- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਇੱਕ ਸਿੱਖ ਨੌਜਵਾਨ ਨਾਲ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸੁਨਾਮ ਦੇ ਪਿੰਡ ਸ਼ੇਰੋਂ ਦੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣੇ ਘਰ ਦੀ ਛੱਤ ਤੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣਾ ਉਸਦਾ ਜਮਹੂਰੀ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਜਾਂ ਸਿਆਸੀ ਆਗੂ ਪ੍ਰਤੀ ਆਪਣਾ ਵਿਰੋਧ ਸ਼ਾਂਤਮਈ ਢੰਗ ਨਾਲ ਕਰਨਾ ਲੋਕਤੰਤਰ ਵਿੱਚ ਕੋਈ ਜੁਰਮ ਨਹੀਂ ਹੈ।
ਉਨ੍ਹਾਂ ਕਿਹਾ, “ਜੇਕਰ ਇੱਕ ਨਾਗਰਿਕ ਵੱਲੋਂ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾਉਣ ਦਾ ਜਵਾਬ ਪੁਲਿਸ ਤਸ਼ੱਦਦ ਨਾਲ ਦਿੱਤਾ ਜਾਂਦਾ ਹੈ ਤਾਂ ਇਹ ਸਿਰਫ਼ ਇੱਕ ਵਿਅਕਤੀ ਦੇ ਹੱਕਾਂ ਦਾ ਹਮਲਾ ਨਹੀਂ, ਸਗੋਂ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।”
ਬਰਾੜ ਨੇ ਦੋਸ਼ ਲਗਾਇਆ ਕਿ ਸਥਾਨਕ ਡੀਐੱਸਪੀ ਵੱਲੋਂ ਸਿੱਖ ਨੌਜਵਾਨ ਨਾਲ ਗੈਰ-ਕਾਨੂੰਨੀ ਢੰਗ ਨਾਲ ਤਸ਼ੱਦਦ ਕੀਤਾ ਗਿਆ ਅਤੇ ਉਸਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿੱਖ ਦੇ ਕਕਾਰਾਂ ਨਾਲ ਬੇਅਦਬੀ ਦੀ ਕੋਈ ਵੀ ਘਟਨਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸਨੂੰ ਕਿਸੇ ਵੀ ਹਾਲਤ ਵਿੱਚ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਪੀੜਤ ਨੌਜਵਾਨ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਐੱਫਆਈਆਰ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਇਆ ਜਾਵੇ।