ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮੈਰਾਥਨ ਦਾ ਆਯੋਜਨ, ਲਗਪਗ 700 ਖਿਡਾਰੀਆਂ ਨੇ ਲਿਆ ਹਿੱਸਾ
ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਅਧਿਕਾਰੀ ਮੌਜੂਦ ਸਨ।
Publish Date: Tue, 01 Sep 2026 03:50 PM (IST)
Updated Date: Tue, 01 Sep 2026 03:54 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਜ਼ਿਲ੍ਹਾ ਖੇਡ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੈਰਾਥਨ ਦੀ ਸ਼ੁਰੂਆਤ ਸਪੋਰਟਸ ਕੰਪਲੈਕਸ, ਸੈਕਟਰ-78, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਕੀਤੀ ਗਈ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੈਰਾਥਨ ਨੂੰ ਫਲੈਗ ਆਫ਼ ਕਰਨ ਮੌਕੇ ਜ਼ਿਲ੍ਹੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਇੰਜੀਨੀਅਰ ਪ੍ਰਭਜੋਤ ਕੌਰ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਸਮੇਤ ਹੋਰ ਪਤਵੰਤੇ ਅਤੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਅਹਿਮ ਹਨ, ਸਗੋਂ ਨੌਜਵਾਨਾਂ ਨੂੰ ਅਨੁਸ਼ਾਸਨ, ਸਮਰਪਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ। ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ’ਚ ਉੱਚ ਪੱਧਰੀ ਪ੍ਰਾਪਤੀਆਂ ਹਾਸਲ ਕਰਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਵੀ ਦਿੱਤਾ ਗਿਆ।
ਮੈਰਾਥਨ ਵਿੱਚ ਲਗਪਗ 700 ਖਿਡਾਰੀਆਂ ਨੇ ਉਤਸਾਹ ਨਾਲ ਹਿੱਸਾ ਲਿਆ। ਬੱਚਿਆਂ ਅਤੇ ਨੌਜਵਾਨਾਂ ਦੇ ਨਾਲ-ਨਾਲ ਬਜ਼ੁਰਗਾਂ ਵੱਲੋਂ ਵੀ ਮੈਰਾਥਨ ’ਚ ਉਤਸਾਹਪੂਰਵਕ ਸ਼ਮੂਲੀਅਤ ਕੀਤੀ ਗਈ, ਜੋ ਖੇਡਾਂ ਅਤੇ ਸਿਹਤ ਪ੍ਰਤੀ ਸਮਾਜ ਦੇ ਵੱਖ-ਵੱਖ ਵਰਗਾਂ ਦੀ ਵੱਧ ਰਹੀ ਜਾਗਰੂਕਤਾ ਦਾ ਪ੍ਰਤੀਕ ਰਹੀ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮੈਰਾਥਨ ’ਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਦਿੱਤੀਆਂ ਗਈਆਂ। ਮੈਰਾਥਨ ਦੀ ਸਮਾਪਤੀ ਉਪਰੰਤ ਭਾਗੀਦਾਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।
ਇਸ ਮੌਕੇ ਉਮੇਸ਼ਵਰੀ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ, ਸਮੂਹ ਕੋਚ, ਖੇਡ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਅਤੇ ਹੋਰ ਸਬੰਧਤ ਸ਼ਖ਼ਸੀਅਤਾਂ ਮੌਜੂਦ ਸਨ।