ਪਵਨ ਸਿੰਘ, ਲੰਬੀ (ਸ੍ਰੀ ਮੁਕਤਸਰ ਸਾਹਿਬ) : ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਅੱਗੇ ਦਿੱਤੇ ਜਾ ਰਹੇ ਧਰਨੇ ਦੌਰਾਨ ਜ਼ਹਿਰ ਨਿਗਲਣ ਵਾਲੇ ਜ਼ਿਲ੍ਹਾ ਮਾਨਸਾ ਦੇ ਪਿੰਡ ਅੱਕਾਂਵਾਲੀ ਦੇ ਕਿਸਾਨ ਪ੍ਰੀਤਮ ਸਿੰਘ (65) ਦੀ ਦੇਰ ਸ਼ਾਮ ਬਠਿੰਡਾ ਦੇ ਮੈਕਸ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਕਾਫੀ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ 'ਤੇ ਸੀ ਤੇ ਉਸ ਦੇ ਸਾਥੀ ਦੱਸਦੇ ਹਨ ਕਿ ਪ੍ਰੀਤਮ ਸਿੰਘ ਰਾਤ ਭਰ ਸੁੱਤਾ ਨਹੀਂ ਤੇ ਕਾਫੀ ਪਰੇਸ਼ਾਨ ਸੀ।

ਅੱਜ ਦਿਨ ਚੜ੍ਹਦਿਆਂ ਹੀ ਪ੍ਰੀਤਮ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਬਾਦਲ ਪਿੰਡ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਉਸ ਦਾ ਮੈਕਸ ਹਸਪਤਾਲ ਬਠਿੰਡਾ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਿਸਾਨ ਪ੍ਰੀਤਮ ਸਿੰਘ ਤਿੰਨ ਭਰਾ ਹਨ ਤੇ 6 ਏਕੜ ਜ਼ਮੀਨ ਨਾਲ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਉਧਰ ਕਿਸਾਨ ਦੇ ਮਾਨਸਾ ਜ਼ਿਲ੍ਹੇ ਵਿਚਲੇ ਪਿੰਡ ਅੱਕਾਵਾਲੀ ਵਿਖੇ ਪਰਿਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬਹੁਤ ਮਾੜਾ ਹਾਲ ਹੋ ਗਿਆ ਹੈ ਤੇ ਕਿਸਾਨ ਜਥੇਬੰਦੀ ਦੇ ਆਗੂ ਇਕੱਠੇ ਹੋਣ ਲੱਗੇ ਹਨ।

Posted By: Amita Verma