- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੇ ਗਏ ਅਕਾਲੀ ਦਲ-ਭਾਜਪਾ ਗੱਠਜੋੜ ਲਈ ਸ਼ੁਕਰਾਨਾ ਕਰਨ ਵਾਸਤੇ ਆਪਣੇ ਜੱਦੀ ਪਿੰਡ ਲੋਹਗੜ੍ਹ ਸਥਿਤ ਮੰਦਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਜੇਐੱਸਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਅੱਜ ਆਪਣੇ ਸੈਂਕੜੇ ਸਮਰਥਕਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੇ ਗਏ ਅਕਾਲੀ ਦਲ-ਭਾਜਪਾ ਗੱਠਜੋੜ ਲਈ ਸ਼ੁਕਰਾਨਾ ਕਰਨ ਵਾਸਤੇ ਆਪਣੇ ਜੱਦੀ ਪਿੰਡ ਲੋਹਗੜ੍ਹ ਸਥਿਤ ਮੰਦਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਗੱਠਜੋੜ ਕਿਸੇ ਅਹੁਦੇ ਜਾਂ ਨਿੱਜੀ ਸਿਆਸੀ ਲਾਭ ਲਈ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੀਤਾ ਗਿਆ ਹੈ। ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਵਿਚਕਾਰ ਲੰਮੇ ਸਮੇਂ ਤੋਂ ਸਾਂਝ ਅਤੇ ਭਾਈਚਾਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਦੂ, ਸਿੱਖ, ਮੁਸਲਮਾਨ ਅਤੇ ਇਸਾਈ ਸਾਰੇ ਭਾਈਚਾਰਿਆਂ ਦਾ ਸਤਿਕਾਰ ਕਰਨਾ ਅਕਾਲੀ ਦਲ ਦੀ ਰਵਾਇਤ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸੰਦੇਸ਼ ਅਨੁਸਾਰ ਸਾਰਿਆਂ ਨੂੰ ਮਿਲਜੁਲ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਚਾਹੀਦਾ ਹੈ।
ਪੰਜਾਬ ਦੀ ਆਰਥਿਕ ਸਥਿਤੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਸੂਬੇ ਸਿਰ ਵਧ ਰਹੇ ਕਰਜ਼ੇ, ਬਿਜਲੀ ਸਬਸਿਡੀ ਅਤੇ ਸਰਕਾਰੀ ਖਰਚਿਆਂ ਨੂੰ ਲੈ ਕੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮਦਦ ਤੋਂ ਬਿਨਾਂ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਮੁਸ਼ਕਲ ਹੈ। ਉਨ੍ਹਾਂ ਸੂਬੇ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਵੀ ਵੱਡੀ ਚੁਣੌਤੀ ਦੱਸਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਰਮਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਬੂਥ ’ਤੇ ਇਕਜੁੱਟ ਹੋ ਕੇ ਕੰਮ ਕਰਨ।