ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ 'ਚ ਜਲਦ ਹੀ 20 ਹੋਰ ਆਮ ਆਦਮੀ ਕਲਿਨਿਕਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਦੋ ਆਮ ਆਦਮੀ ਕਲੀਨਿਕ ਪਹਿਲਾਂ ਹੀ ਸਫਲਤਾ ਪੂਰਵਕ ਚੱਲ ਰਹੇ ਹਨ ਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 20 ਹੋਰ ਆਮ ਆਦਮੀ ਕਲੀਨਿਕ ਜਲਦ ਹੀ ਸ਼ੁਰੂ ਕੀਤੇ ਜਾ ਰਹੇ ਹਨ। ਇਹ ਆਮ ਆਦਮੀ ਕਲੀਨਿਕ ਜ਼ਿਲ੍ਹੇ ਵਿੱਚ ਚੱਲ ਰਹੇ ਮੁਢਲੇ ਸਿਹਤ ਕੇਂਦਰਾਂ ਨੂੰ ਅਪਗਰੇਡ ਕਰਕੇ ਖੋਲ੍ਹੇ ਜਾ ਰਹੇ ਹਨ। ਇਸ ਸਬੰਧੀ ਉਨਾਂ੍ਹ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਆਮ ਆਦਮੀ ਕਲੀਨਿਕਾਂ ਦੇ ਸਮੁੱਚੇ ਕੰਮ ਨੂੰ 31 ਦਸੰਬਰ 2022 ਤੱਕ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਸਬੰਧੀ ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਬਿਮਾਰੀਆਂ ਦੀ ਜਾਂਚ, ਕਲੀਨੀਕਲ ਟੈਸਟ ਅਤੇ ਵੱਖ-ਵੱਖ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਇਹ ਸਾਰੀਆਂ ਸੇਵਾਵਾਂ ਬਿਲਕੁੱਲ ਮੁਫਤ ਉਪਲੱਬਧ ਹੋਣਗੀਆਂ। ਉਨਾਂ੍ਹ ਕਿਹਾ ਕਿ ਇਨਾਂ੍ਹ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 22 ਹੋ ਜਾਵੇਗੀ ਅਤੇ ਲੋਕਾਂ ਨੂੰ ਉਨਾਂ੍ਹ ਦੇ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਦਾ ਇਹ ਉਪਰਾਲਾ ਬਹੁਤ ਸ਼ਲਾਘਾਯੋਗ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲੇਗਾ। ਉਨਾਂ੍ਹ ਦੱਸਿਆ ਕਿ ਜ਼ਿਲ੍ਹੇ 'ਚ ਨਵੇਂ ਸ਼ੁਰੂ ਕੀਤੇ ਜਾ ਰਹੇ 20 ਆਮ ਆਦਮੀ ਕਲੀਨਿਕਾਂ ਵਿਚ 17 ਆਮ ਆਦਮੀ ਕਲੀਨਿਕ ਪੇਂਡੂ ਖੇਤਰਾਂ ਵਿੱਚ ਸ਼ੁਰੂ ਕੀਤੇ ਜਾਣਗੇ ਅਤੇ 3 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਭੁਪਿੰਦਰਜੀਤ ਕੌਰ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਲੰਬੀ, ਡਾ. ਦੀਪਕ ਰਾਏ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀਐਚਸੀ ਦੋਦਾ, ਡਾ. ਜਤਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀਐਚਸੀ ਚੱਕ ਸ਼ੇਰੇਵਾਲਾ, ਸੁਖਮੰਦਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਦੀਪਕ ਕੁਮਾਰ ਡੀਪੀਐਮ ਐਨਐਚਐਮ, ਮਿਸ ਸ਼ਾਲੂ ਰਾਣੀ ਆਰਬੀਐਸਕੇ ਕੋਆਰਡੀਨੇਟਰ, ਪ੍ਰਭਜੀਤ ਸਿੰਘ ਅਕਾਂਊਟੈਂਟ ਐਨਐਚਐਮ ਹਾਜ਼ਰ ਸਨ।