- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਦਾਲਤ ਵਿੱਚ ਪੇਸ਼ ਕੀਤੇ ਗਏ ਤੱਥਾਂ ਅਨੁਸਾਰ ਭੁਪਿੰਦਰ ਕੁਮਾਰ ਅਤੇ ਸੁਖਜੀਤ ਕੌਰ ਦੀ ਮੁਲਾਕਾਤ ਸਾਲ 2022 ਵਿੱਚ ਮਾਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਕੰਮ ਦੌਰਾਨ ਹੋਈ ਸੀ। ਬਾਅਦ ਵਿੱਚ ਦੋਵਾਂ ਵਿਚਾਲੇ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਅਤੇ ਸੁਖਜੀਤ ਕੌਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਰਿਸ਼ਵਤਖੋਰੀ ਅਤੇ ਜਬਰੀ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਬੰਦ ਸੁਖਜੀਤ ਕੌਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ। ਅਦਾਲਤ ਨੇ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਪੰਜਾਬ, ਮੁਹਾਲੀ ਵੱਲੋਂ ਇਸ ਮਾਮਲੇ ਵਿੱਚ 23 ਅਕਤੂਬਰ 2026 ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਭਾਰਤੀ ਦੰਡ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।
ਮਾਮਲੇ ਮੁਤਾਬਕ ਸੁਖਜੀਤ ਕੌਰ ’ਤੇ ਵਿਜੀਲੈਂਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤੀ ਗਈ ਏਐੱਸਆਈ ਲਖਵਿੰਦਰ ਕੌਰ ਨਾਲ ਮਿਲ ਕੇ ਭੁਪਿੰਦਰ ਕੁਮਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੀ ਸਾਜ਼ਿਸ਼ ਰਚਣ ਦੇ ਦੋਸ਼ ਹਨ।
ਅਦਾਲਤ ਵਿੱਚ ਪੇਸ਼ ਕੀਤੇ ਗਏ ਤੱਥਾਂ ਅਨੁਸਾਰ ਭੁਪਿੰਦਰ ਕੁਮਾਰ ਅਤੇ ਸੁਖਜੀਤ ਕੌਰ ਦੀ ਮੁਲਾਕਾਤ ਸਾਲ 2022 ਵਿੱਚ ਮਾਲੇਰਕੋਟਲਾ ਦੇ ਸਿਵਲ ਹਸਪਤਾਲ ਵਿੱਚ ਕੰਮ ਦੌਰਾਨ ਹੋਈ ਸੀ। ਬਾਅਦ ਵਿੱਚ ਦੋਵਾਂ ਵਿਚਾਲੇ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਅਤੇ ਸੁਖਜੀਤ ਕੌਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਦੋਸ਼ ਹੈ ਕਿ ਇਸ ਤੋਂ ਬਾਅਦ ਏਐੱਸਆਈ ਲਖਵਿੰਦਰ ਕੌਰ ਦੀ ਕਥਿਤ ਮਿਲੀਭੁਗਤ ਨਾਲ ਮਾਮਲਾ ਨਿਪਟਾਉਣ ਦੇ ਬਦਲੇ ਮੋਟੀ ਰਕਮ ਦੀ ਮੰਗ ਕੀਤੀ ਗਈ।
ਵਿਜੀਲੈਂਸ ਨੇ 23 ਅਕਤੂਬਰ ਨੂੰ ਏਐੱਸਆਈ ਲਖਵਿੰਦਰ ਕੌਰ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਉਸ ਦਾ ਸਾਥ ਦੇਣ ਦੇ ਦੋਸ਼ ਹੇਠ ਸੁਖਜੀਤ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਸਰਕਾਰੀ ਧਿਰ ਨੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦਾ ਜਤਾਇਆ ਖ਼ਦਸ਼ਾ
ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਸਰਕਾਰੀ ਧਿਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੁਲਜ਼ਮ ਨੇ ਮਹਿਲਾ ਥਾਣੇ ਦੀ ਪੁਲਿਸ ਮਸ਼ੀਨਰੀ ਦੀ ਕਥਿਤ ਦੁਰਵਰਤੋਂ ਕਰਦਿਆਂ ਪੁਲਿਸ ਅਧਿਕਾਰੀ ਨਾਲ ਮਿਲ ਕੇ ਨਾਜਾਇਜ਼ ਤਰੀਕੇ ਨਾਲ ਪੈਸੇ ਵਸੂਲਣ ਦੀ ਕੋਸ਼ਿਸ਼ ਕੀਤੀ। ਸਰਕਾਰੀ ਧਿਰ ਨੇ ਇਹ ਖਦਸ਼ਾ ਵੀ ਪ੍ਰਗਟਾਇਆ ਕਿ ਜੇਕਰ ਉਸ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਮਾਮਲੇ ਦੇ ਅਹਿਮ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।
ਦੂਜੇ ਪਾਸੇ, ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁਖਜੀਤ ਕੌਰ ਖ਼ੁਦ ਇੱਕ ਮਾਮਲੇ ਵਿੱਚ ਪੀੜਤ ਹੈ ਅਤੇ ਉਸ ਨੂੰ ਇਸ ਕੇਸ ਵਿੱਚ ਝੂਠਾ ਫਸਾਇਆ ਗਿਆ ਹੈ। ਵਕੀਲ ਨੇ ਇਹ ਵੀ ਕਿਹਾ ਕਿ ਉਹ ਸਰਕਾਰੀ ਮੁਲਾਜ਼ਮ ਨਹੀਂ ਹੈ ਅਤੇ ਉਸ ਕੋਲੋਂ ਰਿਸ਼ਵਤ ਦੀ ਕੋਈ ਸਿੱਧੀ ਬਰਾਮਦਗੀ ਵੀ ਨਹੀਂ ਹੋਈ।
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਅਤੇ ਮੁਲਜ਼ਮ ਦੀ ਕਥਿਤ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਉਸ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ।