ਨਵੇਂ ਸਾਲ ’ਤੇ ਵੱਡੀ ਗਿਣਤੀ ’ਚ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਵਰ੍ਹਦੇ ਮੀਂਹ 'ਚ ਪਵਿੱਤਰ ਸਰੋਵਰ ’ਚ ਕੀਤਾ ਇਸ਼ਨਾਨ
ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਕੀਰਤਨ ਸੁਣਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸਾਰਿਆਂ ਦੀ ਤਰੱਕੀ ਅਤੇ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
Publish Date: Thu, 01 Jan 2026 03:04 PM (IST)
Updated Date: Thu, 01 Jan 2026 03:10 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਕੀਰਤਨ ਸੁਣਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸਾਰਿਆਂ ਦੀ ਤਰੱਕੀ ਅਤੇ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਵਿੱਤਰ ਸਰੋਵਰ ’ਚ ਇਸ਼ਨਾਨ ਵੀ ਕੀਤਾ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਨੇ ਹਾਜ਼ਰ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੰਗਤਾਂ ਲਈ ਗੁਰਦੁਆਰਾ ਸਾਹਿਬ ਦੇ ਅੰਦਰ ਅਤੇ ਬਾਹਰ ਲੰਗਰ ਵੀ ਵਰਤਾਇਆ ਗਿਆ।
ਜਾਣਕਾਰੀ ਅਨੁਸਾਰ, ਮੁਕਤਸਰ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਹੋਰ ਸ਼ਹਿਰਾਂ, ਪਿੰਡਾਂ ਤੋਂ ਸੰਗਤਾਂ ਸਵੇਰੇ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਣੀ ਸ਼ੁਰੂ ਹੋ ਗਈ ਸੀ। ਦੇਰ ਸ਼ਾਮ ਤੱਕ ਸੰਗਤਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚਦੀਆਂ ਰਹੀਆਂ। ਵੱਡੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਲਾਈਨਾਂ ’ਚ ਖੜ੍ਹੀਆਂ ਰਹੀਆਂ। ਹਾਲਾਂਕਿ ਸਵੇਰੇ ਹਲਕੀ ਬੂੰਦਾ-ਬਾਂਦੀ ਅਤੇ ਸੰਘਣੀ ਧੁੰਦ ਸੀ ਅਤੇ ਠੰਢੀ ਹਵਾ ਵੀ ਚੱਲ ਰਹੀ ਸੀ ਪਰ ਬਾਵਜੂਦ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਨਵੇਂ ਸਾਲ ''ਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਮੱਥਾ ਟੇਕਣ ਲਈ ਲਾਈਨਾਂ ਵਿੱਚ ਖੜ੍ਹੇ ਸ਼ਰਧਾਲੂ ਵਾਹਿਗੁਰੂ ਦਾ ਜਾਪ ਕਰਦੇ ਰਹੇ। ਕੀਰਤਨ ਸਮਾਗਮ ਅਰਦਾਸ ਨਾਲ ਸਮਾਪਤ ਹੋਇਆ। ਅਰਦਾਸ ’ਚ ਪਿਛਲੇ ਸਾਲ ਲਈ ਗੁਰੂ ਦਾ ਸ਼ੁਕਰਾਨਾਂ ਕੀਤਾ ਅਤੇ ਨਵੇਂ ਸਾਲ ’ਚ ਸਾਰਿਆਂ ਦੀ ਖੁਸ਼ੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।