- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਦਿਖਾਈ ਦਸਤਾਵੇਜ਼ੀ ਫਿਲਮ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਭਰ ’ਚ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥਾਂਦੇਵਾਲਾ ਦੀ ਬਸਤੀ ਦਸਮੇਸ਼ ਨਗਰ, ਬਸਤੀ ਮੱਲ ਸਿੰਘ ਅਤੇ ਪਿੰਡ ਥਾਂਦੇਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਅਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਗਈ ਅਤੇ ਵੱਡੀ ਗਿਣਤੀ ’ਚ ਲੋਕਾਂ ਨੇ ਇਹ ਦਸਤਾਵੇਜ਼ੀ ਫਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਪ੍ਰਭੂ ਭਗਤੀ, ਮਨੁੱਖਤਾ, ਮਿਹਨਤ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। 30 ਮਿੰਟ ਦੀ ਇਸ ਦਸਤਾਵੇਜ਼ੀ ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਹਨਾਂ ਦੇ ਵਿਲੱਖਣ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਅਤੇ ਸਰਲ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੇ ਦਰਸ਼ਕਾਂ ’ਤੇ ਡੂੰਘਾ ਪ੍ਰਭਾਵ ਛੱਡਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਆਮ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਫਿਲਮਾਂ ਦਾ ਪ੍ਰਦਰਸ਼ਨ ਸਮੇਂ ਦੀ ਅਹਿਮ ਲੋੜ ਹੈ। ਉਹਨਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜ ਸਕਣਗੇ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਵੀ ਹੋਰ ਮਜ਼ਬੂਤੀ ਮਿਲੇਗੀ।