- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਅਤੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਵਿਭਾਗੀ ਜਾਣਕਾਰੀ ਨਾਲ ਸਾਂਝੀ ਕਰਦਿਆਂ ਕਿਹਾ ਕਿ ਜਥੇਬੰਦੀਆਂ ਦੀਆਂ ਕੋਸ਼ਿਸ਼ਾਂ, ਮੁਲਾਜ਼ਮ ਸੰਘਰਸ਼ ਲਹਿਰ ਤਹਿਤ ਕੀਤੇ ਗਏ ਲੜੀਵਾਰ ਸੰਘਰਸ਼ ਨੂੰ ਬੂਰ ਪੈ ਗਿਆ ਹੈ

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਪੰਜਾਬ ਦੇ ਜੰਗਲਾਤ ਵਿਭਾਗ ਵਿਚ ਲਗਭਗ ਡੇਢ ਦਹਾਕੇ ਤੋਂ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੀ ਉਡੀਕ ਹੁਣ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਵੱਲੋਂ 516 ਜੰਲਗਾਤ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਮੋਹਰ ਲਗਾ ਦਿੱਤੀ ਹੈ ਅਤੇ 13 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਜੰਗਲਾਤ ਕਾਮਿਆਂ ਨੂੰ ਪੱਕੇ ਕਰਨ ਲਈ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਨਿਯੁਕਤ ਪੱਤਰ ਵੰਡ ਸਮਾਰੋਹ ਕਰਵਾਇਆ ਜਾਵੇਗਾ। ਪੱਕੇ ਹੋਣ ਦੀ ਸੂਚਨਾ ਮਿਲਣ ’ਤੇ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਹੈ।
ਕਾਬਿਲੇਗੌਰ ਹੈ ਕਿ ਬੀਤੀ 6 ਜੁਲਾਈ ਨੂੰ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਮੋਹਰੀ ਆਗੂਆਂ ਦੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਪੈਨਲ ਬੈਠਕ ਹੋਈ ਸੀ। ਮੀਟਿੰਗ ਵਿਚ ਮੰਤਰੀ ਨੇ ਉਕਤ ਜੰਗਲਾਤ ਕਾਮਿਆਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਅਤੇ ‘ਆਪ’ ਦੇ ਚੋਣ ਵਾਅਦੇ ਮੁਤਾਬਕ ਕੱਚੇ ਕਾਮਿਆਂ ਨੂੰ ਜਲਦੀ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ। ਇਸ ਬੈਠਕ ਵਿਚ ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਵਧੀਕ ਮੁੱਖ ਵਣ ਪਾਲ ਚਰਚਿਲ ਕੁਮਾਰ, ਵਧੀਕ ਮੁੱਖ ਵਣਪਾਲ ਸੌਰਵ ਗੁਪਤਾ, ਸੁਪਰਡੈਂਟ ਇੰਦਰਜੀਤ ਸਿੰਘ ਅਤੇ ਪ੍ਰਬੰਧਕੀ ਆਮਲਾ ਵੀ ਹਾਜ਼ਰ ਸੀ।
ਜਸਵੀਰ ਸਿੰਘ ਸੀਰਾ, ਅਮਨਦੀਪ ਸਿੰਘ ਛੱਤ, ਬਲਵੀਰ ਸਿੰਘ ਤਰਨਤਾਰਨ, ਰਣਜੀਤ ਗੁਰਦਾਸਪੁਰ, ਰਵੀ ਕਾਂਤ ਰੂਪਨਗਰ ਅਤੇ ਸਤਿਨਾਮ ਸੰਗਰੂਰ ਨੇ ਕਿਹਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਡੇਲੀਵੇਜ਼ ਕਾਮਿਆਂ ਨੂੰ ਪਿਛਲੀਆਂ ਸਰਕਾਰਾਂ ਨੇ ਸਿਰਫ਼ ਝੂਠੇ ਲਾਰਿਆਂ ਵਿਚ ਰੱਖਿਆ ਅਤੇ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ। ਪੰਜਾਬ ਵਿਚ ਬਦਲਾਅ ਦੇ ਰੂਪ ’ਚ ਬਣੀ ਆਮ ਆਦਮੀ ਸਰਕਾਰ ਤੋਂ ਜੰਗਲਾਤ ਕਾਮਿਆਂ ਨੂੰ ਪੱਕੇ ਹੋਣ ਦੀ ਆਸ ਬੱਝੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਇਸ ਸਬੰਧੀ ਜੰਗਲਾਤ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਰਵੀ ਲੁਧਿਆਣਾ, ਬੱਬੂ ਮਾਨਸਾ, ਮਲਕੀਤ ਮੁਕਤਸਰ, ਕੇਵਲ ਗੜਸ਼ੰਕਰ, ਸੁਲੱਖਣ ਸਿੰਘ ਮੁਹਾਲੀ ਵੀ ਹਾਜ਼ਰ ਸਨ।
ਜਥੇਬੰਦੀ ਦੇ ਸੰਘਰਸ਼ ਨੂੰ ਪਿਆ ਬੂਰ
ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਅਤੇ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਵਿਭਾਗੀ ਜਾਣਕਾਰੀ ਨਾਲ ਸਾਂਝੀ ਕਰਦਿਆਂ ਕਿਹਾ ਕਿ ਜਥੇਬੰਦੀਆਂ ਦੀਆਂ ਕੋਸ਼ਿਸ਼ਾਂ, ਮੁਲਾਜ਼ਮ ਸੰਘਰਸ਼ ਲਹਿਰ ਤਹਿਤ ਕੀਤੇ ਗਏ ਲੜੀਵਾਰ ਸੰਘਰਸ਼ ਨੂੰ ਬੂਰ ਪੈ ਗਿਆ ਹੈ ਅਤੇ 13 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਜੰਗਲਾਤ ਵਿਭਾਗ ਦੇ 516 ਕੱਚੇ ਕਾਮਿਆਂ ਨੂੰ ਵਿਕਾਸ ਭਵਨ ਮੁਹਾਲੀ ਵਿਖੇ ਨਿਯੁਕਤੀ ਪੱਤਰ ਵੰਡਣਗੇ।