10 ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਵਿਅਕਤੀ ਕਾਬੂ
10 ਚੋਰੀ ਦੇ ਮੋਟਰਸਾਈਕਲਾਂ ਸਮੇਤ 4 ਵਿਅਕਤੀ ਕਾਬੂ
Publish Date: Thu, 18 Jun 2026 07:18 PM (IST)
Updated Date: Thu, 18 Jun 2026 07:21 PM (IST)

- ਸ਼ਰਾਰਤੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਲਗਾਤਾਰ ਕਾਰਵਾਈ ਜਾਰੀ ਭੰਵਰਾ/ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ’ਚ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਹਾਸਲ ਹੋਈ ਹੈ। ਐਸਪੀ (ਡੀ) ਮਨਮੀਤ ਸਿੰਘ ਢਿੱਲੋਂ ਅਤੇ ਡੀਐਸਪੀ ਬਚਨ ਸਿੰਘ ਦੀ ਨਿਗਰਾਨੀ ਹੇਠ ਐਸਆਈ ਗੁਰਦੀਪ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਸਮੇਤ ਪੁਲਿਸ ਪਾਰਟੀ ਵੱਲੋਂ 04 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 10 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ। ਪੁਲਿਸ ਨੂੰ ਪ੍ਰਾਪਤ ਹੋਈ ਖੁਫੀਆ ਸੂਚਨਾ ਦੇ ਆਧਾਰ ਤੇ ਮੁਕੱਦਮਾ ਨੰਬਰ 85 ਮਿਤੀ 16.06.2026 ਅਧੀਨ ਧਾਰਾ 303(2) ਬੀਐਨਐਸ ਥਾਣਾ ਬਰੀਵਾਲਾ ਵਿਖੇ ਦਰਜ ਕੀਤਾ ਗਿਆ। ਕਾਰਵਾਈ ਦੌਰਾਨ ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਹਰੀਕੇ ਕਲਾ, ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਵਾਸੀ ਹਰੀਕੇ ਕਲਾਂ, ਗੁਰਪਿੰਦਰ ਸਿੰਘ ਪੁੱਤਰ ਜਗਸੀਰ ਸਿੰਘ, ਵਾਸੀ ਹਰੀਕੇ ਕਲਾਂ ਅਤੇ ਮਨਦੀਪ ਸਿੰਘ ਉਰਫ਼ ਹੈਰੀ ਪੁੱਤਰ ਦਰਸ਼ਨ ਸਿੰਘ, ਵਾਸੀ ਹਰੀਕੇ ਕਲਾਂ ਨੂੰ ਕਾਬੂ ਕੀਤਾ ਗਿਆ। ਗ੍ਰਿਫ਼ਤਾਰੀ ਸਮੇਂ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਹੋਏ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਹੋਰ 8 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ। ਇਸ ਤਰ੍ਹਾਂ ਕੁੱਲ 10 ਮੋਟਰਸਾਈਕਲ ਬਰਾਮਦ ਕਰਨ ’ਚ ਪੁਲਿਸ ਨੂੰ ਸਫਲਤਾ ਮਿਲੀ ਹੈ। ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਉਹ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਦੇ ਪਿੰਡਾਂ ਅਤੇ ਕਸਬਿਆਂ ਤੋਂ ਮੋਟਰਸਾਈਕਲ ਚੋਰੀ ਕਰਕੇ ਇੱਕ ਥਾਂ ਇਕੱਠੇ ਕਰਦੇ ਸਨ ਅਤੇ ਬਾਅਦ ’ਚ ਉਨ੍ਹਾਂ ਨੂੰ ਵੇਚ ਦਿੰਦੇ ਸਨ। ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਮਾਮਲੇ ਦੀ ਤਫ਼ਤੀਸ਼ ਜਾਰੀ ਹੈ ਅਤੇ ਹੋਰ ਅਹਿਮ ਖੁਲਾਸਿਆਂ ਦੀ ਸੰਭਾਵਨਾ ਹੈ। ਸੀਨੀਅਰ ਕਪਤਾਨ ਪੁਲਿਸ ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ’ਚ ਅਪਰਾਧਿਕ ਗਤੀਵਿਧੀਆਂ, ਵਾਹਨ ਚੋਰੀ, ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।