ਸਤਵਿੰਦਰ ਸਿੰਘ ਧੜਾਕ, ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਮੋਹਾਲੀ ਹਲਕੇ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇੱਕ ਬਿਆਨ ਰਾਹੀਂ ਆਖਿਆ ਹੈ ਕਿ ਮੋਹਾਲੀ ਹਲਕੇ ਵਿਚ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਬਿਲਡਰਾਂ ਵੱਲੋਂ ਬਹੁਤ ਵੱਡੇ ਪੱਧਰ 'ਤੇ ਸ਼ਾਮਲਾਟ ਦੀਆਂ ਜ਼ਮੀਨਾਂ 'ਤੇ ਕਬਜ਼ੇ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਟਵਿੱਟਰ 'ਤੇ ਗੱਲ ਆਖੀ ਗਈ ਸੀ ਕਿ 'ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ'। ਉਨ੍ਹਾਂ ਕਿਹਾ ਕਿ ਇਸ ਦੇ ਤਹਿਤ ਮੁੱਖ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਉੱਤੇ ਕਬਜ਼ੇ ਛੱਡਣ ਲਈ ਲੋਕਾਂ ਨੂੰ ਕਿਹਾ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਕਬਜ਼ਾਕਾਰਾਂ ਦੇ ਖ਼ਿਲਾਫ ਪਰਚਿਆਂ ਦੇ ਨਾਲ-ਨਾਲ ਜਦੋਂ ਤੋਂ ਜ਼ਮੀਨ 'ਤੇ ਕਬਜ਼ੇ ਹਨ ਉਸ ਸਮੇਂ ਤੋਂ ਖ਼ਰਚੇ ਲੈਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮੋਹਾਲੀ ਹਲਕੇ ਵਿੱਚ ਜਿਹੜੇ ਕਾਂਗਰਸੀ ਤੇ ਆਮ ਆਦਮੀ ਪਾਰਟੀ ਦੇ ਬਿਲਡਰਾਂ ਅਤੇ ਕਾਲੋਨਾਈਜ਼ਰਾਂ ਨੇ ਸ਼ਾਮਲਾਟ ਦੀਆਂ ਜ਼ਮੀਨਾਂ ਉੱਤੇ ਕਬਜ਼ੇ ਕੀਤੇ ਹੋਏ ਹਨ, ਉਹ ਹਾਲੇ ਤਕ ਇਸੇ ਤਰ੍ਹਾਂ ਬਦਸਤੂਰ ਜਾਰੀ ਹਨ ਅਤੇ ਮੁੱਖ ਮੰਤਰੀ ਇਹ ਦੱਸਣ ਕਿ ਉਨ੍ਹਾਂ ਨੂੰ ਕੌਣ ਖਾਲੀ ਕਰਵਾਏਗਾ ?

ਉਨ੍ਹਾਂ ਕਿਸੇ ਦਾ ਨਾਂ ਲਏ ਬਗੈਰ ਕਿਹਾ ਕਿ ਮੋਹਾਲੀ ਹਲਕੇ ਦੇ ਕਈ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਅਜਿਹੇ ਆਗੂਆਂ ਦੀਆਂ ਕੰਪਨੀਆਂ ਦੇ ਕਬਜ਼ੇ ਹੇਠ ਹਨ, ਜਿਨ੍ਹਾਂ ਦੇ ਉਨ੍ਹਾਂ ਕੋਲ ਬਕਾਇਦਾ ਸਬੂਤ ਹਨ।

ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੀ ਇਹ ਕਬਜ਼ੇ ਦੂਰ ਨਾ ਕਰਵਾਏ ਤਾਂ ਉਹ ਇਨ੍ਹਾਂ ਬਿਲਡਰਾਂ ਤੇ ਕਾਲੋਨਾਈਜ਼ਰਾਂ ਦੇ ਨਾਮ ਨਸ਼ਰ ਕਰਦੇ ਹੋਏ ਇਨ੍ਹਾਂ ਦੇ ਕਬਜ਼ੇ ਹੇਠਲੀਆਂ ਜ਼ਮੀਨਾਂ ਦੇ ਵੇਰਵਿਆਂ ਦੇ ਵੀ ਖੁਲਾਸੇ ਕਰਨਗੇ ਅਤੇ ਲੋੜ ਪਈ ਤਾਂ ਇਸ ਸਬੰਧੀ ਕਾਨੂੰਨੀ ਰਾਇ ਹਾਸਿਲ ਕਰਕੇ ਕਾਨੂੰਨੀ ਚਾਰਾਜੋਈ ਵੀ ਕੀਤੀ ਜਾਵੇਗੀ।

Posted By: Ramanjit Kaur