ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 03 Jan 2026 05:12 PM (IST)
Updated Date: Sat, 03 Jan 2026 05:14 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ :ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਗਿੱਦੜਬਾਹਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਅ ਗਿਆ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਅਤੇ ਗਲੀਆਂ ’ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਰਤਿਆ। ਨਗਰ ਕੀਰਤਨ ਦੌਰਾਨ ਸੁੰਦਰ ਪਾਲਕੀ ਸਾਹਿਬ ’ਚ ਸਸ਼ੋਭਿਤ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੰਗਤਾਂ ਨਤਮਸਤਕ ਹੋਈਆਂ। ਨਗਰ ਕੀਰਤਨ ’ਚ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ ਸੰਗਤਾਂ ਵੱਲੋਂ ਸਤਿਨਾਮ ਵਹਿਗੁਰੂ ਦਾ ਜਾਪ ਕਰਦੀਆਂ ਪਿੱਛੇ-ਪਿੱਛੇ ਜਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਰਾਗੀ ਜਥੇ ਅਤੇ ਢਾਡੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀ ਵੱਲੋਂ ਵੀ ਗੱਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਨਗਰ ਕੀਰਤਨ ਦੀ ਆਮਦ ਦੀ ਖੁਸ਼ੀ ’ਚ ਸ਼ਹਿਰ ਵਾਸੀਆਂ ਵੱਲੋਂ ਸੰਗਤਾਂ ਲਈ ਜਗ੍ਹਾ ਜਗ੍ਹਾ ਲੰਗਰ ਅਤੇ ਸਵਾਗਤੀ ਗੇਟ ਵੀ ਲਗਾਏ ਗਏ। ਇਸ ਮੌਕੇ ਪੰਜਾਬ ਹੋਮਿਓਪੈਥੀ ਕੌਂਸਲ ਦੇ ਸਾਬਕਾ ਚੇਅਰਮੈਨ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 5 ਜਨਵਰੀ ਦਿਨ ਸੋਮਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਸਵੇਰੇ 9 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ 9 ਵਜੇ ਤੋਂ 11:30 ਵਜੇ ਤੱਕ ਗੁਰਬਾਣੀ ਕੀਰਤਨ ਹੋਵੇਗਾ ਅਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।