ਜ਼ੀਰਕਪੁਰ 'ਚ ਦਹਿਸ਼ਤ : 35 ਸਾਲਾ ਮਹਿਲਾ ਦਾ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼ ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ ਵਿੱਚ ਪੈਂਦੀ ਦਸ਼ਮੇਸ਼ ਨਗਰ ਕਲੋਨੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਮਕਾਨ ਵਿੱਚ 35 ਸਾਲਾਂ ਮਹਿਲਾ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।
Publish Date: Tue, 01 Sep 2026 03:13 PM (IST)
Updated Date: Tue, 01 Sep 2026 03:16 PM (IST)
ਤਰਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਜ਼ੀਰਕਪੁਰ - ਜ਼ੀਰਕਪੁਰ ਦੇ ਬਿਸ਼ਨਪੁਰਾ ਇਲਾਕੇ ਵਿੱਚ ਪੈਂਦੀ ਦਸ਼ਮੇਸ਼ ਨਗਰ ਕਲੋਨੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਇੱਕ ਮਕਾਨ ਵਿੱਚ 35 ਸਾਲਾਂ ਮਹਿਲਾ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਨਸਨੀ ਫੈਲ ਗਈ।
ਜਾਣਕਾਰੀ ਮੁਤਾਬਕ ਮਹਿਲਾ 'ਤੇ ਤੇਜ਼ਧਾਰ ਹਥਿਆਰ, ਚਾਕੂਆਂ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲਿਸ ਵੱਲੋਂ ਮਕਾਨ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦਾ ਆਪਣੇ ਪਹਿਲੇ ਪਤੀ ਨਾਲ ਪਿਛਲੇ ਕਈ ਸਾਲਾਂ ਤੋਂ ਮਨ-ਮੁਟਾਵ ਚੱਲ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਪੁਲਿਸ ਨੂੰ ਸ਼ੱਕ ਹੈ ਕਿ ਮਹਿਲਾ ਦਾ ਕਤਲ ਉਸਦੇ ਪਹਿਲੇ ਪਤੀ ਵੱਲੋਂ ਹੀ ਕੀਤਾ ਗਿਆ ਹੋ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸ਼ੱਕੀ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਲਈ ਟੀਮਾਂ ਲਗਾਈਆਂ ਜਾ ਰਹੀਆਂ ਹਨ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉੱਧਰ ਪੁਲਿਸ ਨੇ ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨਾਂ ਅਤੇ ਸੱਟਾਂ ਦੀ ਪ੍ਰਕਿਰਤੀ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਅਸਲ ਕਾਰਨ, ਵਾਰਦਾਤ ਵਿੱਚ ਵਰਤੇ ਹਥਿਆਰ ਅਤੇ ਫਰਾਰ ਸ਼ੱਕੀ ਦੀ ਭਾਲ ਸਬੰਧੀ ਕਾਰਵਾਈ ਜਾਰੀ ਹੈ।