ਗੁਰੂ ਅੰਗਦ ਦੇਵ ਜੀ ਦਾ 522ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਸਰਾਏਨਾਗਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ 522ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Publish Date: Sun, 29 Mar 2026 03:34 PM (IST)
Updated Date: Sun, 29 Mar 2026 03:35 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਬਰੀਵਾਲਾ : ਸ੍ਰੀ ਗੁਰੂ ਅੰਗਦ ਦੇਵ ਜੀ ਦੇ 522ਵੇਂ ਪਾਵਨ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ਗ੍ਰਾਮ ਪੰਚਾਇਤ, ਸਮੂਹ ਨਗਰ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੇ ਪਹਿਲੇ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਬਾਬਾ ਜੀਵਾ ਸਿੰਘ ਜੀ (ਕਥਾ ਵਾਚਕ) ਨੇ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ਬਾਰੇ ਵਿਸਥਾਰਪੂਰਵਕ ਕਥਾ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦਾ ਗੁਰਮੁਖੀ ਲਿੱਪੀ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਹੈ ਅਤੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਸੱਚ ਤੇ ਕਿਰਤ ਦੇ ਮਾਰਗ ਨੂੰ ਅੱਗੇ ਵਧਾਇਆ। ਗਿਆਨੀ ਗੁਰਕੀਰਤ ਸਿੰਘ ਐਮ.ਏ. (ਕਵੀਸ਼ਰ) ਨੇ ਜੋਸ਼ੀਲੇ ਕਵੀਸ਼ਰੀ ਜਥੇ ਰਾਹੀਂ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤ ਨੂੰ ਪਖੰਡਵਾਦ ਤੇ ਭਰਮਾਂ ਤੋਂ ਦੂਰ ਰਹਿ ਕੇ ਗੁਰੂ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਕਥਾਵਾਚਕਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਗੁਰੂ ਸਾਹਿਬ ਦੇ ਉਪਦੇਸ਼ਾਂ ਤੇ ਚੱਲਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਬਾਣੇ ਅਤੇ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਹੋਣ ਦਾ ਸੱਦਾ ਦਿੱਤਾ। ਹਮੇਸ਼ਾ ਸੱਚ ਦਾ ਸਾਥ ਦੇਣ ਅਤੇ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਬਾਬਾ ਜਰਮਨਜੀਤ ਸਿੰਘ ਅਤੇ ਬਾਬਾ ਹਰਦੀਪ ਸਿੰਘ ਵੱਲੋਂ ਪਹੁੰਚੇ ਹੋਏ ਰਾਗੀ-ਢਾਡੀ ਅਤੇ ਕਵੀਸ਼ਰੀ ਜਥਿਆਂ ਦਾ ਸਿਰਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।