ਕਿਸਾਨੀ ਜਜ਼ਬੇ ਨੂੰ ਸਲਾਮ: ਚੰਡੀਗੜ੍ਹ ਮੋਰਚੇ 'ਚ ਦਿਨ-ਰਾਤ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ, ਹਰ ਪਾਸੇ ਚਰਚਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ 'ਤੇ ਸੱਤ ਦਿਨ ਚੱਲੇ ਧਰਨਾ ਪ੍ਰਦਰਸ਼ਨ ਦੌਰਾਨ ਧਰਨਾਕਾਰੀ ਕਿਸਾਨਾਂ ਲਈ ਲੰਗਰ ਸੇਵਾ ਅਤੇ ਹੋਰਨਾਂ ਪੱਖਾਂ ਤੋਂ ਮਦਦ ਕਰਨ ਵਾਲੇ ਪਿੰਡਾਂ ਦੇ ਵਸਨੀਕਾਂ ਅਤੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਸਬੰਧੀ ਅੱਜ ਰਾਜੇਵਾਲ ਜਥੇਬੰਦੀ ਦੇ ਮੁਹਾਲੀ ਬਲਾਕ ਵੱਲੋਂ ਮੁਹਾਲੀ ਦੀ ਜੂਹ ਵਿਚ ਪਿੰਡ ਕੰਡਾਲਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਕੰਡਾਲਾ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।
Publish Date: Wed, 09 Sep 2026 04:13 PM (IST)
Updated Date: Wed, 09 Sep 2026 04:17 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ 'ਤੇ ਸੱਤ ਦਿਨ ਚੱਲੇ ਧਰਨਾ ਪ੍ਰਦਰਸ਼ਨ ਦੌਰਾਨ ਧਰਨਾਕਾਰੀ ਕਿਸਾਨਾਂ ਲਈ ਲੰਗਰ ਸੇਵਾ ਅਤੇ ਹੋਰਨਾਂ ਪੱਖਾਂ ਤੋਂ ਮਦਦ ਕਰਨ ਵਾਲੇ ਪਿੰਡਾਂ ਦੇ ਵਸਨੀਕਾਂ ਅਤੇ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਜਥੇਬੰਦੀ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਕਿ ਇਸ ਸਬੰਧੀ ਅੱਜ ਰਾਜੇਵਾਲ ਜਥੇਬੰਦੀ ਦੇ ਮੁਹਾਲੀ ਬਲਾਕ ਵੱਲੋਂ ਮੁਹਾਲੀ ਦੀ ਜੂਹ ਵਿਚ ਪਿੰਡ ਕੰਡਾਲਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਕੰਡਾਲਾ ਦੀ ਅਗਵਾਈ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਮੁਹਾਲੀ ਵਿਖੇ ਲੱਗੇ ਕਿਸਾਨੀ ਧਰਨੇ ਵਿੱਚ ਨਿਸ਼ਕਾਮ ਸੇਵਾਵਾਂ ਦੇਣ ਵਾਲੇ ਪੁਆਧ ਇਲਾਕੇ ਦੇ ਸੇਵਾਦਾਰਾਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ। ਜਿਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਜਿਨ੍ਹਾਂ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ ਉਹ ਪਿੰਡ ਕੰਡਾਲਾ, ਪਿੰਡ ਕੰਬਾਲੀ, ਪਿੰਡ ਝਿਊਰਹੇੜੀ, ਪਿੰਡ ਅਲੀਪੁਰ, ਜਗਤਪੁਰਾ, ਚਿੱਲਾ, ਸਿਆਊ, ਪਿੰਡ ਬੈਂਰੋਪੁਰ ਨਾਲ ਸਬੰਧਤ ਹਨ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ, ਕੈਸ਼ੀਅਰ ਗੁਰਵਿੰਦਰ ਸਿੰਘ ਸਿਆਊ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਅਤੇ ਡੇਰਾਬੱਸੀ ਬਲਾਕ ਦੇ ਯੂਥ ਵਿੰਗ ਦੇ ਪ੍ਰਧਾਨ ਹਰਦੀਪ ਸਿੰਘ ਅਤੇ ਹੋਰ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਵੱਲੋਂ ਪਹਿਲੀ ਸਤੰਬਰ ਤੋਂ ਸੱਤ ਸਤੰਬਰ ਤੱਕ ਪੁਆਧ ਦੀ ਧਰਤੀ 'ਤੇ ਲਗਾਇਆ ਗਿਆ ਕਿਸਾਨੀ ਧਰਨਾ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ। ਇਸ ਮੋਰਚੇ ਦੀ ਸਫ਼ਲਤਾ ਵਿੱਚ ਸਭ ਤੋਂ ਵੱਡਾ ਯੋਗਦਾਨ ਪੁਆਧ ਇਲਾਕੇ ਦੇ ਲੋਕਾਂ ਅਤੇ ਸੇਵਾਦਾਰਾਂ ਦਾ ਰਿਹਾ ਹੈ। ਜਿਨ੍ਹਾਂ ਨੇ ਦਿਨ-ਰਾਤ ਇੱਕ ਕਰਕੇ ਚੰਡੀਗੜ੍ਹ ਮੋਰਚੇ ਵਿੱਚ ਸ਼ਾਮਲ ਕਿਸਾਨਾਂ ਦੀ ਸੱਚ ਮਨ ਨਾਲ ਸੇਵਾ ਕੀਤੀ।
ਆਗੂਆਂ ਨੇ ਉਨ੍ਹਾਂ ਸਾਰੇ ਸੇਵਾਦਾਰਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮੋਰਚੇ ਦੌਰਾਨ ਲੰਗਰਾਂ ਲਈ ਪਾਣੀ, ਦੁੱਧ, ਸਬਜ਼ੀਆਂ, ਸੁੱਕਾ ਰਾਸ਼ਨ ਅਤੇ ਮੁਫ਼ਤ ਮੈਡੀਕਲ ਸੇਵਾਵਾਂ ਨਿਰੰਤਰ ਉਪਲਬਧ ਕਰਵਾਈਆਂ। ਇਸ ਮੌਕੇ ਗੁਰਜੀਤ ਸਿੰਘ, ਹਰਜੀਤ ਸਿੰਘ ਸਿਆਊ, ਅਮਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਸੁੱਚਾ ਸਿੰਘ, ਕਾਲਾ ਕੰਡਾਲਾ, ਭਿੰਦਾ, ਗੁਰਮੀਤ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ, ਮਨਦੀਪ ਡਾਕਟਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।