- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਵਿਚ ਸਾਹਮਣੇ ਆਇਆ ਕਿ ਮ੍ਰਿਤਕ ਪਿਛਲੇ ਕਰੀਬ 10 ਸਾਲਾ ਤੋਂ ਇਸ ਕਿਰਾਏ ਦੇ ਮਕਾਨ ਵਿਚ ਇਕੱਲਾ ਹੀ ਰਹਿ ਰਿਹਾ ਸੀ। ਉਨ੍ਹਾਂ ਦੀ ਪਤਨੀ ਦੀ ਮੌਤ ਸਾਲ 2020 ਵਿਚ ਕੋਰੋਨਾ ਕਾਲ ਦੌਰਾਨ ਹੋ ਗਈ ਸੀ, ਜਦੋਂ ਕਿ ਉਨ੍ਹਾਂ ਦੇ ਦੋਵੇਂ ਬੱਚੇ ਕੈਨੇਡਾ ਵਿਚ ਰਹਿੰਦੇ ਹਨ। ਪੁਲਿਸ ਅਨੁਸਾਰ ਪਤਨੀ ਦੀ ਮੌਤ ਤੋਂ ਬਾਅਦ ਉਹ ਕਾਫ਼ੀ ਪਰੇਸ਼ਾਨ ਰਹਿਣ ਲੱਗੇ ਸਨ ਅਤੇ ਮੈਡੀਟੇਸ਼ਨ ਰਾਹੀਂ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਫੇਜ਼-11 ਵਿਚ ਪਿਛਲੇ ਲੰਮੇ ਸਮੇਂ ਤੋਂ ਕਿਰਾਏ 'ਤੇ ਰਹਿ ਰਹੇ 75 ਸਾਲਾ ਗੁਰਮੁਖ ਸਿੰਘ ਵੱਲੋਂ ਆਪਣੇ-ਆਪ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫੇਜ਼-11 ਥਾਣਾ ਮੁਖੀ ਅਮਨ ਬੈਦਵਾਨ ਆਪਣੀ ਪੁਲਿਸ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ।
ਪੁਲਿਸ ਦੀ ਮੁੱਢਲੀ ਜਾਂਚ ਦੌਰਾਨ ਮੌਕੇ ਤੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿਚ ਲਿਖਿਆ ਹੈ ਕਿ "ਮੈਂ ਆਪਣੇ ਸਰੀਰ ਅਤੇ ਦਿਮਾਗ ਤੋਂ ਥੱਕ ਚੁੱਕਾ ਹਾਂ।" ਸੁਸਾਈਡ ਨੋਟ ਦੇ ਹੇਠਾਂ ਗੁਰਮੁਖ ਸਿੰਘ ਦੇ ਦਸਤਖ਼ਤ ਵੀ ਮੌਜੂਦ ਹਨ। ਇਸ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਮੌਕੇ 'ਤੇ ਬੁਲਾ ਕੇ ਸੈਂਪਲ ਇਕੱਠੇ ਕੀਤੇ ਗਏ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਬੀਐੱਨਐੱਸਐੱਸ ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਤਨੀ ਦੀ ਮੌਤ ਤੋਂ ਬਾਅਦ ਇਕੱਲਾ ਰਹਿ ਰਿਹਾ ਸੀ ਬਜ਼ੁਰਗ :
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਮੰਗਲਵਾਰ ਸਵੇਰੇ ਫੇਜ਼-11 ਸਥਿਤ ਇਕ ਕੋਠੀ ’ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚੀ ਪੁਲਿਸ ਨੂੰ ਬੈੱਡ 'ਤੇ ਗੁਰਮੁਖ ਸਿੰਘ ਦੀ ਬੁਰੀ ਤਰ੍ਹਾਂ ਸੜੀ ਹੋਈ ਲਾਸ਼ ਮਿਲੀ।
ਜਾਂਚ ਵਿਚ ਸਾਹਮਣੇ ਆਇਆ ਕਿ ਮ੍ਰਿਤਕ ਪਿਛਲੇ ਕਰੀਬ 10 ਸਾਲਾ ਤੋਂ ਇਸ ਕਿਰਾਏ ਦੇ ਮਕਾਨ ਵਿਚ ਇਕੱਲਾ ਹੀ ਰਹਿ ਰਿਹਾ ਸੀ। ਉਨ੍ਹਾਂ ਦੀ ਪਤਨੀ ਦੀ ਮੌਤ ਸਾਲ 2020 ਵਿਚ ਕੋਰੋਨਾ ਕਾਲ ਦੌਰਾਨ ਹੋ ਗਈ ਸੀ, ਜਦੋਂ ਕਿ ਉਨ੍ਹਾਂ ਦੇ ਦੋਵੇਂ ਬੱਚੇ ਕੈਨੇਡਾ ਵਿਚ ਰਹਿੰਦੇ ਹਨ। ਪੁਲਿਸ ਅਨੁਸਾਰ ਪਤਨੀ ਦੀ ਮੌਤ ਤੋਂ ਬਾਅਦ ਉਹ ਕਾਫ਼ੀ ਪਰੇਸ਼ਾਨ ਰਹਿਣ ਲੱਗੇ ਸਨ ਅਤੇ ਮੈਡੀਟੇਸ਼ਨ ਰਾਹੀਂ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ।
ਮਕਾਨ ਮਾਲਕ ਤੋਂ ਸੂਚਨਾ ਮਿਲਣ 'ਤੇ ਪੁਲਿਸ ਨੇ ਪਰਿਵਾਰ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮ੍ਰਿਤਕ ਦੇ ਭਰਾ ਅਤੇ ਭੈਣ ਥਾਣੇ ਪਹੁੰਚੇ। ਪਰਿਵਾਰ ਵੱਲੋਂ ਕਿਸੇ ਵੀ ਕਿਸਮ ਦਾ ਸ਼ੱਕ ਨਹੀਂ ਜਤਾਇਆ ਗਿਆ ਹੈ।
ਥਾਣਾ ਫੇਜ਼-11 ਦੇ ਐੱਸਐੱਚਓ ਅਮਨ ਬੈਦਵਾਨ ਨੇ ਦੱਸਿਆ ਕਿ ਬੁੱਧਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਮਾਮਲੇ ਵਿਚ ਅੱਗੇ ਦੀ ਕਾਰਵਾਈ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਦੇ ਆਧਾਰ 'ਤੇ ਕੀਤੀ ਜਾਵੇਗੀ।
ਫੋਟੋ ਕੈਪਸ਼ਨ : ਘਰ ’ਚ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਇਆ ਸਾਮਾਨ। 35ਪੀ