ਮੋਹਾਲੀ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੀ ਮੋਹਾਲੀ ਇਕਾਈ ਦਾ ਵਫ਼ਦ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਯਸ਼ਪਾਲ ਚੋਪੜਾ ਨੂੰ ਮਿਲਿਆ। ਵਫ਼ਦ 'ਚ ਸ਼ਾਮਲ ਆਗੂਆਂ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ, ਪੰਜਾਬ ਦੇ ਨਾਂ ਭੇਜੇ ਮੰਗ-ਪੱਤਰ ਰਾਹੀਂ ਨਵੀਂ ਅਧਿਆਪਕ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।

ਯੂਨੀਅਨ ਆਗੂਆਂ ਕੋਮਲਪ੍ਰੀਤ ਕੌਰ, ਭੁਪਿੰਦਰ ਕੌਰ, ਬਲਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ 'ਚ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 15 ਹਜ਼ਾਰ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਤੁਰੰਤ ਜਾਰੀ ਕਰਨ, ਸਰਕਾਰੀ ਸਕੂਲਾਂ 'ਚ ਖ਼ਾਲੀ ਪਈਆਂ ਸਾਰੀਆਂ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ 'ਤੇ ਭਰਨ, ਓਵਰਏਜ ਹੋ ਰਹੇ ਉਮੀਦਵਾਰਾਂ ਸਬੰਧੀ, ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ 'ਚ ਪੂਰਾ ਕਰਨ, ਇਕ ਅਧਿਆਪਕ ਤੋਂ ਸਿਰਫ਼ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲੈਣ, ਨਿੱਜੀਕਰਨ ਦੀ ਨੀਤੀ ਬੰਦ ਕਰ ਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੇ ਜਾਣ, ਸੈਕੰਡਰੀ ਪੱਧਰ ਤਕ ਅਧਿਆਪਕ-ਵਿਦਿਆਰਥੀ ਅਨੁਪਾਤ 30 :1 ਕਰਨ, ਜਦੋਂ ਤਕ ਉਮੀਦਵਾਰਾਂ ਦੀ ਨਿਯੁਕਤੀ ਨਹੀਂ ਹੁੰਦੀ, ਚੋਣਾਂ ਸਮੇਂ ਕੀਤੇ ਵਾਅਦੇ ਮੁਤਾਬਿਕ 2500 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ, ਮਾਸਟਰ ਕਾਡਰ ਦੀ ਭਰਤੀ ਲਈ ਗ੍ਰੈਜੂਏਸ਼ਨ 'ਚੋਂ 55 ਫੀਸਦੀ ਅੰਕਾਂ ਦੀ ਸ਼ਰਤ ਖ਼ਤਮ ਕੀਤੇ ਜਾਣ ਅਤੇ 2 ਸਾਲ ਐਕਸ਼ਟੈਨਸ਼ਨ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਤੁਰੰਤ ਸੇਵਾਮੁਕਤ ਕਰਕੇ ਨਵੇਂ ਉਮੀਦਵਾਰਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਮੰਗ ਸ਼ਾਮਲ ਹੈ।

Posted By: Seema Anand