- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਆਪ ਵਿਧਾਇਕ ਦਾ ਬਿਆਨ ਪੰਥਕ ਪਰੰਪਰਾਵਾਂ ਦਾ ਨਿਰਾਦਰ: ਐਡਵੋਕੇਟ ਧਾਮੀ

ਪੰਜਾਬੀ ਜਾਗਰਣ ਟੀਮ, ਸ੍ਰੀ ਮੁਕਤਸਰ ਸਾਹਿਬ : ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਨੂੰ ਲੈ ਕੇ ਕੀਤੀ ਗਈ ਬਿਆਨਬਾਜ਼ੀ ਪੰਥਕ ਪਰੰਪਰਾਵਾਂ ਦਾ ਨਿਰਾਦਰ ਤੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਣ ਵਾਲੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਖਾਲਸਾ ਮਾਰਚ ’ਚ ਸ਼ਾਮਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਮੀਰੀ ਪੀਰੀ ਖਾਲਸਾ ਮਾਰਚ ਬਾਰੇ ਕੀਤੀ ਟਿੱਪਣੀ ਉਨ੍ਹਾਂ ਦੀ ਈਰਖਾ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਕਰਨੇ ਪੰਥ ਦੀ ਵਿਰਾਸਤ ਹੈ ਅਤੇ ਇੰਜ ਲਗਦਾ ਕਿ ਆਪ ਵਿਧਾਇਕ ਸਿੱਖੀ ਸਿਧਾਂਤ ਅਤੇ ਪਰੰਪਰਾਵਾਂ ਦੀ ਸਮਝ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਜਿਸ ਮੀਰੀ-ਪੀਰੀ ਖ਼ਾਲਸਾ ਮਾਰਚ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਕੋਈ ਸਿਆਸੀ ਰੋਡ ਸ਼ੋਅ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ ਮਾਰਚ ਹੈ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਵੀ ਕੀਤੀ। ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸਿੱਖ ਪਰੰਪਰਾਵਾਂ ਅਤੇ ਗੁਰੂ ਘਰ ਦੀਆਂ ਗੋਲਕਾਂ ਬਾਰੇ ਬੋਲਣ ਵਾਲਿਆਂ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗੁਰੂ ਕੀਆਂ ਗੋਲਕਾਂ ਵਾਲੇ ਹੀ ਹਨ ਜੋ ਕੁਦਰਤੀ ਆਫ਼ਤਾਂ ਸਮੇਂ ਮਨੁੱਖਤਾ ਦਾ ਸਹਾਰਾ ਬਣਦੇ ਹਨ। ਜਦੋਂ ਸਰਕਾਰਾਂ ਵੀ ਬੇਵੱਸ ਸਨ ਤਾਂ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੇ ਸਿੱਖਾਂ ਨੇ ਲੋੜਵੰਦਾਂ ਦੀ ਮਦਦ ਕੀਤੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਸਮੇਂ ਤੋਂ ਬੇਅਬਦੀ ਦੀਆਂ ਵਾਪਰ ਰਹੀਆਂ ਘਟਨਾਵਾਂ ਤੋਂ ਸੁਚੇਤ ਰਹਿਣ ਲਈ ਆਖਦਿਆਂ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ਵਿਖੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਜੋ ਤਾਕਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚਨੌਤੀ ਦੇਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਪਹਿਚਾਣੀਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦੇ ਵਫ਼ਾਦਾਰ ਹੋਈਏ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਮੀਰੀ ਪੀਰੀ ਖਾਲਸਾ ਮਾਰਚ ਦੇ ਮਕਸਦ ਅਤੇ ਸਿੱਖ ਸਿਧਾਂਤਾਂ ਸਬੰਧੀ ਵਿਚਾਰਾਂ ਕੀਤੀਆਂ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ’ਚ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਮੈਂਬਰ ਨਵਤੇਜ ਸਿੰਘ ਕਾਉਣੀ ਨੇ ਨਿਭਾਈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ। ਮੀਰੀ ਪੀਰੀ ਖਾਲਸਾ ਮਾਰਚ ਦਾ ਪਿੰਡ ਭਾਗਸਰ, ਚਿੰਭੜਾਂਵਾਲੀ, ਮਹਾਂਬੱਧਰ, ਚੱਕ ਸ਼ੇਰੇਵਾਲਾ, ਬਾਮ, ਉੜਾਂਗ, ਪੰਨੀਵਾਲਾ, ਮੋਹਲਾਂ, ਰਾਣੀਵਾਲਾ, ਬੋਦੀਵਾਲਾ, ਆਲਮਵਾਲਾ, ਵਿਰਕ ਖੇੜਾ, ਪਿੰਡ ਮਲੋਟ, ਬਠਿੰਡਾ ਚੌਂਕ ਸ਼ਹਿਰ, ਦਾਨੇਵਾਲਾ ਚੌਂਕ, ਘੁਮਿਆਰਾ, ਖੇੜਾ, ਫੱਕਰਸਰ, ਗੁ: ਸਾਹਿਬ ਪਾ: ਦਸਵੀਂ ਥੇਹੜੀ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁ: ਸਾਹਿਬ ਪਾ: ਦਸਵੀਂ ਥੇਹੜੀ (ਸ੍ਰੀ ਮੁਕਤਸਰ ਸਾਹਿਬ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸ਼੍ਰੋਮਣੀ ਕਮੇਟੀ ਮੈਂਬਰ. ਨਵਤੇਜ ਸਿੰਘ ਕਾਉਣੀ, ਅਵਤਾਰ ਸਿੰਘ ਵਣਵਾਲਾ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਗੁਰਪਾਲ ਸਿੰਘ ਗੋਰਾ, ਦਰਸ਼ਨ ਸਿੰਘ ਮੋਠਾਂਵਾਲਾ, ਹਰਤੇਜ ਸਿੰਘ ਭੁੱਲਰ, ਬੀਬੀ ਕਿਰਨਵੀਰ ਕੌਰ, ਤੇਜਾ ਸਿੰਘ ਨੰਦਗੜ੍ਹ, ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ, ਜਗਜੀਤ ਸਿੰਘ ਹਨੀ ਫੱਤਣਵਾਲਾ, ਬਾਬਾ ਮਨਜੀਤ ਸਿੰਘ ਖੂਹ ਸਾਹਿਬ ਵਾਲੇ, ਪਰਮਿੰਦਰ ਸਿੰਘ ਕੋਲਿਆਂਵਾਲੀ, ਬੀਬੀ ਮਨਦੀਪ ਕੌਰ ਸੰਧੂ, ਰਣਜੀਤ ਸਿੰਘ ਮਾਨ, ਸਾਬਕਾ ਮੈਂਬਰ. ਸਰੂਪ ਸਿੰਘ, ਜਥੇਦਾਰ ਹੀਰਾ ਸਿੰਘ, ਪ੍ਰੀਤ ਇੰਦਰ ਸਿੰਘ ਦਿਹਾਤੀ ਪ੍ਰਧਾਨ, ਬਾਬਾ ਮਨਪ੍ਰੀਤ ਸਿੰਘ, ਫੈਡਰੇਸ਼ਨ ਆਗੂ ਸਿਮਰਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ,, ਬਾਬਾ ਸਤਨਾਮ ਸਿੰਘ ਖਾਪੜਖੇੜੀ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਜਥੇਦਾਰ ਸਾਹਿਬ ਦੇ ਨਿੱਜੀ ਸਹਾਇਕ ਗਿਆਨੀ ਬਲਦੇਵ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ ਵੀ ਹਾਜ਼ਰ ਸਨ।