ਸਫ਼ਾਈ ਸੇਵਕਾਂ ਦੀ ਚਾਂਦੀ : ਤਨਖ਼ਾਹ 10,500 ਤੋਂ ਵਧਾ ਕੇ ਕੀਤੀ 20,500 ਰੁਪਏ, ਵਿਧਾਇਕ ਰੰਧਾਵਾ ਦਾ ਕੀਤਾ ਧੰਨਵਾਦ ਨਗਰ ਕੌਂਸਲ ਡੇਰਾਬੱਸੀ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪਹੁੰਚਣ ’ਤੇ ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਵਿਚ ਲਏ ਗਏ ਅਹਿਮ ਫ਼ੈਸਲਿਆਂ ਲਈ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਤਨਖ਼ਾਹ ’ਚ ਵੱਡਾ ਵਾਧਾ ਕਰਨ ਅਤੇ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ।
Publish Date: Wed, 12 Aug 2026 12:57 PM (IST)
Updated Date: Wed, 12 Aug 2026 12:59 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਨਗਰ ਕੌਂਸਲ ਡੇਰਾਬੱਸੀ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪਹੁੰਚਣ ’ਤੇ ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹੱਕ ਵਿਚ ਲਏ ਗਏ ਅਹਿਮ ਫ਼ੈਸਲਿਆਂ ਲਈ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਤਨਖ਼ਾਹ ’ਚ ਵੱਡਾ ਵਾਧਾ ਕਰਨ ਅਤੇ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਫ਼ੈਸਲਿਆਂ ਦੀ ਸ਼ਲਾਘਾ ਕੀਤੀ।
ਸਫ਼ਾਈ ਸੇਵਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਪ੍ਰਤੀ ਮਹੀਨਾ ਕਰਨ ਦਾ ਫ਼ੈਸਲਾ ਉਨ੍ਹਾਂ ਲਈ ਵੱਡੀ ਰਾਹਤ ਹੈ। ਇਸ ਤੋਂ ਇਲਾਵਾ 5 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਰੈਗੂਲਰ ਕਰਨ ਅਤੇ ਠੇਕੇਦਾਰੀ ਪ੍ਰਣਾਲੀ ਵਿਚ ਅਹਿਮ ਬਦਲਾਅ ਕਰਨ ਦੇ ਫ਼ੈਸਲੇ ਨੂੰ ਵੀ ਉਨ੍ਹਾਂ ਨੇ ਮੁਲਾਜ਼ਮ ਹਿੱਤ ਵਿਚ ਮਹੱਤਵਪੂਰਨ ਕਦਮ ਕਰਾਰ ਦਿੱਤਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਫ਼ਾਈ ਸੇਵਕ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਹਰ ਰੋਜ਼ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ।
ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਦੇ ਹਿੱਤ ਵਿਚ ਲਏ ਜਾ ਰਹੇ ਫ਼ੈਸਲੇ ਇਸ ਗੱਲ ਦਾ ਪ੍ਰਗਟਾਵਾ ਹਨ ਕਿ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਤਨਖ਼ਾਹ ਵਿਚ ਵਾਧੇ ਨਾਲ ਸਫ਼ਾਈ ਸੇਵਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਮਿਲੇਗੀ ਅਤੇ 5 ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਰੈਗੂਲਰ ਕਰਨ ਨਾਲ ਉਨ੍ਹਾਂ ਦੇ ਭਵਿੱਖ ਵਿਚ ਵੀ ਸਥਿਰਤਾ ਆਵੇਗੀ। ਵਿਧਾਇਕ ਨੇ ਕਿਹਾ ਕਿ ਉਹ ਹਲਕਾ ਡੇਰਾਬੱਸੀ ਨਾਲ ਸਬੰਧਤ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਕੌਂਸਲ ਅਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ। ਸਫ਼ਾਈ ਸੇਵਕਾਂ ਨੇ ਵਿਧਾਇਕ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਉਨ੍ਹਾਂ ਲਈ ਉਤਸ਼ਾਹਜਨਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਹੋਰ ਮੁਲਾਜ਼ਮ ਵਰਗ ਦੇ ਹਿੱਤ ’ਚ ਹੋਰ ਫ਼ੈਸਲੇ ਲਏ ਜਾਣਗੇ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਸਫ਼ਾਈ ਸੇਵਕ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।