- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ, ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ ਨੇ ਕਿਹਾ ਕਿ ਝੋਨੇ ਦੀ ਲਵਾਈ ਦੇ ਪੀਕ ਸੀਜ਼ਨ ਦੌਰਾਨ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਅੰਨਦਾਤਾ ਨੂੰ ਦੂਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਫੀਡਰਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਦੀ 'ਮਿੰਨੀ ਰਾਜਧਾਨੀ' ਵਜੋਂ ਤੇਜ਼ੀ ਨਾਲ ਵਿਕਸਤ ਹੋ ਰਹੇ ਮੁਹਾਲੀ ਸ਼ਹਿਰ ਅਤੇ ਆਸ-ਪਾਸ ਪਿੰਡਾਂ ਵਿਚ ਲਗਾਤਾਰ ਲੱਗ ਰਹੇ ਬਿਜਲੀ ਦੇ ਅਣ-ਐਲਾਨੇ ਕੱਟਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਅੱਤ ਦੀ ਗਰਮੀ ’ਚ ਬੱਤੀ ਗੁੱਲ ਹੋਣ ਕਾਰਨ ਲੋਕ ਬਹੁਤ ਔਖੇ ਹਨ। ਜਿੱਥੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਲੋੜ ਅਨੁਸਾਰ ਪਾਣੀ ਨਹੀਂ ਮਿਲ ਰਿਹਾ, ਉੱਥੇ ਬਿਜਲੀ ’ਤੇ ਨਿਰਭਰ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ ਅਤੇ ਉਦਯੋਗਪਤੀ ਵੀ ਕਾਫ਼ੀ ਪਰੇਸ਼ਾਨ ਹਨ। ਫੈਕਟਰੀ ਕਾਮੇ ਅਤੇ ਲੇਬਰ ਵਿਹਲੀ ਬੈਠੀ ਹੈ। ਜਿਸ ਕਾਰਨ ਉਨ੍ਹਾਂ ਨੂੰ ਦੂਹਰੀ ਮਾਰ ਪੈ ਰਹੀ ਹੈ। ਬਿਜਲੀ ਕੱਟ ਕਾਰਨ ਨਾ ਸਿਰਫ਼ ਘਰੇਲੂ ਖਪਤਕਾਰ, ਬਲਕਿ ਕਿਸਾਨ ਅਤੇ ਸਨਅਤਕਾਰ ਵੀ ਆਰਥਿਕ ਮਾਰ ਝੱਲ ਰਹੇ ਹਨ। ਲੰਘੀ ਰਾਤ ਖਰੜ ਵਾਸੀਆਂ ਨੇ ਤੜਕੇ ਢਾਈ ਵਜੇ ਤਕ ਸੜਕ ਜਾਮ ਕਰਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਦਵਿੰਦਰ ਸਿੰਘ ਦੇਹਕਲਾਂ, ਜਸਵੰਤ ਸਿੰਘ ਪੂਨੀਆ, ਜਸਪਾਲ ਸਿੰਘ ਲਾਂਡਰਾਂ ਨੇ ਕਿਹਾ ਕਿ ਝੋਨੇ ਦੀ ਲਵਾਈ ਦੇ ਪੀਕ ਸੀਜ਼ਨ ਦੌਰਾਨ ਬਿਜਲੀ ਦੇ ਅਣ-ਐਲਾਨੇ ਕੱਟਾਂ ਕਾਰਨ ਅੰਨਦਾਤਾ ਨੂੰ ਦੂਹਰੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਫੀਡਰਾਂ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ ਨੇ ਦੱਸਿਆ ਕਿ ਸਿਰਫ਼ 3 ਤੋਂ 4 ਘੰਟੇ ਹੀ ਬਿਜਲੀ ਮਿਲ ਰਹੀ ਹੈ, ਉਹ ਵੀ ਵਾਰ-ਵਾਰ ਬੱਤੀ ਗੁੱਲ ਹੋ ਜਾਂਦੀ ਹੈ। ਇਸ ਕਾਰਨ ਟਿਊਬਵੈੱਲ ਨਾ ਚੱਲਣ ਕਰਕੇ ਖੇਤ ਸੁੱਕ ਰਹੇ ਹਨ ਅਤੇ ਝੋਨੇ ਦੀ ਪਨੀਰੀ ਖ਼ਰਾਬ ਹੋਣ ਦਾ ਖ਼ਦਸ਼ਾ ਬਣ ਗਿਆ ਹੈ।
ਮੁਹਾਲੀ ਦੇ ਇੰਡਸਟਰੀ ਏਰੀਆ (ਫੇਜ਼-7, 8 ਅਤੇ 9) ਅਤੇ ਨੇੜਲੇ ਵਪਾਰਕ ਖੇਤਰਾਂ ਵਿਚ ਬਿਜਲੀ ਦੇ ਲੰਬੇ ਕੱਟਾਂ ਨੇ ਮਸ਼ੀਨਾਂ ਦੇ ਪਹੀਏ ਜਾਮ ਕਰ ਦਿੱਤੇ ਹਨ। ਸਨਅਤਕਾਰਾਂ ਮੁਤਾਬਕ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਲੱਗ ਰਹੇ ਕੱਟਾਂ ਕਾਰਨ ਫੈਕਟਰੀਆਂ ਵਿਚ ਕੰਮ ਅੱਧ ਵਿਚਕਾਰ ਲਟਕ ਜਾਂਦਾ ਹੈ। ਕੱਚਾ ਮਾਲ ਖ਼ਰਾਬ ਹੋ ਰਿਹਾ ਹੈ ਅਤੇ ਲੇਬਰ ਵਿਹਲੀ ਬੈਠੀ ਹੈ। ਬਿਜਲੀ 'ਤੇ ਨਿਰਭਰ ਛੋਟੇ ਦੁਕਾਨਦਾਰ, ਵਰਕਸ਼ਾਪਾਂ ਅਤੇ ਆਈਟੀ ਸੈਕਟਰ ਦਾ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਮਹਿੰਗੇ ਇਨਵਰਟਰ ਅਤੇ ਜਨਰੇਟਰ ਵੀ ਲੰਬੇ ਕੱਟਾਂ ਅੱਗੇ ਫੇਲ੍ਹ ਸਾਬਤ ਹੋ ਰਹੇ ਹਨ।
ਮੁਹਾਲੀ ਸਮੇਤ ਪੰਜਾਬ ਭਰ ’ਚ ਲੱਗ ਰਹੇ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਅਤੇ ਆਮ ਨਾਗਰਿਕ ਸੜਕਾਂ ’ਤੇ ਉਤਰ ਆਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ “ਅੱਠ ਘੰਟੇ ਨਿਰੰਤਰ ਬਿਜਲੀ” ਅਤੇ “ਬਿਜਲੀ ਸਰਪਲੱਸ” ਦੇ ਦਾਅਵਿਆਂ ਦੀ ਪੂਰੀ ਤਰ੍ਹਾਂ ਪੋਲ ਖੋਲ੍ਹ ਰਹੇ ਹਨ। ਝੋਨੇ ਦੀ ਲੁਆਈ ਦੇ ਸੀਜ਼ਨ ਵਿਚ ਬਿਜਲੀ ਮੰਗ 14,000 ਤੋਂ 16,000 ਮੈਗਾਵਾਟ ਤੱਕ ਪਹੁੰਚ ਜਾਂਦੀ ਹੈ, ਸਰਕਾਰ ਬਿਜਲੀ ਦੇਣ ’ਚ ਫੇਲ੍ਹ ਸਾਬਤ ਹੋਈ ਹੈ। ‘ਆਪ’ ਸਰਕਾਰ ਦਾ ਸਾਰਾ ਧਿਆਨ ਇਸ਼ਤਿਹਾਰਾਂ, ਸੋਸ਼ਲ ਮੀਡੀਆ ਅਤੇ ਇਮੇਜ ਮੈਨੇਜਮੈਂਟ ’ਤੇ ਹੈ। ਜ਼ਮੀਨ ’ਤੇ ਨਾ ਬਿਜਲੀ ਹੈ, ਨਾ ਢੁਕਵੇਂ ਪ੍ਰਬੰਧ ਹਨ, ਨਾ ਜਵਾਬਦੇਹੀ ਹੈ। -ਸੰਜੀਵ ਵਸ਼ਿਸ਼ਟ, ਭਾਜਪਾ ਜ਼ਿਲ੍ਹਾ ਪ੍ਰਧਾਨ।
ਮੁਹਾਲੀ ਵਿਚ ਲਗਾਤਾਰ ਪੈ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸਿਆਸਤ ਭਖ ਗਈ ਹੈ। ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਚਰਮਰਾ ਗਏ ਹਨ। ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜਦਕਿ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉਤਰਦੀ ਨਜ਼ਰ ਨਹੀਂ ਆ ਰਹੀ। ਮੁਹਾਲੀ ਅਤੇ ਨੇੜਲੇ ਪਿੰਡਾਂ ਵਿਚ ਹਾਲਾਤ ਬਹੁਤ ਮਾੜੇ ਹਨ। ਕਿਸੇ ਵੀ ਸੈਕਟਰ ’ਚ ਚਲੇ ਜਾਓ, ਲੋਕ ਬਿਜਲੀ ਕੱਟਾਂ ਤੋਂ ਤੰਗ ਆ ਚੁੱਕੇ ਹਨ। ਬਜ਼ੁਰਗ, ਬਿਮਾਰ ਮਰੀਜ਼, ਛੋਟੇ ਬੱਚੇ ਅਤੇ ਵਿਦਿਆਰਥੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਲੋਕਾਂ ਦਾ ਘਰਾਂ ’ਚ ਰਹਿਣਾ ਔਖਾ ਹੋ ਗਿਆ ਹੈ। ਪੜ੍ਹਾਈ ਤੇ ਰੋਜ਼ਾਨਾ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। -ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ।
ਪੰਜਾਬ ਵਿਚ ਗੰਭੀਰ ਬਿਜਲੀ ਤੇ ਸਿੰਚਾਈ ਸੰਕਟ ਨੂੰ ਲੈ ਕੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਦੀ ਪੋਲ ਖੁੱਲ੍ਹ ਗਈ ਹੈ, ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਾਕਾਮ ਪ੍ਰਸ਼ਾਸਨ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਬੇਹੱਦ ਮੁਸ਼ਕਲ ਹਾਲਾਤਾਂ ਵਿਚ ਧੱਕ ਦਿੱਤਾ ਹੈ। ਝੋਨੇ ਦੀ ਲਵਾਈ ਦੇ ਸਮੇਂ ਕਿਸਾਨਾਂ ਦੇ ਖੇਤਾਂ ਤੱਕ ਨਾ ਨਹਿਰੀ ਪਾਣੀ ਪਹੁੰਚ ਰਿਹਾ ਹੈ ਅਤੇ ਨਾ ਹੀ ਲੋੜੀਂਦੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਹਜ਼ਾਰਾਂ ਏਕੜ ਫ਼ਸਲ ਸੁੱਕਣ ਦੇ ਕੰਢੇ ’ਤੇ ਪਹੁੰਚ ਗਈ ਹੈ। ਅੱਜ ਟੇਲਾਂ ਅਤੇ ਸੂਏ ਸੁੱਕੇ ਪਏ ਹਨ, ਕਿਸਾਨ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ। ਝੋਨੇ ਦੀ ਲਵਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਸਰਕਾਰ ਦੇ ਇਹ ਸਾਰੇ ਦਾਅਵੇ ਸਿਰਫ਼ ਇਸ਼ਤਿਹਾਰਾਂ ਅਤੇ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। -ਬਲਬੀਰ ਸਿੰਘ ਸਿੱਧੂ, ਸਾਬਕਾ ਸਿਹਤ ਮੰਤਰੀ।
ਪੰਜਾਬ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਅੰਨਦਾਤਾ ਭੁਗਤ ਰਿਹਾ ਹੈ। ਸਖ਼ਤ ਮਿਹਨਤ ਨਾਲ ਝੋਨੇ ਦੀ ਫ਼ਸਲ ਨੂੰ ਸੁੱਕਣ ਤੋਂ ਬਚਾਉਣ ਲਈ ਕਿਸਾਨ ਦਿਨ-ਰਾਤ ਖੇਤਾਂ ਵਿਚ ਜਨਰੇਟਰ ਚਲਾਉਣ ਲਈ ਮਜਬੂਰ ਹਨ। ਬਿਜਲੀ ਸਪਲਾਈ ਲਗਾਤਾਰ ਪ੍ਰਭਾਵਿਤ ਹੋਣ ਕਾਰਨ ਵਾਧੂ ਡੀਜ਼ਲ ਦੀ ਖਪਤ ਹੋ ਰਹੀ ਹੈ। ਡੀਜ਼ਲ ਕੀਮਤਾਂ ਨੂੰ ਦੇਖਦੇ ਹੋਏ ਕਿਸਾਨ ਨੂੰ ਰੋਜ਼ਾਨਾ 5 ਹਜ਼ਾਰ ਤੋਂ ਵੱਧ ਦਾ ਵਾਧੂ ਖ਼ਰਚਾ ਆਪਣੀ ਜੇਬ ’ਚੋਂ ਕਰਨਾ ਪੈ ਰਿਹਾ ਹੈ। ਇਸ ਵਾਧੂ ਬੋਝ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਸਰਕਾਰੀ ਦਾਅਵੇ ਹਕੀਕਤ ਦੇ ਬਿਲਕੁਲ ਉਲਟ ਹਨ। ਸਰਕਾਰ ਨੇ ਪੰਜਾਬ ਦੇ ਅੰਨਦਾਤਾ ਨਾਲ ਵਿਸ਼ਵਾਸਘਾਤ ਕੀਤਾ ਹੈ। -
ਪਰਵਿੰਦਰ ਸਿੰਘ ਸੋਹਾਣਾ, ਅਕਾਲੀ ਆਗੂ।