਚ ਅਜੇ ਵੀ ਪਿੱਛੇ ਹਨ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਮਰਦਾਂ ਦੀ ਜਾਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਸਮਾਂ ਆ ਗਿਆ ਹੈ ਕਿ ਔਰਤਾਂ ਸਿਆਸਤ ਵਿਚ ਵੀ ਨਾਮਣਾ ਖੱਟਣ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਔਰਤਾਂ ਦੀ ਭਾਈਵਾਲੀ ਜ਼ਰੂਰੀ ਹੈ। ਔਰਤਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਅਤੇ ਉਨ੍ਹਾਂ ਦੇ ਪਰਿਵਾਰ ਆਪਣੀ ਵੋਟ ਦੀ ਵਰਤੋਂ ਪੂਰੀ ਸਮਝ ਅਤੇ ਧਿਆਨ ਨਾਲ ਕਰਨ ਤਾਂ ਜੋ ਵਿਧਾਨ ਸਭਾ ਅਤੇ ਸੰਸਦ ਲਈ ਯੋਗ ਆਗੂ ਚੁਣੇ ਜਾਣ।’
ਸੂਬੇ ਲਈ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, "ਇਹ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਵਿਚ ਮਦਦ ਕਰੇਗਾ। ਇਹ ਮਾਣ ਵਾਲੀ ਗੱਲ ਹੈ ਕਿ ਅੱਜ ਕੁੜੀਆਂ ਸਾਰੇ ਖੇਤਰਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਨਿਰੰਤਰ ਕਦਮ ਚੁੱਕੇ ਗਏ ਹਨ। 'ਆਪ' ਸਰਕਾਰ ਨੇ ਕਈ ਔਰਤਾਂ ਨੂੰ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਵਜੋਂ ਨਿਯੁਕਤ ਕੀਤਾ ਹੈ, ਜੋ ਕਿ ਪਹਿਲਾਂ ਨਾਲੋਂ ਵੱਡਾ ਬਦਲਾਅ ਹੈ। ਕਿਸੇ ਵੀ ਸਰਕਾਰ ਦੇ ਮੁਕਾਬਲੇ ਆਪ ਵੱਲੋਂ ਇਨ੍ਹਾਂ ਅਹੁਦਿਆਂ 'ਤੇ ਸਭ ਤੋਂ ਵੱਧ ਗਿਣਤੀ ਵਿਚ ਔਰਤਾਂ ਨੂੰ ਤਾਇਨਾਤ ਕੀਤਾ ਗਿਆ ਹੈ।"
ਔਰਤਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ਵਵਿਆਪੀ ਉਦਾਹਰਨ ਪੇਸ਼ ਕਰਦਿਆਂ ਉਨ੍ਹਾਂ ਕਿਹਾ, "ਚੀਨ ਵਿਚ ਹਰ ਔਰਤ ਕਿਸੇ ਨਾ ਕਿਸੇ ਵਸਤੂ ਦੇ ਉਤਪਾਦਨ ਵਿਚ ਲੱਗੀ ਹੋਈ ਹੈ। ਜੇਕਰ ਉਹ ਨਿਰਯਾਤ ਕਰਨਾ ਬੰਦ ਕਰ ਦਿੰਦੀਆਂ ਹਨ ਤਾਂ ਵਿਸ਼ਵ ਦੀ ਅਰਥਵਿਵਸਥਾ ਪ੍ਰਭਾਵਿਤ ਹੋ ਜਾਵੇਗੀ। ਪੰਜਾਬੀ ਔਰਤਾਂ ਨੂੰ ਮਾਤਾ ਗੁਜਰੀ ਜੀ, ਮਾਈ ਭਾਗੋ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਬੁਲੰਦੀਆਂ ਨੂੰ ਛੂਹਣਾ ਚਾਹੀਦਾ ਹੈ। ਸਾਡੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਵਿਆਪਕ ਸੁਧਾਰ ਕੀਤੇ ਗਏ ਹਨ ਤਾਂ ਜੋ ਸੂਬੇ ਭਰ ਵਿਚ ਖ਼ਾਸ ਕਰਕੇ ਕੁੜੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਸਿੱਖਿਆ ਕਮਜ਼ੋਰ ਵਰਗਾਂ ਦੇ ਜੀਵਨ ਨੂੰ ਬਦਲਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ।’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖ਼ਤਮ ਨਹੀਂ ਕਰ ਸਕਦੀ। ਸਿੱਖਿਆ ਇਸ ਚੱਕਰ ਨੂੰ ਤੋੜਨ ਅਤੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਦਾ ਇਕੋ-ਇਕ ਤਰੀਕਾ ਹੈ ਅਤੇ ਇਸੇ ਲਈ ਸਾਡੀ ਸਰਕਾਰ ਇਸ ਨੂੰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ। ਔਰਤਾਂ ਨੂੰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਅਤੇ ਹਰ ਖੇਤਰ ਵਿਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨੀ ਚਾਹੀਦੀ ਹੈ। ਸਰਕਾਰ ਵੱਲੋਂ ਮੁਕੰਮਲ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਪਰ ਸਮੇਂ ਦੇ ਹਾਣੀ ਬਣੇ ਰਹਿਣ ਲਈ ਹੁਨਰਾਂ ਨੂੰ ਸਿੱਖਦੇ ਰਹਿਣਾ ਅਤੇ ਖ਼ੁਦ ਨੂੰ ਅਪਗ੍ਰੇਡ ਕਰਦੇ ਰਹਿਣਾ ਵੀ ਉਨਾ ਹੀ ਮਹੱਤਵਪੂਰਨ ਹੈ।
ਉਨ੍ਹਾਂ ਅੱਗੇ ਕਿਹਾ, ‘ਅੱਜ ਪੰਜਾਬ ਦੀਆਂ ਔਰਤਾਂ ਲਈ ਇਤਿਹਾਸਕ ਦਿਨ ਹੈ, ਜਿਨ੍ਹਾਂ ਨੇ ਸਖ਼ਤ ਮਿਹਨਤ ਤੇ ਲਗਨ ਨਾਲ ਆਪਣੀ ਪਛਾਣ ਬਣਾਈ ਹੈ। ਮਹਿਲਾ ਉੱਦਮੀਆਂ ਨੂੰ ਹਮੇਸ਼ਾ ਮੌਕੇ ਦਿੱਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸਨਮਾਨਿਤ ਕਰਨ 'ਤੇ ਮਾਣ ਮਹਿਸੂਸ ਕਰ ਰਹੇ ਹਾਂ। ਕਿਸੇ ਵੀ ਸਮਾਜ ਦਾ ਵਿਕਾਸ ਔਰਤਾਂ ਦੇ ਯੋਗਦਾਨ ਤੋਂ ਬਿਨਾਂ ਅਧੂਰਾ ਹੈ।’
ਸੱਭਿਆਚਾਰਕ ਅਤੇ ਦਾਰਸ਼ਨਿਕ ਪਿਛੋਕੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਸਿਧਾਂਤਾਂ ਵਿਚ ਔਰਤਾਂ ਨੂੰ ਹਮੇਸ਼ਾ ਸਨਮਾਨਜਨਕ ਸਥਾਨ ਦਿੱਤਾ ਜਾਂਦਾ ਹੈ। ਅੱਜ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ (ਪੀਐੱਸਆਰਐੱਲਐੱਮ) ਅਧੀਨ 23 ਜ਼ਿਲ੍ਹਿਆਂ ਦੀਆਂ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲੀਆਂ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਹਰੇਕ ਨੂੰ 25,000 ਰੁਪਏ, ਇਕ ਸਰਟੀਫਿਕੇਟ ਅਤੇ ਇਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 117 ਵਿਧਾਨ ਸਭਾ ਹਲਕਿਆਂ ਵਿਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ, “ਜ਼ਿਲ੍ਹਾ ਪੱਧਰ 'ਤੇ 23 ਜ਼ਿਲ੍ਹਿਆਂ ਵਿਚ 2,300 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਕੁੱਲ 58,303 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ, ਜਿਨ੍ਹਾਂ ਨਾਲ ਲਗਭਗ 5.89 ਲੱਖ ਪੇਂਡੂ ਪਰਿਵਾਰ ਜੁੜੇ ਹਨ ਅਤੇ ਇਨ੍ਹਾਂ ਨੂੰ ਮਜ਼ਬੂਤ ਕਰਨ ਲਈ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਇਸ ਦੌਰਾਨ, 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, "ਪਹਿਲਾਂ ਅਜਿਹੇ ਸਮਾਗਮ ਸਿਰਫ਼ ਧਨਾਢ ਪਰਿਵਾਰਾਂ ਦੀਆਂ ਔਰਤਾਂ ਤੱਕ ਸੀਮਤ ਸਨ। ਪਹਿਲੀ ਵਾਰ ਸਧਾਰਨ ਪਰਿਵਾਰਾਂ ਦੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ। ਇਹ ਲਹਿਰ ਸਸ਼ਕਤੀਕਰਨ ਰਾਹੀਂ ਔਰਤਾਂ ਦੇ ਜੀਵਨ ਨੂੰ ਬਦਲਣ ਅਤੇ ਹੋਰਨਾਂ ਨੂੰ ਰਾਸ਼ਟਰ ਨਿਰਮਾਤਾ ਵਜੋਂ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ ਵਿਚ ਬਹੁਤ ਮਦਦ ਕਰੇਗੀ।" ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।