ਕਿਸਾਨੀ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਧਰਨਾ 6 ਅਪ੍ਰੈਲ ਨੂੰ : ਕੇਕੇਯੂ
ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 6 ਅਪ੍ਰੈਲ ਨੂੰ ਡੀਸੀ ਦਫਤਰ ਅੱਗੇ ਦਿੱਤਾ ਜਾਵੇਗਾ ਧਰਨਾ : ਐਸਕੇਐਮ
Publish Date: Tue, 31 Mar 2026 06:32 PM (IST)
Updated Date: Tue, 31 Mar 2026 06:34 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸੰਯੁਕਤ ਕਿਸਾਨ ਮੋਰਚਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਜਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜਿਲ੍ਹਾ ਸਕੱਤਰ ਜਥੇਦਾਰ ਗੁਰਭਗਤ ਸਿੰਘ ਭਲਾਈਆਣਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ’ਚ ਹੋਈ। ਇਸ ’ਚ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਟੈਕਸ ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿਲ, ਬੀਜ ਸੋਧ ਬਿਲ, ਕਰਜਾ ਮੁਕਤੀ, ਐਮਐਸਪੀ, ਖੇਤੀ ਨੀਤੀ ਲਾਗੂ ਕਰਵਾਉਣਾ ਅਤੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕੁਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਕੱਟਿਆਂਵਾਲੀ ਦੀ ਮਾਤਾ ਵਿੱਦਿਆ ਕੌਰ ਜੋ ਕਿ ਕੁਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ। ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜਿਲ੍ਹਾ ਪ੍ਰਧਾਨ ਜੱਥੇਦਾਰ ਪੂਰਨ ਸਿੰਘ ਵੱਟੂ, ਬੀਕੇਯੂ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਕੋਟਲੀ ਦਿਉਣ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜੱਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਖੁੱਡੀਆਂ, ਕੌਮੀ ਕਿਸਾਨ ਯੂਨੀਅਨ ਦੇ ਜਿਲਾ ਪ੍ਰੈੱਸ ਸਕੱਤਰ ਜੱਥੇਦਾਰ ਰਜਿੰਦਰ ਸਿੰਘ ਦੂਹੇਵਾਲਾ, ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 6 ਅਪ੍ਰੈਲ ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਅੱਗੇ 11 ਵਜੇ ਤੋਂ 2 ਵਜੇ ਤੱਕ ਅੱਗੇ ਧਰਨਾ ਦੇ ਕੇ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਜੱਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਹਰਪ੍ਰੀਤ ਸਿੰਘ ਗੋਨਿਆਣਾ, ਅਜੈਬ ਸਿੰਘ ਮੱਲਣ, ਅੰਮ੍ਰਿਤਪਾਲ ਸਿੰਘ ਗੋਨੇਆਣਾ, ਜੱਜ ਸਿੰਘ ਮੁਕਤਸਰ ਸਾਹਿਬ ਆਦਿ ਆਗੂ ਹਾਜ਼ਰ ਸਨ।