- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਕ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਸੀਆਈਏ ਸਟਾਫ਼ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇਕ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਦੀ ਟੀਮ ਨੇ ਸੀਆਈਏ ਸਟਾਫ਼ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1 ਲੱਖ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਮੁਲਜ਼ਮ ਥਾਣੇਦਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਨੌਰੰਗ ਕੇ ਲੇਲੀ ਦੇ ਇਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਪਸ਼ੂਆਂ ਦੀ ਖ਼ਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੁਹਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਇਕ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਇਕ ਕੇਸ ਦਰਜ ਕੀਤਾ ਗਿਆ ਸੀ।
ਇਸ ਸਬੰਧ ਵਿਚ ਮੁਲਜ਼ਮ ਏਐੱਸਆਈ ਗੁਰਜੀਤ ਸਿੰਘ ਨੇ ਸ਼ਿਕਾਇਤਕਰਤਾ ਨੂੰ ਮਿਲ ਕੇ ਧਮਕੀ ਦਿੱਤੀ ਕਿ ਉਸ ਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤਕਰਤਾ ਅਨੁਸਾਰ ਏਐੱਸਆਈ ਨੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸ ਦੀ ਜ਼ਮਾਨਤ ਲਈ ਰਾਹ ਪੱਧਰਾ ਕਰਨ ਦੇ ਬਦਲੇ 2.5 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਇਹ ਰਕਮ ਸੀਆਈਏ ਸਟਾਫ਼ ਦੇ ਇੰਚਾਰਜ ਮੋਹਿਤ ਧਵਨ ਨੂੰ ਦਿੱਤੀ ਜਾਣੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਇਹ ਸੌਦਾ ਆਖ਼ਰਕਾਰ 2.3 ਲੱਖ ਰੁਪਏ ਵਿਚ ਤੈਅ ਹੋਇਆ। ਇਸ ਤਹਿਤ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਪਹਿਲੀ ਕਿਸ਼ਤ ਵਜੋਂ ਇਕ ਲੱਖ ਰੁਪਏ ਰਿਸ਼ਵਤ ਦੀ ਰਕਮ ਪਹਿਲਾਂ ਹੀ ਦੇ ਦਿੱਤੀ ਸੀ ਪਰ ਬਾਅਦ ਵਿਚ ਰਿਸ਼ਵਤ ਦੀ ਬਕਾਇਆ ਰਾਸ਼ੀ ਦੇਣ ਤੋਂ ਇਨਕਾਰ ਕਰਦਿਆਂ, ਸ਼ਿਕਾਇਤਕਰਤਾ ਨੇ ਇਸ ਦੀ ਇਤਲਾਹ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੁਹਾਲੀ ਕੋਲ ਕੀਤੀ।
ਵਿਜੀਲੈਂਸ ਨੇ ਜਾਲ ਵਿਛਾ ਕੇ ਦਬੋਚਿਆ : ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ। ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੁਲਜ਼ਮ ਏਐੱਸਆਈ ਗੁਰਜੀਤ ਸਿੰਘ ਨੂੰ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ 1,30,000 ਰੁਪਏ ਲੈਂਦਿਆਂ ਮੌਕੇ 'ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ।