- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੀ ਬਜਾਏ ਗੈਰ-ਵਿੱਦਿਅਕ ਕੰਮਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਮਾਪਿਆਂ ਅਤੇ ਕਮੇਟੀ ਮੈਂਬਰਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ’ਤੇ ਥੋਪੇ ਜਾ ਰਹੇ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 15 ਸਤੰਬਰ ਤੋਂ ਐੱਸਐੱਮਸੀ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਅਧਿਆਪਕ ਸਰਕਾਰ ਦੀਆਂ ਗੈਰ-ਵਿੱਦਿਅਕ ਸਕੀਮਾਂ ਦਾ ਪ੍ਰਚਾਰ ਨਹੀਂ ਕਰਨਗੇ। ਇਸ ਦੀ ਬਜਾਏ ਗੈਰ-ਵਿੱਦਿਅਕ ਕੰਮਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਪੈ ਰਹੇ ਮਾੜੇ ਪ੍ਰਭਾਵ ਬਾਰੇ ਮਾਪਿਆਂ ਅਤੇ ਕਮੇਟੀ ਮੈਂਬਰਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਕੂਲਾਂ ਵਿੱਚ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਬੇਲੋੜੀਆਂ ਡਾਕਾਂ ਤਿਆਰ ਕਰਵਾਉਣ, ਗੂਗਲ ਫਾਰਮ ਭਰਵਾਉਣ, ਵੱਖ-ਵੱਖ ਆਨਲਾਈਨ ਪੋਰਟਲਾਂ ’ਤੇ ਅੰਕੜੇ ਦਰਜ ਕਰਵਾਉਣ ਅਤੇ ਸਰਵੇਖਣਾਂ ਲਈ ਸਕੂਲਾਂ ਤੋਂ ਬਾਹਰ ਡਿਊਟੀਆਂ ਲਗਾਉਣ ਵਰਗੇ ਕੰਮ ਕਰਵਾਏ ਜਾ ਰਹੇ ਹਨ। ਇਸ ਕਾਰਨ ਅਧਿਆਪਕਾਂ ਦਾ ਕੀਮਤੀ ਸਮਾਂ ਕਲਾਸਰੂਮ ਤੋਂ ਬਾਹਰ ਲੱਗ ਰਿਹਾ ਹੈ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕ ਸਿਰਫ਼ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵਿੱਦਿਅਕ ਗਤੀਵਿਧੀਆਂ ’ਤੇ ਧਿਆਨ ਕੇਂਦਰਿਤ ਕਰਨਗੇ।
ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਿਡ-ਡੇਅ-ਮੀਲ, ਸਕੂਲੀ ਖੇਡਾਂ ਅਤੇ ਸਕੂਲਾਂ ਦੀ ਸਫ਼ਾਈ ਲਈ ਫੰਡ ਜਾਰੀ ਕਰਨ ਦੇ ਨਾਲ ਪੁਰਾਣੇ ਬਕਾਏ ਵੀ ਜਲਦ ਜਾਰੀ ਨਾ ਕੀਤੇ ਗਏ ਤਾਂ 14 ਅਤੇ 15 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਇੱਕ ਹਫ਼ਤੇ ਦਾ ਨੋਟਿਸ ਦਿੱਤਾ ਜਾਵੇਗਾ। ਇਸ ਤੋਂ ਬਾਅਦ ਇਹ ਤਿੰਨੇ ਕੰਮ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਫ਼ੈਸਲਾ ਲਾਗੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਜਥੇਬੰਦਕ ਐਕਸ਼ਨਾਂ ਵਿੱਚ ਅਧਿਆਪਕ ਪੂਰੀ ਤਨਦੇਹੀ ਨਾਲ ਸ਼ਮੂਲੀਅਤ ਕਰਨਗੇ। ਆਗੂਆਂ ਨੇ ਦੱਸਿਆ ਕਿ ਪਿਛਲੇ ਪੰਜ ਮਹੀਨਿਆਂ ਤੋਂ ਅਧਿਆਪਕ ਆਪਣੀਆਂ ਜੇਬਾਂ ਵਿੱਚੋਂ ਪੈਸੇ ਖ਼ਰਚ ਕੇ ਮਿਡ-ਡੇਅ-ਮੀਲ ਦਾ ਕੰਮ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਨੂੰ ਹੋਰ ਜਾਰੀ ਰੱਖਣਾ ਸੰਭਵ ਨਹੀਂ ਹੈ।
ਖੇਡਾਂ ਵਤਨ ਪੰਜਾਬ ’ਚ ਰਜਿਸਟਰੇਸ਼ਨ ਲਈ ਦਬਾਅ ਨਹੀਂ ਮੰਨਾਂਗੇ
ਅਧਿਆਪਕ ਆਗੂਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੇ ਦਿਨਾਂ ਦੌਰਾਨ ‘ਖੇਡਾਂ ਵਤਨ ਪੰਜਾਬ’ ਵਿੱਚ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਵਧਾਉਣ ਲਈ ਅਧਿਆਪਕਾਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਦਿਆਰਥੀਆਂ ਦੀਆਂ ਖੇਡਾਂ ਵਿੱਚ ਸ਼ਮੂਲੀਅਤ ਨੂੰ ਸਵੈ-ਇੱਛੁਕ ਰੱਖਣ ਲਈ ਅਧਿਆਪਕ ਜਥੇਬੰਦੀਆਂ ਪਹਿਰਾ ਦੇਣਗੀਆਂ।