ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਨਿੰਦਣਯੋਗ, ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਸੰਵਿਧਾਨਕ ਮੁੱਲਾਂ 'ਤੇ ਹਮਲਾ: ਅਜੇਪਾਲ ਸਿੰਘ ਬਰਾੜ
ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ ਨਿਰਮਾਤਾ ਸਨ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਸਮੇਤ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿਵਾਉਣ ’ਚ ਇਤਿਹਾਸਕ ਭੂਮਿਕਾ ਨਿਭਾਈ।
Publish Date: Thu, 10 Sep 2026 04:52 PM (IST)
Updated Date: Thu, 10 Sep 2026 04:55 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ’ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ, ਚਿੰਤਾਜਨਕ ਅਤੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਿਰਫ਼ ਕਿਸੇ ਇੱਕ ਵਰਗ ਜਾਂ ਭਾਈਚਾਰੇ ਦੇ ਆਗੂ ਨਹੀਂ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਦੇਸ਼ ਦੇ ਲੋਕਤੰਤਰਿਕ ਢਾਂਚੇ ਦੇ ਨਿਰਮਾਤਾ ਸਨ। ਉਨ੍ਹਾਂ ਨੇ ਆਪਣੀ ਦੂਰਅੰਦੇਸ਼ੀ ਸੋਚ ਰਾਹੀਂ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਸਮੇਤ ਹਰ ਨਾਗਰਿਕ ਨੂੰ ਬਰਾਬਰੀ, ਨਿਆਂ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਹੱਕ ਦਿਵਾਉਣ ’ਚ ਇਤਿਹਾਸਕ ਭੂਮਿਕਾ ਨਿਭਾਈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ ’ਤੇ ਆਮ ਘਟਨਾ ਸਮਝ ਕੇ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ ਅਤੇ ਇਸ ਪਿੱਛੇ ਜਿਹੜੇ ਵੀ ਲੋਕ ਹਨ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ’ਚ ਲਿਆਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ।
ਅਜੇਪਾਲ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ, ਡੂੰਘਾਈ ਨਾਲ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਸਿਰਫ਼ ਬੁੱਤ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਤੱਕ ਸੀਮਤ ਨਾ ਰਹੇ, ਸਗੋਂ ਇਸ ਘਟਨਾ ਦੇ ਪਿੱਛੇ ਕਿਸੇ ਸਾਜ਼ਿਸ਼ ਜਾਂ ਹੋਰ ਮੰਤਵ ਦੀ ਵੀ ਪੂਰੀ ਪੜਤਾਲ ਕੀਤੀ ਜਾਵੇ।
ਉਨ੍ਹਾਂ ਨੇ ਸਖ਼ਤ ਸ਼ਬਦਾਂ ’ਚ ਕਿਹਾ ਹੈ,“ਜਿਹੜਾ ਵੀ ਵਿਅਕਤੀ ਸਮਾਜ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਦੇ ਬੁੱਤਾਂ ਜਾਂ ਯਾਦਗਾਰਾਂ ਨੂੰ ਨਿਸ਼ਾਨਾ ਬਣਾਉਂਦਾ ਹੈ, ਉਹ ਸਿਰਫ਼ ਪੱਥਰ ਜਾਂ ਧਾਤ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਬਲਕਿ ਸਮਾਜ ਦੀ ਸਾਂਝੀ ਭਾਵਨਾ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ।”
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਤੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਸ਼ਾਂਤੀ, ਸੰਜਮ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ, ਭੜਕਾਊ ਬਿਆਨਬਾਜ਼ੀ ਜਾਂ ਕਾਨੂੰਨ ਨੂੰ ਆਪਣੇ ਹੱਥ ’ਚ ਲੈਣ ਦੀ ਕਾਰਵਾਈ ਸਮੱਸਿਆ ਦਾ ਹੱਲ ਨਹੀਂ, ਸਗੋਂ ਸਮਾਜ ਵਿੱਚ ਤਣਾਅ ਵਧਾਉਣ ਦਾ ਕਾਰਨ ਬਣ ਸਕਦੀ ਹੈ।