- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ’ਚ ਚਲਾਈ ਜਾ ਰਹੀ ਹੈ ਪ੍ਰਚਾਰ ਵੈਨ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਅਤੇ ਢਾਣੀ ਵੀਰ ਸਿੰਘ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ’ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਚਾਰ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਜਾਤ-ਪਾਤ ਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਆਧਾਰਿਤ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਦਸਤਾਵੇਜ਼ੀ ਫਿਲਮ ਦਿਖਾਈ ਗਈ। ਦਸਤਾਵੇਜ਼ੀ ਫਿਲਮ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੰਗਤਾਂ ਨੇ ਡਾਕੂਮੈਂਟਰੀ ਸ਼ੋਅ ਨੂੰ ਬੜੀ ਸ਼ਰਧਾ ਅਤੇ ਰੁਚੀ ਨਾਲ ਦੇਖਿਆ। ਇਸ ਮੌਕੇ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ, ਭਾਈਚਾਰੇ, ਸਦਭਾਵਨਾ ਅਤੇ ਮਨੁੱਖੀ ਏਕਤਾ ਦੇ ਆਦਰਸ਼ਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੰਕਲਪ ਲਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਜਾਗਰੂਕਤਾ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।