- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਪ੍ਰਾਪਰਟੀ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਅਰਸ਼ ਪੰਡਿਤ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਸਵਿਫ਼ਟ ਕਾਰ, ਇੱਕ 9 ਐੱਮਐੱਮ ਬੇਰੇਟਾ ਪਿਸਤੌਲ ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਚਾਰ ਦਿਨਾਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਜ਼ੀਰਕਪੁਰ ਦੇ ਬਲਟਾਣਾ ਇਲਾਕੇ ਵਿੱਚ ਪ੍ਰਾਪਰਟੀ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਮੁਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਅਰਸ਼ ਪੰਡਿਤ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਵਾਰਦਾਤ ਵਿੱਚ ਵਰਤੀ ਗਈ ਸਵਿਫ਼ਟ ਕਾਰ, ਇੱਕ 9 ਐੱਮਐੱਮ ਬੇਰੇਟਾ ਪਿਸਤੌਲ ਅਤੇ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਹ ਮਾਮਲਾ ਚਾਰ ਦਿਨਾਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ।
ਐੱਸਐੱਸਪੀ ਮੁਹਾਲੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 14 ਅਕਤੂਬਰ 2026 ਨੂੰ ਤੜਕੇ ਕਰੀਬ 2 ਵੱਜ ਕੇ 17 ਮਿੰਟ ’ਤੇ ਬਲਟਾਣਾ ਦੇ ਰਹਿਣ ਵਾਲੇ ਪ੍ਰਾਪਰਟੀ ਕਾਰੋਬਾਰੀ ਰਾਮ ਕੁਮਾਰ ਦੇ ਘਰ ਦੇ ਬਾਹਰ ਸਵਿਫ਼ਟ ਕਾਰ ਵਿੱਚ ਆਏ ਹਮਲਾਵਰਾਂ ਨੇ ਕਰੀਬ ਅੱਠ ਰਾਊਂਡ ਫਾਇਰ ਕੀਤੇ ਸਨ। ਘਟਨਾ ਤੋਂ ਬਾਅਦ ਪੀੜਤ ਨੂੰ ਕਥਿਤ ਤੌਰ ’ਤੇ ਫਿਰੌਤੀ ਲਈ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਲਿਆ ਗਿਆ ਸੀ।
ਇਸ ਸਬੰਧੀ ਥਾਣਾ ਜ਼ੀਰਕਪੁਰ ਵਿੱਚ ਮੁਕੱਦਮਾ ਨੰਬਰ 581 ਤਹਿਤ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 308(2), 351(3) ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਵਿਸ਼ੇਸ਼ ਟੀਮਾਂ ਨੇ ਕੀਤੀ ਕਾਰਵਾਈ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ। ਐੱਸਪੀ (ਜਾਂਚ) ਸੌਰਵ ਜਿੰਦਲ, ਐੱਸਪੀ (ਆਪਰੇਸ਼ਨਜ਼) ਆਕਾਸ਼ਦੀਪ ਸਿੰਘ ਅਤੇ ਡੀਐੱਸਪੀ (ਜਾਂਚ) ਰਾਜਨਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ਼ ਖਰੜ ਅਤੇ ਆਪਰੇਸ਼ਨਜ਼ ਸੈੱਲ ਮੁਹਾਲੀ ਦੀਆਂ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਤਿੰਨੇ ਮੁਲਜ਼ਮ ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਔਜਲਾ ਚੱਕ, ਗੁਰਾਇਆ; ਮਨਰਾਜ ਸਿੰਘ ਉਰਫ਼ ਮੰਨਾ ਵਾਸੀ ਪਿੰਡ ਗੂੜੇ, ਗੁਰਾਇਆ ਅਤੇ ਰਾਜਵੀਰ ਸਿੰਘ ਵਾਸੀ ਚੱਕ ਦੇਸਰਾਜ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਅਨੁਸਾਰ, ਤਿੰਨਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਮੁਲਜ਼ਮਾਂ ਵਿੱਚੋਂ ਇੱਕ ਡਰਾਈਵਰੀ ਕਰਦਾ ਹੈ, ਜਦਕਿ ਦੂਜਾ ਹਾਲ ਹੀ ਵਿੱਚ ਕੈਨੇਡਾ ਤੋਂ ਵਾਪਸ ਆਇਆ ਸੀ। ਤੀਜਾ ਮੁਲਜ਼ਮ ਫਿਲਹਾਲ ਬੇਰੁਜ਼ਗਾਰ ਦੱਸਿਆ ਗਿਆ ਹੈ।
ਗੋਲੀਬਾਰੀ ਦੀ ਵੀਡੀਓ ਬਣਾਉਣ ਲਈ ਵਰਤਿਆ ਗਿਆ ਮੋਬਾਈਲ
ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ 9 ਐੱਮਐੱਮ ਬੇਰੇਟਾ ਪਿਸਤੌਲ, ਸਵਿਫ਼ਟ ਕਾਰ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ, ਮੋਬਾਈਲ ਫ਼ੋਨ ਦੀ ਵਰਤੋਂ ਗੋਲੀਬਾਰੀ ਦੀ ਵੀਡੀਓ ਬਣਾਉਣ ਲਈ ਕੀਤੀ ਗਈ ਸੀ।
ਐੱਸ.ਐੱਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਵਾਰਦਾਤ ਵਿੱਚ ਭੂਮਿਕਾ, ਗੈਂਗਸਟਰਾਂ ਨਾਲ ਉਨ੍ਹਾਂ ਦੇ ਕਥਿਤ ਸਬੰਧਾਂ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।